ਅੱਜ ਤੋਂ ਸਰਹੱਦੀ ਇਲਾਕੇ ਰੋਕੇ ਜਾਣ ਲਈ ਤਿਆਰੀਆਂ ਮੁਕੰਮਲ
ਇਕ ਅਪ੍ਰੈਲ ਤੋਂ ਸਰਹੱਦੀ ਇਲਾਕੇ ਰੋਕੇ ਜਾਣ ਲਈ ਜਥੇਬੰਦੀਆਂ ਵੱਲੋਂ ਤਿਆਰੀਆਂ ਮੁਕੰਮਲ
Publish Date: Tue, 31 Mar 2026 04:22 PM (IST)
Updated Date: Tue, 31 Mar 2026 04:25 PM (IST)

ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਹਿਮਾਚਲ ਪ੍ਰਦੇਸ਼ ਵੱਲ ਜਾਣ ਵਾਲੇ ਸਾਰੇ ਮੁੱਖ ਰਸਤੇ 31 ਮਾਰਚ ਦੀ ਅੱਧੀ ਰਾਤ (12 ਵਜੇ) ਤੋਂ ਬੰਦ ਕਰਨ ਦਾ ਵੱਡਾ ਐਲਾਨ ਕਿਸਾਨ ਅਤੇ ਸਮਾਜਿਕ ਆਗੂਆਂ ਵੱਲੋਂ ਕੀਤਾ ਗਿਆ ਹੈ। ਇਹ ਫੈਸਲਾ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਐਂਟਰੀ ਟੈਕਸ ਵਿੱਚ ਕੀਤੇ ਵਾਧੇ ਦੇ ਵਿਰੋਧ ਵਿੱਚ ਲਿਆ ਗਿਆ ਹੈ, ਜਿਸ ਨਾਲ ਆਮ ਲੋਕਾਂ, ਟਰਾਂਸਪੋਰਟਰਾਂ ਅਤੇ ਵਪਾਰੀਆਂ ਵਿੱਚ ਗਹਿਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਗੂ ਗੌਰਵ ਰਾਣਾ, ਹਰਪ੍ਰੀਤ ਸਿੰਘ ਅਤੇ ਕਿਸਾਨ ਆਗੂ ਸੇਠੀ ਸ਼ਰਮਾ ਨੇ ਕਿਹਾ ਕਿ ਸਰਕਾਰ ਦੇ ਨਵੇਂ ਟੈਕਸ ਲੋਕ ਵਿਰੋਧੀ ਹਨ ਅਤੇ ਇਨ੍ਹਾਂ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਟੈਕਸ ਵਾਧੇ ਕਾਰਨ ਵਪਾਰਿਕ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਹਨ ਅਤੇ ਲੋਕਾਂ ਨੂੰ ਵੱਡੇ ਪੱਧਰ ‘ਤੇ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਰਸਤੇ ਬੰਦ ਕਰਨ ਦਾ ਮਕਸਦ ਕਿਸੇ ਨੂੰ ਤਕਲੀਫ਼ ਦੇਣਾ ਨਹੀਂ, ਸਗੋਂ ਸਰਕਾਰ ਦਾ ਧਿਆਨ ਲੋਕਾਂ ਦੀਆਂ ਮੁਸ਼ਕਲਾਂ ਵੱਲ ਖਿੱਚਣਾ ਹੈ। ਉਨ੍ਹਾਂ ਲੋਕਾਂ ਨੂੰ ਇਸ ਅੰਦੋਲਨ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ। ਇਸ ਐਲਾਨ ਤੋਂ ਬਾਅਦ ਹਿਮਾਚਲ ਜਾਣ ਵਾਲੇ ਯਾਤਰੀਆਂ ਅਤੇ ਵਪਾਰ ਨਾਲ ਜੁੜੇ ਵਰਗ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਪ੍ਰਸ਼ਾਸਨ ਵੱਲੋਂ ਵੀ ਸਥਿਤੀ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਤੋਂ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਮਾਨ ਸਿੰਘ ਧੀਮਾਨ ਨੇ ਵੀ ਇਸ ਮਾਮਲੇ ‘ਚ ਹਿਮਾਚਲ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਇਸਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਫੈਸਲਾ ਨਾ ਲਿਆ ਤਾਂ ਉਹ ਪੰਜਾਬ ਦੇ ਲੋਕਾਂ ਨਾਲ ਮਿਲ ਕੇ ਹਿਮਾਚਲ ਦੀਆਂ ਸਰਹੱਦਾਂ ‘ਤੇ ਸ਼ਾਂਤੀਪੂਰਨ ਧਰਨੇ ਦੇਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਇਹ ਫੈਸਲਾ ਲੈਂਦੇ ਸਮੇਂ ਆਮ ਲੋਕਾਂ ਦੀਆਂ ਜ਼ਰੂਰਤਾਂ ਅਤੇ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਇਸ ਨਾਲ ਖਾਸ ਕਰਕੇ ਪੰਜਾਬ ਅਤੇ ਹਿਮਾਚਲ ਵਿਚਕਾਰ ਆਉਣ-ਜਾਣ ਕਰਨ ਵਾਲੇ ਲੋਕਾਂ ਅਤੇ ਵਪਾਰੀਆਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂ ਸੇਠੀ ਸ਼ਰਮਾ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਤੁਰੰਤ ਰੱਦ ਕੀਤਾ ਜਾਵੇ, ਤਾਂ ਜੋ ਦੋਵੇਂ ਸੂਬਿਆਂ ਵਿੱਚ ਤਣਾਅ ਦੀ ਸਥਿਤੀ ਪੈਦਾ ਨਾ ਹੋਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਕੋਈ ਕਦਮ ਨਾ ਚੁੱਕਿਆ ਤਾਂ ਇਸ ਦੇ ਰਾਜਨੀਤਿਕ ਨਤੀਜੇ ਵੀ ਸਾਹਮਣੇ ਆ ਸਕਦੇ ਹਨ। ਇਸ ਮਾਮਲੇ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ ਅਤੇ ਹੁਣ ਸਭ ਦੀਆਂ ਨਜ਼ਰਾਂ ਹਿਮਾਚਲ ਸਰਕਾਰ ਦੇ ਅਗਲੇ ਕਦਮ ‘ਤੇ ਟਿਕੀਆਂ ਹੋਈਆਂ ਹਨ। ਕਾਬਲੇ ਗੌਰ ਹੈ ਕੀ ਹਿਮਾਚਲ ਪ੍ਰਦੇਸ ਦੇ ਐਂਟਰੀ ਟੈਕਸ ਵਾਧੇ ਵਿੱਚ ਸਰਹੱਦੀ ਇਲਾਕਿਆਂ ਦੇ ਨਾਲ ਨਾਲ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦਾ ਵੀ ਸਮਰਥਨ ਮਿਲ ਰਿਹਾ ਹੈ ਆਉਂਣ ਵਾਲੇ ਸਮੇਂ ਵਿੱਚ ਸਰਹੱਦੀ ਇਲਾਕਿਆਂ ਤੇ ਵੱਡਾ ਸੰਘਰਸ਼ ਹੋਣ ਦੀ ਉਮੀਦ ਹੈ।