ਸਰਕਾਰਾਂ ਕਾਰਪੋਰੇਟ ਘਰਾਣਿਆਂ ਦੀਆਂ ਬਣੀਆਂ ਰਖਵਾਲੀਆਂ : ਆਰਐਮਪੀਆਈ
ਮਹਿੰਗਾਈ ਨੇ ਤੋੜੀ ਆਮ ਲੋਕਾਂ ਦੀ ਕਮਰ
Publish Date: Sat, 23 May 2026 05:29 PM (IST)
Updated Date: Sat, 23 May 2026 05:31 PM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਸਮੂਹ ਪੰਜਾਬ ਵਿੱਚ ਚਲਾਈ ਜਾ ਰਹੀ “ਲੋਕਾਂ ਕੋਲ ਚਲੋ” ਮੁਹਿੰਮ ਤਹਿਤ ਪਿੰਡ ਦਹੀਰਪੁਰ ਵਿਖੇ ਇੱਕ ਪ੍ਰਭਾਵਸ਼ਾਲੀ ਅਤੇ ਜੋਸ਼ੀਲੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਜਸਵੀਰ ਸਿੰਘ ਕਾਲੇ ਨੇ ਕੀਤੀ, ਜਦਕਿ ਪਾਰਟੀ ਦੇ ਆਗੂ ਕਰਮ ਚੰਦ, ਕਮਲ ਚੰਦ ਅਤੇ ਮੋਹਣ ਸਿੰਘ ਧਮਾਣਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੌਜੂਦਾ ਸਮੇਂ ਵਿੱਚ ਵੱਧ ਰਹੀ ਮਹਿੰਗਾਈ ਅਤੇ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ’ਤੇ ਤਿੱਖੇ ਸ਼ਬਦਾਂ ਵਿੱਚ ਹਮਲਾ ਬੋਲਿਆ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਦੇਸ਼ ਅੰਦਰ ਮਹਿੰਗਾਈ ਰਾਕਟ ਦੀ ਰਫ਼ਤਾਰ ਨਾਲ ਵੱਧ ਰਹੀ ਹੈ ਅਤੇ ਆਮ ਲੋਕਾਂ ਦਾ ਜੀਵਨ ਬਹੁਤ ਮੁਸ਼ਕਿਲ ਹੋ ਚੁੱਕਾ ਹੈ। ਰਸੋਈ ਗੈਸ, ਪੈਟਰੋਲ-ਡੀਜ਼ਲ, ਬਿਜਲੀ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤੂਆਂ ਦੇ ਲਗਾਤਾਰ ਵਧ ਰਹੇ ਭਾਅ ਨੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਦੀ ਆਰਥਿਕ ਹਾਲਤ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਿੱਚ ਲੱਗੀਆਂ ਹੋਈਆਂ ਹਨ। ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਨੀਤੀਆਂ ਪੂਰੀ ਤਰ੍ਹਾਂ ਲੋਕ ਵਿਰੋਧੀ ਸਾਬਤ ਹੋ ਰਹੀਆਂ ਹਨ। ਕਿਸਾਨ, ਮਜ਼ਦੂਰ, ਛੋਟੇ ਦੁਕਾਨਦਾਰ ਅਤੇ ਨੌਜਵਾਨ ਵਰਗ ਬੇਰੁਜ਼ਗਾਰੀ ਅਤੇ ਮਹਿੰਗਾਈ ਦੀ ਡਬਲ ਮਾਰ ਸਹਿਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਉਣ ਵਾਲੀਆਂ ਸਰਕਾਰਾਂ ਹੁਣ ਲੋਕ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਰ ਐਮ ਪੀ ਆਈ ਦੀ “ਲੋਕਾਂ ਕੋਲ ਚਲੋ” ਮੁਹਿੰਮ ਦਾ ਮੁੱਖ ਮਕਸਦ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਸਰਕਾਰਾਂ ਦੀਆਂ ਨੀਤੀਆਂ ਦੀ ਅਸਲੀਅਤ ਤੋਂ ਜਾਣੂ ਕਰਵਾਉਣਾ ਅਤੇ ਲੋਕਾਂ ਨੂੰ ਆਪਣੇ ਹੱਕਾਂ ਲਈ ਇਕੱਠੇ ਹੋਣ ਲਈ ਪ੍ਰੇਰਿਤ ਕਰਨਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਲੋਕ ਇਕਜੁੱਟ ਹੋ ਕੇ ਸੰਘਰਸ਼ ਕਰਨ ਤਾਂ ਮਹਿੰਗਾਈ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਵੱਡੀ ਲਹਿਰ ਖੜ੍ਹੀ ਕੀਤੀ ਜਾ ਸਕਦੀ ਹੈ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨਾ ਹੁਣ ਬਹੁਤ ਔਖਾ ਹੋ ਗਿਆ ਹੈ। ਲੋਕਾਂ ਨੇ ਵੱਧ ਰਹੀ ਮਹਿੰਗਾਈ ’ਤੇ ਚਿੰਤਾ ਜਤਾਉਂਦਿਆਂ ਸਰਕਾਰਾਂ ਤੋਂ ਤੁਰੰਤ ਰਾਹਤ ਦੇਣ ਦੀ ਮੰਗ ਕੀਤੀ। ਅੰਤ ਵਿੱਚ ਜਸਵੀਰ ਸਿੰਘ ਕਾਲੇ ਨੇ ਮੀਟਿੰਗ ਵਿੱਚ ਸ਼ਾਮਲ ਹੋਏ ਸਮੂਹ ਲੋਕਾਂ ਅਤੇ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤਾਂ ਲਈ ਸੰਘਰਸ਼ ਜਾਰੀ ਰੱਖੇਗੀ ਅਤੇ ਪਿੰਡ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।