ਗੈਰ-ਵਿਦਿਅਕ ਡਿਊਟੀਆਂ ਖ਼ਿਲਾਫ਼ ਅਧਿਆਪਕਾਂ ਦਾ ਪ੍ਰਦਰਸ਼ਨ
ਗੈਰ-ਵਿਦਿਅਕ ਡਿਊਟੀਆਂ ਖ਼ਿਲਾਫ਼ ਅਧਿਆਪਕਾਂ ਦਾ ਪ੍ਰਦਰਸ਼ਨ
Publish Date: Tue, 28 Apr 2026 04:27 PM (IST)
Updated Date: Tue, 28 Apr 2026 04:31 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ਼੍ਰੀ ਆਨੰਦਪੁਰ ਸਾਹਿਬ : ਵੱਖ-ਵੱਖ ਗੈਰ-ਵਿਦਿਅਕ ਡਿਊਟੀਆਂ ਤੋਂ ਤੰਗ ਆ ਕੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਵਿੱਚ ਅਧਿਆਪਕਾਂ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਉਨ੍ਹਾਂ ਦੀ ਕੋਠੀ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਧਿਆਪਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਜਤਾਇਆ। ਮੋਰਚੇ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਜਨਗਣਨਾ ਦੌਰਾਨ ਲਗਭਗ 75 ਫੀਸਦੀ ਅਧਿਆਪਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਜਿਸ ਨਾਲ ਸਕੂਲਾਂ ਵਿੱਚ ਪੜ੍ਹਾਈ ’ਤੇ ਦਾਖ਼ਲੇ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਡਰੱਗ ਸੈਂਸਸ ਵਿੱਚ ਵੀ ਅਧਿਆਪਕਾਂ ਨੂੰ ਜ਼ਬਰਦਸਤੀ ਜੋੜਿਆ ਜਾ ਰਿਹਾ ਹੈ, ਜਦਕਿ ਕਈ ਅਧਿਆਪਕ ਪਹਿਲਾਂ ਹੀ ਬੀ.ਐਲ.ਓ ਅਤੇ ਐਸ.ਆਈ.ਆਰ. ਦੇ ਕੰਮਾਂ ਵਿੱਚ ਵਿਅਸਤ ਹਨ। ਆਗੂਆਂ ਨੇ ਦੱਸਿਆ ਕਿ ਸਕੂਲਾਂ ਵਿੱਚ ‘ਮਿਸ਼ਨ ਸਮਰੱਥ’ ਦੇ ਨਾਂ ’ਤੇ ਬੇਲੋੜੀ ਟੈਸਟਿੰਗ ਅਤੇ ਹਰ ਰੋਜ਼ ਗੂਗਲ ਫਾਰਮ ਰਾਹੀਂ ਜਾਣਕਾਰੀ ਮੰਗਣ ਨਾਲ ਅਧਿਆਪਕਾਂ ’ਤੇ ਵਾਧੂ ਬੋਝ ਪੈ ਰਿਹਾ ਹੈ। ਪੜ੍ਹਾਈ ਦੇ ਸਮੇਂ ਸੈਮੀਨਾਰ ਕਰਵਾ ਕੇ ਵੀ ਸਮਾਂ ਬਰਬਾਦ ਕੀਤਾ ਜਾ ਰਿਹਾ ਹੈ। ਕਨਵੀਨਰ ਸੁਖਵਿੰਦਰ ਸਿੰਘ ਚਾਹਲ, ਸਰਿੰਦਰ ਪੂਆਰੀ, ਸੁਰਿੰਦਰ ਕੰਬੋਜ ਆਦਿ ਨੇ ਕਿਹਾ ਕਿ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ, ਨਾ ਹੀ 18 ਫੀਸਦੀ ਮਹਿੰਗਾਈ ਭੱਤਾ ਦਿੱਤਾ ਗਿਆ ਹੈ ਅਤੇ ਨਾ ਹੀ ਨਵੀਆਂ ਭਰਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਹਨ। ਮੌਕੇ ’ਤੇ ਸ੍ਰੀ ਆਨੰਦਪੁਰ ਸਾਹਿਬ ਦੇ ਤਹਿਸੀਲਦਾਰ ਅਤੇ ਐਸ.ਐਚ.ਓ. ਨੇ ਆਗੂਆਂ ਨਾਲ ਗੱਲਬਾਤ ਕਰਕੇ ਜਲਦ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਖ਼ਬਰ ਲਿਖੇ ਜਾਣ ਤੱਕ ਅਧਿਆਪਕ ਧਰਨੇ ’ਤੇ ਡਟੇ ਰਹੇ।