ਬਲਾਚੌਰ 'ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ: ਅਲਟਰਾ ਸਾਊਂਡ ਸੈਂਟਰਾਂ ਦੀ ਅਚਨਚੇਤ ਚੈਕਿੰਗ, ਲਿੰਗ ਜਾਂਚ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਵੱਲੋਂ ਬਲਾਚੌਰ ਦੇ ਤਿੰਨ ਨਿੱਜੀ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ। ਜਿਸ ਦੌਰਾਨ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਕਿਹਾ ਕਿ ਪੀਸੀਪੀਐਨਡੀਟੀ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।
Publish Date: Thu, 23 Apr 2026 01:31 PM (IST)
Updated Date: Thu, 23 Apr 2026 01:33 PM (IST)

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ - ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਵੱਲੋਂ ਬਲਾਚੌਰ ਦੇ ਤਿੰਨ ਨਿੱਜੀ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ। ਜਿਸ ਦੌਰਾਨ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਕਿਹਾ ਕਿ ਪੀਸੀਪੀਐਨਡੀਟੀ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਜਾਂ ਕਰਵਾਉਣਾ ਗੰਭੀਰ ਅਪਰਾਧ ਹੈ ਅਤੇ ਦੋਸ਼ੀ ਸਾਬਤ ਹੋਣ 'ਤੇ ਘੱਟੋ-ਘੱਟ ਤਿੰਨ ਸਾਲ ਕੈਦ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਐਕਟ ਦਾ ਮੁੱਖ ਉਦੇਸ਼ ਮਾਦਾ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ 'ਤੇ ਰੋਕ ਲਗਾਉਣਾ ਅਤੇ ਮੈਡੀਕਲ ਤਕਨੀਕਾਂ ਦੀ ਗਲਤ ਵਰਤੋਂ ਨੂੰ ਰੋਕਣਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਇਸ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਹਰ ਗਤੀਵਿਧੀ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਸੈਂਟਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੀਸੀਪੀਐਨਡੀਟੀ ਐਕਟ ਦੀਆਂ ਧਾਰਾਵਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕੰਨਿਆ ਭਰੂਣ ਹੱਤਿਆ ਮਨੁੱਖਤਾ 'ਤੇ ਕਾਲਾ ਧੱਬਾ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ, ਸਗੋਂ ਸਮਾਜ ਦੀ ਸੋਚ ਵਿਚ ਵੀ ਵੱਡੇ ਬਦਲਾਅ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਔਰਤਾਂ ਤੋਂ ਬਿਨਾਂ ਸਮਾਜ ਦੀ ਹੋਂਦ ਅਸੰਭਵ ਹੈ। ਉਨ੍ਹਾਂ ਕਿਹਾ ਔਰਤ ਹਰ ਖੇਤਰ ਵਿਚ ਆਪਣਾ ਯੋਗਦਾਨ ਪਾ ਰਹੀ ਹੈ। ਚੈਕਿੰਗ ਦੌਰਾਨ ਕਾਰਜਕਾਰੀ ਪੀਐਨਡੀਟੀ ਕੋਆਰਡੀਨੇਟਰ ਹਰਨੇਕ ਸਿੰਘ ਵੀ ਨਾਲ ਸਨ।