ਸ਼ਹੀਦੀ ਦਿਹਾੜੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਘੋਸ਼ਿਤ ਕਰੇ ਸਰਕਾਰ : ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਨੂੰ ਤੁਰੰਤ ਪ੍ਰਭਾਵ ਨਾਲ ਜ਼ਿਲ੍ਹਾ ਬਣਾਉਣ ਦੀ ਸਰਕਾਰ ਤੋਂ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਦਾ ਅਸਲੀ ਵਿਕਾਸ ਉਦੋਂ ਹੀ ਸੰਭਵ ਹੈ ਜਦੋਂ ਇਸ ਇਤਿਹਾਸਕ ਨਗਰੀ ਨੂੰ ਵੱਖਰਾ ਜ਼ਿਲ੍ਹਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਸਬੰਧੀ ਸਰਕਾਰ ਨੂੰ ਕਿਸੇ ਨਾਲ ਵੀ ਉਲਝਣ ਵਿੱਚ ਨਹੀਂ ਪੈਣਾ ਚਾਹੀਦਾ ਸਗੋਂ ਇਲਾਕੇ ਦੀ ਭਲਾਈ ਅਤੇ ਸਮਾਗਮਾਂ ਨੂੰ ਵਧੀਆ ਬਣਾਉਣ ਲਈ ਕੰਮ ਕਰਨਾ ਚਾਹੀਦਾ ਹੈ।
Publish Date: Fri, 21 Nov 2025 11:24 AM (IST)
Updated Date: Fri, 21 Nov 2025 11:26 AM (IST)

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਆਨੰਦਪੁਰ ਸਾਹਿਬ - ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਨੂੰ ਤੁਰੰਤ ਪ੍ਰਭਾਵ ਨਾਲ ਜ਼ਿਲ੍ਹਾ ਬਣਾਉਣ ਦੀ ਸਰਕਾਰ ਤੋਂ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਦਾ ਅਸਲੀ ਵਿਕਾਸ ਉਦੋਂ ਹੀ ਸੰਭਵ ਹੈ ਜਦੋਂ ਇਸ ਇਤਿਹਾਸਕ ਨਗਰੀ ਨੂੰ ਵੱਖਰਾ ਜ਼ਿਲ੍ਹਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਸਬੰਧੀ ਸਰਕਾਰ ਨੂੰ ਕਿਸੇ ਨਾਲ ਵੀ ਉਲਝਣ ਵਿੱਚ ਨਹੀਂ ਪੈਣਾ ਚਾਹੀਦਾ ਸਗੋਂ ਇਲਾਕੇ ਦੀ ਭਲਾਈ ਅਤੇ ਸਮਾਗਮਾਂ ਨੂੰ ਵਧੀਆ ਬਣਾਉਣ ਲਈ ਕੰਮ ਕਰਨਾ ਚਾਹੀਦਾ ਹੈ।
ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਵਿੱਚ ਸਭ ਤੋਂ ਵੱਡਾ ਯੋਗਦਾਨ ਮਰਹੂਮ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੀਤੀਆਂ ਇਤਿਹਾਸਕ ਕੋਸ਼ਿਸ਼ਾਂ ਦਾ ਹੈ, ਜਿਸ ਕਰਕੇ ਹੀ ਅੱਜ ਵੀ ਲੋਕ ਉਨ੍ਹਾਂ ਦੇ ਕੰਮ ਨੂੰ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਵੱਲੋਂ ਕੀਤੇ ਯਤਨਾਂ ਨੇ ਵੀ ਇਸ ਖੇਤਰ ਨੂੰ ਨਵੀਂ ਪਛਾਣ ਦਿੱਤੀ ਅਤੇ ਜਿਸ ਕਿਸੇ ਨੇ ਵੀ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਲਈ ਕੰਮ ਕੀਤਾ, ਲੋਕ ਅੱਜ ਵੀ ਉਨ੍ਹਾਂ ਦੇ ਨਾਂ ਦਾ ਸਤਿਕਾਰ ਨਾਲ ਉਚਾਰਨ ਕਰਦੇ ਹਨ।
ਬਾਬਾ ਬਲਬੀਰ ਸਿੰਘ ਨੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਦੀ ਮਾੜੀ ਦਸ਼ਾ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਇਸ ਸਟੇਡੀਅਮ ਨੂੰ ਤੁਰੰਤ ਸੁਧਾਰ ਕੇ ਇਸ ਇਤਿਹਾਸਕ ਸਟੇਡੀਅਮ ਨੂੰ ਵਧੀਆ ਅੰਤਰਰਾਸ਼ਟਰੀ ਪੱਧਰ ਦਾ ਬਣਾਇਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਨਵੀਂ ਯੂਨੀਵਰਸਿਟੀ ਬਣਾਉਣ ਦੀ ਮੰਗ ਵੀ ਰੱਖੀ ਤਾਂ ਜੋ ਖੇਤਰ ਵਿੱਚ ਉੱਚ ਸਿੱਖਿਆ ਦੇ ਮਜ਼ਬੂਤ ਦਰਵਾਜ਼ੇ ਖੋਲ੍ਹੇ ਜਾ ਸਕਣ। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਬੁਲਾਏ ਜਾਣ ‘ਤੇ ਟਿੱਪਣੀ ਕਰਦੇ ਹੋਏ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਸ ਸੈਸ਼ਨ ਦਾ ਫਾਇਦਾ ਤਾਂ ਹੀ ਹੈ ਜੇਕਰ ਸਰਕਾਰ ਇਸ ਪਵਿੱਤਰ ਨਗਰੀ ਨੂੰ ਜ਼ਿਲ੍ਹਾ ਘੋਸ਼ਿਤ ਕਰਦੀ ਹੈ।
ਕੇਂਦਰੀ ਰੇਲਵੇ ਮੰਤਰੀ ਰਵਨੀਤ ਬਿੱਟੂ ਵੱਲੋਂ ਸ਼ਤਾਬਦੀ ਮੌਕੇ ਦੋ ਨਵੀਆਂ ਟ੍ਰੇਨਾਂ ਚਲਾਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੇਵਲ ਟ੍ਰੇਨਾਂ ਚਲਾਉਣ ਨਾਲ ਵਿਕਾਸ ਨਹੀਂ ਹੋਣਾ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਸੱਚਮੁੱਚ ਕੁਝ ਕਰਨਾ ਚਾਹੁੰਦੀ ਹੈ ਤਾਂ ਸ੍ਰੀ ਆਨੰਦਪੁਰ ਸਾਹਿਬ ਲਈ ਖੁੱਲ੍ਹੇ ਗੱਫੇ ਦੇਵੇ। ਉਨ੍ਹਾਂ ਆਖਿਆ ਕਿ ਕੇਂਦਰ ਨੇ ਹੋਰ ਰਾਜਾਂ ਵਿਚ ਮਨਾਈਆਂ ਸ਼ਤਾਬਦੀਆਂ ‘ਤੇ ਖੁੱਲ੍ਹੀ ਮਾਇਆ ਦਿੱਤੀ ਹੈ, ਉਸੇ ਤਰ੍ਹਾਂ ਸ੍ਰੀ ਆਨੰਦਪੁਰ ਸਾਹਿਬ ਲਈ ਵੀ ਬੇਝਿੱਜਕ ਪੈਸਾ ਜਾਰੀ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ ਵੀ ਨਾਲ ਮੌਜੂਦ ਸਨ।