ਸੂਬੇ ਦੀ ਕਾਨੂੰਨ ਵਿਵਸਥਾ ’ਤੇ ਕੀਤੀ ਚਿੰਤਾ ਪ੍ਰਗਟ
ਸਰਕਾਰ ਦੱਸੇ ਸਾਢੇ ਚਾਰ ਸਾਲ ’ਚ ਕਿੰਨੇ ਕੁ ਨਸ਼ੇ ਹੋਏ ਬੰਦ : ਬਲਰਾਮ ਪਰਾਸ਼ਰ
Publish Date: Tue, 10 Mar 2026 04:50 PM (IST)
Updated Date: Tue, 10 Mar 2026 04:51 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੁੱਖ ਬੁਲਾਰੇ ਬਲਰਾਮ ਪਰਾਸ਼ਰ ਨੇ ਪੰਜਾਬ ਦੀ ਮੌਜੂਦਾ ਸਥਿਤੀ ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਪਰਾਸ਼ਰ ਨੇ ਕਿਹਾ ਕਿ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਮੁੱਖ ਮੰਤਰੀ ਸੂਬੇ ਦੇ ਭਖਦੇ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਚਾਕਰੀ ਅਤੇ ਗੁਣਗਾਨ ਕਰਨ ਵਿਚ ਹੀ ਮਸਤ ਰਹੇ ਹਨ, ਜਿਸ ਦਾ ਖ਼ਾਮਿਆਜ਼ਾ ਅੱਜ ਪੰਜਾਬ ਦੇ ਲੋਕ ਭੁਗਤ ਰਹੇ ਹਨ। ਪੰਜਾਬ ਦੇ ਹਾਲਾਤ ਤੇ ਗੰਭੀਰ ਸਵਾਲ ਕਰਦਿਆਂ ਨੌਜਵਾਨ ਭਾਜਪਾ ਆਗੂ ਨੇ ਕਿਹਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਰਿਹਾ ਅਤੇ ਅੱਜ ਪੰਜਾਬ ਵਿਚ ਕੋਈ ਵੀ ਸੁਰੱਖਿਅਤ ਨਹੀਂ ਹੈ। ਰੋਜ਼ਾਨਾ ਹੋ ਰਹੇ ਕਤਲ, ਸ਼ਰੇਆਮ ਲੁੱਟਾਂ-ਖੋਹਾਂ ਅਤੇ ਗੈਂਗਸਟਰਵਾਦ ਨੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲਿਸ ਪ੍ਰਸ਼ਾਸਨ ਤੇ ਸਰਕਾਰ ਦੀ ਪਕੜ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਉਹਨਾਂ ਭਾਵੁਕ ਹੁੰਦਿਆਂ ਕਿਹਾ ਕਿ ਚਿੱਟੇ (ਨਸ਼ੇ) ਨੇ ਪੰਜਾਬ ਦੇ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ। ਰੋਜ਼ਾਨਾ ਪੰਜਾਬ ਦੇ ਕਿਸੇ ਨਾ ਕਿਸੇ ਪਿੰਡ ਵਿਚ ਨੌਜਵਾਨਾਂ ਦੀਆਂ ਲਾਸ਼ਾਂ ਮਿਲ ਰਹੀਆਂ ਹਨ, ਪਰ ਮੁੱਖ ਮੰਤਰੀ ਅਜੇ ਵੀ ਸਟੇਜਾਂ ਤੇ ਚੁਟਕਲੇ ਸੁਣਾ ਕੇ ਲੋਕਾਂ ਦਾ ਮਜ਼ਾਕ ਉਡਾ ਰਹੇ ਹਨ। ਪਰਾਸ਼ਰ ਨੇ ਕਿਹਾ ਕਿ ਜਨਤਾ ਹੁਣ ਜਾਗ ਚੁੱਕੀ ਹੈ। ਉਹਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਚੁਟਕਲਿਆਂ ਦਾ ਪਟਾਰਾ ਬੰਦ ਕਰਕੇ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣ ਕਿ ਸਾਢੇ ਚਾਰ ਸਾਲਾਂ ਵਿਚ ਕਿੰਨੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਇਆ ਅਤੇ ਕਿੰਨੇ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ? ਉਹਨਾਂ ਕਿਹਾ ਕਿ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਵਾਬ ਦੇਣ ਲਈ ਤਿਆਰ ਬੈਠੇ ਹਨ।