ਨੰਗਲ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਧਾਂਦਲੀ ਦਾ ਖਦਸ਼ਾ
ਨੰਗਲ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਧਾਂਦਲੀ ਦਾ ਖਦਸ਼ਾ
Publish Date: Fri, 22 May 2026 05:27 PM (IST)
Updated Date: Fri, 22 May 2026 05:28 PM (IST)

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਅੱਜ ਭਾਰਤੀ ਜਨਤਾ ਪਾਰਟੀ ਦੇ ਉਪ ਸੂਬਾ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਵੱਲੋਂ ਨੰਗਲ ਦੇ ਵਿੱਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੇ ਵਿੱਚ ਸਰਕਾਰ ਵੱਲੋਂ ਕੀਤੀ ਜਾ ਰਹੀ ਧੰਧਲੀ ਦੇ ਆਰੋਪ ਲਗਾ ਕੇ ਪੰਜਾਬ ਰਾਜ ਚੋਣ ਆਯੋਗ ਚੰਡੀਗੜ੍ਹ ਨੂੰ ਇੱਕ ਪੱਤਰ ਲਿਖਿਆ ਹੈ ਜਿਸ ਦੇ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਸੱਤਾਧਾਰੀ ਦਲ ਆਮ ਆਦਮੀ ਪਾਰਟੀ ਵਿੱਚ ਸਪਸ਼ਟ ਤੌਰ ‘ਤੇ ਘਬਰਾਹਟ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਨੰਗਲ ਨਗਰ ਕੌਂਸਲ, ਜੋ ਪੰਜਾਬ ਦੀਆਂ ‘ਏ’ ਕਲਾਸ ਬਜਟ ਵਾਲੀਆਂ ਨਗਰ ਕੌਂਸਲਾਂ ਵਿੱਚ ਸ਼ਾਮਲ ਹੈ, ਦੇ 19 ਵਾਰਡਾਂ ਵਿੱਚ ਵੱਡੇ ਪੱਧਰ ‘ਤੇ ਕਥਿਤ ਤੌਰ ‘ਤੇ ਜਾਅਲੀ ਵੋਟਾਂ ਬਣਾਈਆਂ ਗਈਆਂ ਹਨ। ਇਸ ਸਬੰਧੀ ਅਖ਼ਬਾਰਾਂ ਅਤੇ ਸ਼ੋਸ਼ਲ ਮੀਡੀਆ ‘ਤੇ ਵੀ ਕਈ ਖ਼ਬਰਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਸਾਡੀ ਵੱਲੋਂ ਸੰਬੰਧਿਤ ਅਧਿਕਾਰੀਆਂ ਨੂੰ ਇਸ ਬਾਰੇ ਜਾਣੂ ਕਰਵਾ ਕੇ ਅਜਿਹੀਆਂ ਜਾਅਲੀ ਵੋਟਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ, ਪਰ ਅਜੇ ਤੱਕ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਡੇ ਪਾਰਟੀ ਕਾਰਕੁਨਾਂ ਵੱਲੋਂ ਕੀਤੀ ਗਈ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਸ਼ਹਿਰ ਦੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਦੀਆਂ ਵੋਟਾਂ ਸ਼ਹਿਰ ਦੇ ਵਾਰਡਾਂ ਵਿੱਚ ਬਣਾਈਆਂ ਗਈਆਂ ਹਨ, ਜਿਸ ਨਾਲ ਚੋਣ ਪ੍ਰਕਿਰਿਆ ਦੀ ਨਿਰਪੱਖਤਾ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਡਾਕਟਰ ਸੁਭਾਸ਼ ਨੇ ਕਿਹਾ ਕਿ ਇਸ ਤੋਂ ਇਲਾਵਾ, ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਚੋਣ ਜਾਬਤਾ ਲਾਗੂ ਹੋਣ ਦੇ ਬਾਵਜੂਦ ਨਗਰ ਕੌਂਸਲ ਵਿੱਚ ਟੈਂਡਰ ਜਾਰੀ ਕੀਤੇ ਜਾ ਰਹੇ ਹਨ ਅਤੇ ਖੋਲ੍ਹੇ ਵੀ ਜਾ ਰਹੇ ਹਨ, ਜੋ ਚੋਣ ਨਿਯਮਾਂ ਦੀ ਸਿੱਧੀ ਉਲੰਘਣਾ ਪ੍ਰਤੀਤ ਹੁੰਦੀ ਹੈ। ਉਨ੍ਹਾਂ ਆਯੋਗ ਤੋਂ ਮੰਗ ਕੀਤੀ ਕੀ ਉਪਰੋਕਤ ਹਾਲਾਤਾਂ ਨੂੰ ਦੇਖਦਿਆਂ ਇਹ ਪ੍ਰਤੀਤ ਹੁੰਦਾ ਹੈ ਕਿ ਸੱਤਾਧਾਰੀ ਦਲ ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ ਨੂੰ ਪ੍ਰਭਾਵਿਤ ਕਰਕੇ ਆਪਣੇ ਹੱਕ ਵਿੱਚ ਕਰਨ ਦਾ ਯਤਨ ਕਰ ਰਹੀ ਹੈ ’ਤੇ ਇਸ ਲਈ ਤੁਹਾਨੂੰ ਨਿਮਰ ਬੇਨਤੀ ਹੈ ਕਿ ਇਸ ਗੰਭੀਰ ਮਾਮਲੇ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਕਿਸੇ ਸੁਤੰਤਰ ਅਤੇ ਵੱਡੀ ਏਜੰਸੀ ਦੀ ਨਿਯੁਕਤੀ ਕਰਨ ਸਬੰਧੀ ਜ਼ਰੂਰੀ ਕਦਮ ਤੁਰੰਤ ਚੁੱਕੇ ਜਾਣ । ਡਾਕਟਰ ਸ਼ਰਮਾ ਨੇ ਮੰਗ ਕੀਤੀ ਕੀ ਆਯੋਗ ਦੀ ਵਿਸ਼ੇਸ਼ ਟੀਮ ਮੌਕੇ ਦਾ ਦੌਰਾ ਕਰਕੇ ਸਥਿਤੀ ਦਾ ਨਿਰੀਖਣ ਕਰੇ ਅਤੇ ਸਮੇਂ ਸਿਰ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਵੱਡੇ ਵਿਵਾਦ ਦੀ ਸਥਿਤੀ ਪੈਦਾ ਨਾ ਹੋਵੇ।