ਨੰਗਲ 'ਚ ਭਾਜਪਾ ਦੀ 'ਪੋਲ ਖੋਲ੍ਹ ਰੈਲੀ' ਦੌਰਾਨ ਡਾ. ਸੁਭਾਸ਼ ਸ਼ਰਮਾ ਨੇ ਸੂਬਾ ਸਰਕਾਰ 'ਤੇ ਸਾਧੇ ਤਿੱਖੇ ਨਿਸ਼ਾਨੇ
ਨੰਗਲ 'ਚ ਭਾਜਪਾ ਦੀ 'ਪੋਲ ਖੋਲ੍ਹ ਰੈਲੀ' ਦੌਰਾਨ ਡਾ. ਸੁਭਾਸ਼ ਸ਼ਰਮਾ ਨੇ ਸੂਬਾ ਸਰਕਾਰ 'ਤੇ ਸਾਧੇ ਤਿੱਖੇ ਨਿਸ਼ਾਨੇ
Publish Date: Sun, 10 May 2026 05:08 PM (IST)
Updated Date: Mon, 11 May 2026 04:03 AM (IST)

ਭ੍ਰਿਸ਼ਟਾਚਾਰ ਅਤੇ ਮਾਈਨਿੰਗ ਮਾਫੀਆ ਦੇ ਮੁੱਦੇ ਤੇ ਸਰਕਾਰ ਨੂੰ ਘੇਰਿਆ, ਕਿਹਾ ਜਨਤਾ ਦੀ ਕਮਾਈ ਲੁੱਟਣ ਵਾਲੇ ਬਖ਼ਸ਼ੇ ਨਹੀਂ ਜਾਣਗੇ ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਨੰਗਲ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਸੂਬਾ ਸਰਕਾਰ ਦੀਆਂ ਕਥਿਤ ਨਾਕਾਮੀਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਪੋਲ ਖੋਲ੍ਹ ਰੈਲੀ ਆਯੋਜਿਤ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਪੂਰੀ ਤਰ੍ਹਾਂ ਘਬਰਾਈ ਹੋਈ ਹੈ ਅਤੇ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਭਾਜਪਾ ਵਿਰੁੱਧ ਗੁੰਮਰਾਹਕੁੰਨ ਬਿਆਨਬਾਜ਼ੀ ਕਰ ਰਹੀ ਹੈ। ਡਾ. ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਧਮਾਕਿਆਂ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨਾਂ ਨੂੰ ਪਾਕਿਸਤਾਨੀ ਮੀਡੀਆ ਹਥਿਆਰ ਵਜੋਂ ਵਰਤ ਰਿਹਾ ਹੈ। ਉਨ੍ਹਾਂ ਕਿਹਾ, ਜੋ ਭਾਸ਼ਾ ਆਈ.ਐਸ.ਆਈ. ਅਤੇ ਪਾਕਿਸਤਾਨ ਵਰਤਦੇ ਹਨ, ਉਹੀ ਸਾਡੇ ਮੁੱਖ ਮੰਤਰੀ ਬੋਲ ਰਹੇ ਹਨ। ਇਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਸਰਕਾਰ ਸਵੇਰੇ ਉੱਠਦੇ ਹੀ ਭਾਜਪਾ ਦਾ ਨਾਮ ਜਪਣਾ ਸ਼ੁਰੂ ਕਰ ਦਿੰਦੀ ਹੈ, ਜੇਕਰ ਇੰਨਾ ਨਾਮ ਰਾਮ ਜੀ ਦਾ ਜਪਿਆ ਹੁੰਦਾ ਤਾਂ ਸ਼ਾਇਦ ਉਨ੍ਹਾਂ ਨੂੰ ਕੋਈ ਸਦਬੁੱਧੀ ਆ ਜਾਂਦੀ। ਨੰਗਲ ਇਲਾਕੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਚੁੱਕਦਿਆਂ ਭਾਜਪਾ ਆਗੂ ਨੇ ਕਿਹਾ ਕਿ ਰੋਜ਼ਾਨਾ ਹਜ਼ਾਰਾਂ ਟਰੱਕ ਮਿੱਟੀ ਪੁੱਟ ਕੇ ਲਿਜਾ ਰਹੇ ਹਨ ਅਤੇ ਗੁੰਡਾ ਪਰਚੀ ਰਾਹੀਂ ਕਰੋੜਾਂ ਰੁਪਏ ਦੀ ਲੁੱਟ ਹੋ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਇਹ ਪੈਸਾ ਸਰਕਾਰੀ ਖ਼ਜ਼ਾਨੇ ਜਾਂ ਨੰਗਲ ਦੇ ਵਿਕਾਸ ਦੀ ਬਜਾਏ ਕਿਹੜੇ ਚਾਚਿਆਂ-ਭਤੀਜਿਆਂ ਦੀਆਂ ਜੇਬਾਂ ਵਿੱਚ ਜਾ ਰਿਹਾ ਹੈ? ਉਨ੍ਹਾਂ ਕਲਸੇੜੇ ਵਰਗੇ ਪਿੰਡਾਂ ਵਿੱਚ ਪਾਣੀ ਦੀ ਕਿੱਲਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਰੋੜਾਂ ਦੀਆਂ ਮਸ਼ਹੂਰੀਆਂ ਕਰਨ ਵਾਲੀ ਸਰਕਾਰ ਕੁਝ ਹਜ਼ਾਰ ਰੁਪਏ ਦਾ ਬਿਜਲੀ ਬਿੱਲ ਨਾ ਭਰਨ ਕਰਕੇ ਲੋਕਾਂ ਨੂੰ ਪਾਣੀ ਤੋਂ ਵਾਂਝਾ ਰੱਖ ਰਹੀ ਹੈ। ਰੈਲੀ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਸਾਰੇ ਕੱਚੇ ਮੁਲਾਜ਼ਮਾਂ, ਪੰਪ ਓਪਰੇਟਰਾਂ, ਸਫਾਈ ਕਰਮਚਾਰੀਆਂ ਅਤੇ ਮਾਲੀਆਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਨੰਗਲ ਦੇ ਵਿਕਾਸ ਲਈ ਐਨ.ਐਫ.ਐਲ. ਦੇ ਵਿਸਤਾਰ ਅਤੇ ਬੀ.ਬੀ.ਐਮ.ਬੀ. ਵਿੱਚ ਪੰਜਾਬ ਕੋਟੇ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਦਾ ਭਰੋਸਾ ਵੀ ਦਿੱਤਾ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਹਾਰ ਦੇ ਡਰੋਂ ਵਾਰਡਾਂ ਦੀ ਰਿਜ਼ਰਵੇਸ਼ਨ ਵਿੱਚ ਹੇਰਾ-ਫੇਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੰਤਰੀਆਂ ਤੇ ਹੋ ਰਹੀਆਂ ਈ.ਡੀ. ਦੀਆਂ ਕਾਰਵਾਈਆਂ ਸਰਕਾਰ ਦੇ ਭ੍ਰਿਸ਼ਟ ਚਿਹਰੇ ਨੂੰ ਨੰਗਾ ਕਰਦੀਆਂ ਹਨ। ਸ਼ਰਮਾ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਨੰਗਲ ਮਿਊਂਸਪੈਲਿਟੀ ਤੇ ਭਗਵਾ ਲਹਿਰਾਏਗਾ ਅਤੇ ਭਾਜਪਾ ਦਾ ਪ੍ਰਧਾਨ ਬਣੇਗਾ। ਰੈਲੀ ਦੇ ਅੰਤ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਧਰਮੀਆਂ ਅਤੇ ਲੁਟੇਰਿਆਂ ਨੂੰ ਸਬਕ ਸਿਖਾਉਣ ਲਈ ਇਕਜੁੱਟ ਹੋਣ। ਇਸ ਮੌਕੇ ਭਾਜਪਾ ਦੇ ਕਈ ਸਥਾਨਕ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ। ਡਾ. ਸੁਭਾਸ਼ ਸ਼ਰਮਾ ਨੇ ਨੰਗਲ ਦੇ ਸਿਆਸੀ ਭਵਿੱਖ ਬਾਰੇ ਵੱਡੀ ਭਵਿੱਖਬਾਣੀ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦਾ ਸੂਪੜਾ ਸਾਫ਼ ਹੋਣਾ ਤੈਅ ਹੈ। ਇਹ ਜਿੰਨੀਆਂ ਮਰਜ਼ੀ ਸ਼ਰਾਰਤਾਂ ਕਰ ਲੈਣ, ਇਹ ਜਿੰਨੀਆਂ ਮਰਜ਼ੀ ਸਾਜ਼ਿਸ਼ਾਂ ਕਰ ਲੈਣ, ਪਰ ਇਸ ਵਾਰ ਨੰਗਲ ਦੀ ਜਨਤਾ ਨੇ ਮਨ ਬਣਾ ਲਿਆ ਹੈ। ਨੰਗਲ ਮਿਊਂਸਪੈਲਿਟੀ ਤੇ ਭਗਵਾ ਲਹਿਰਾਉਣਾ ਹੁਣ ਤੈਅ ਹੈ।