ਈਟੀਟੀ ਬੈਕਲਾਗ ਅਧਿਆਪਕ ਘੇਰਨਗੇ ਸਿੱਖਿਆ ਮੰਤਰੀ ਦੀ ਰਿਹਾਇਸ਼
ਈਟੀਟੀ ਬੈਕਲਾਗ ਅਧਿਆਪਕ ਘੇਰਨਗੇ ਸਿੱਖਿਆ ਮੰਤਰੀ ਦੀ ਰਿਹਾਇਸ਼
Publish Date: Sun, 17 May 2026 06:24 PM (IST)
Updated Date: Mon, 18 May 2026 04:10 AM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਈਟੀਟੀ 5994 ਬੈਕਲਾਗ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਿੱਖਿਆ ਮੰਤਰੀ ਪੰਜਾਬ ਦੀ ਪਿੰਡ ਗੰਭੀਰਪੁਰ ਸਥਿਤ ਨਿੱਜੀ ਰਿਹਾਇਸ਼ ਅੱਗੇ ਅੱਜ ਤੋਂ ਪੱਕਾ ਧਰਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂ ਅਸ਼ੋਕ ਬਾਵਾ, ਮਨਦੀਪ ਫਾਜਿਲਕਾ ਸਮੇਤ ਹੋਰਨਾਂ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਬੇਰੁਜ਼ਗਾਰ ਅਧਿਆਪਕ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਸਾਲ 2021 ਵਿੱਚ ਪਿਛਲੀ ਕਾਂਗਰਸ ਸਰਕਾਰ ਵੱਲੋਂ ਚੋਣ ਜਾਬਤਾ ਲੱਗਣ ਤੋਂ ਕੁਝ ਘੰਟੇ ਪਹਿਲਾਂ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦਾ ਐਲਾਨ ਕੀਤਾ ਗਿਆ ਸੀ। ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹ ਅਸਾਮੀਆਂ ਪਹਿਲ ਦੇ ਆਧਾਰ ’ਤੇ ਭਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਆਪਣੇ ਵਾਅਦੇ ਤੋਂ ਪਿੱਛੇ ਹਟ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 5994 ਅਸਾਮੀਆਂ ਵਿੱਚੋਂ 3000 ਫਰੈਸ਼ ਅਤੇ 2994 ਬੈਕਲਾਗ ਅਸਾਮੀਆਂ ਸਨ। ਪੰਜਾਬ ਸਰਕਾਰ ਵੱਲੋਂ ਅਪ੍ਰੈਲ 2025 ਵਿੱਚ 3000 ਫਰੈਸ਼ ਅਸਾਮੀਆਂ ਵਿੱਚੋਂ 2400 ਅਧਿਆਪਕਾਂ ਨੂੰ ਨਿਯੁਕਤੀ ਦਿੱਤੀ ਜਾ ਚੁੱਕੀ ਹੈ ਪਰ 2994 ਬੈਕਲਾਗ ਅਸਾਮੀਆਂ ਨੂੰ ਡੀ-ਰਿਜ਼ਰਵ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ। ਇਸ ਮਸਲੇ ਨੂੰ ਲੈ ਕੇ ਸਿੱਖਿਆ ਭਵਨ ਮੋਹਾਲੀ ਅੱਗੇ 100 ਦਿਨਾਂ ਤੋਂ ਵੱਧ ਸਮੇਂ ਤੱਕ ਪੱਕਾ ਮੋਰਚਾ ਲਗਾਇਆ ਗਿਆ ਪਰ ਕੋਈ ਨਤੀਜਾ ਨਹੀਂ ਨਿਕਲਿਆ। ਆਗੂਆਂ ਨੇ ਕਿਹਾ ਕਿ ਮਾਮਲਾ ਹਾਈਕੋਰਟ ਵਿੱਚ ਪਹੁੰਚਣ ’ਤੇ 15 ਮਈ 2026 ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ 2994 ਬੈਕਲਾਗ ਅਸਾਮੀਆਂ ਨੂੰ ਡੀ-ਰਿਜਰਵ ਕਰਨ ਦੀ ਬਜਾਏ ‘ਕੈਰੀ ਫਾਰਵਰਡ’ ਕਰਨ ਸਬੰਧੀ ਹਲਫਨਾਮਾ ਪੇਸ਼ ਕੀਤਾ, ਜਿਸ ਨਾਲ ਬੇਰੁਜ਼ਗਾਰ ਅਧਿਆਪਕਾਂ ਵਿੱਚ ਨਿਰਾਸ਼ਾ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ 20 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਜੇਕਰ ਸਰਕਾਰ ਨੇ ਬੈਕਲਾਗ ਅਧਿਆਪਕਾਂ ਦੇ ਹੱਕ ਵਿੱਚ ਕੋਈ ਹਾਂਪੱਖੀ ਫੈਸਲਾ ਜਾਂ ਦਸਤਾਵੇਜ਼ ਪੇਸ਼ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਰਨ ਕੰਬੋਜ, ਕੁਲਵਿੰਦਰ ਸਾਮਾ, ਸੁਰਿੰਦਰ ਅਬੋਹਰ, ਸਰਬਜੀਤ ਮਦਾਨਾ, ਰਾਜ ਕੁਮਾਰ ਅਤੇ ਸਰਬਜੀਤ ਪਿੰਡੀ ਸਮੇਤ ਹੋਰ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ।