ਮੁੱਖ ਮੰਤਰੀ ਮੁਰਦਾਬਾਦ ਦੇ ਗੂੰਜੇ ਨਾਅਰੇ
ਮੁੱਖ ਮੰਤਰੀ ਮੁਰਦਾਬਾਦ ਦੇ ਗੂੰਜੇ ਨਾਅਰੇ
Publish Date: Wed, 06 May 2026 04:40 PM (IST)
Updated Date: Wed, 06 May 2026 04:41 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ : ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਮੰਤਰੀ ਪੰਜਾਬ ਦੀ ਆਮਦ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਦੇ ਬੋਲਣ ਲਈ ਸਜਾਏ ਗਏ ਪੰਡਾਲ ਤੋਂ ਕੁਝ ਦੂਰੀ ’ਤੇ ਮੁੱਖ ਮੰਤਰੀ ਮੁਰਦਾਬਾਦ ,ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਨੇ ਕਿਹਾ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜਦੋਂ ਵੀ ਮੁੱਖ ਮੰਤਰੀ ਮੈਦਾਨ ਵਿੱਚ ਆਉਣਗੇ, ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰਦੇ ਜ਼ਿਲ੍ਹਾ ਪ੍ਰਧਾਨ ਕਪਿਲ ਮਹਿੰਦਲੀ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਆਊਟਸੋਰਸ ਮੁਲਾਜ਼ਮ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਅੱਜ ਦਾ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕੀਤਾ ਗਿਆ ਅਤੇ ਵਰਕਰਾਂ ਨੇ ਪ੍ਰੋਗਰਾਮ ਸਥਾਨ ਤੋਂ ਲਗਭਗ ਸੌ ਮੀਟਰ ਦੂਰ ਰਹਿ ਕੇ ਨਾਅਰੇਬਾਜ਼ੀ ਕੀਤੀ। ਕੁਝ ਵਰਕਰ ਪੰਡਾਲ ਅੰਦਰ ਵੀ ਪਹੁੰਚੇ ਪਰ ਪੁਲਿਸ ਪ੍ਰਸ਼ਾਸਨ ਨਾਲ ਸਹਿਮਤੀ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਅਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਪੁਲਿਸ ਨੂੰ ਸੌਂਪਿਆ ਗਿਆ। ਇਸ ਮੌਕੇ ਯੂਨੀਅਨ ਆਗੂਆਂ ਗੁਰਜੀਤ ਸਿੰਘ, ਰਘੂਬੀਰ ਸਿੰਘ, ਬੱਗੀ ਕਾਹੀਵਾਲ, ਮੁਨੀਸ਼ ਲਮਲੈਹੜੀ, ਓਮ ਪ੍ਰਕਾਸ਼ ਅਤੇ ਵੀਰੂ ਇੰਦਰਪਾਲ ਹੋਲਗੜ੍ਹ ਆਦਿ ਨੇ ਕਿਹਾ ਕਿ ਜੇਕਰ ਹੁਣ ਵੀ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਅਗਲੀ ਵਾਰ ਮੁੱਖ ਮੰਤਰੀ ਦੇ ਦੌਰੇ ਦੌਰਾਨ ਪਰਿਵਾਰਾਂ ਸਮੇਤ ਵੱਡਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਰੋਜ਼ਗਾਰ ਦੇਣਾ, ਪੰਦਰਵੀਂ ਲੇਬਰ ਕਾਨਫਰੰਸ ਦੇ ਫ਼ੈਸਲੇ ਅਨੁਸਾਰ ਤਨਖਾਹ ਵਾਧਾ, ਘੱਟੋ-ਘੱਟ ਮਜ਼ਦੂਰੀ ਕਾਨੂੰਨ ਲਾਗੂ ਕਰਨਾ, ਰਿਟਾਇਰ ਹੋਣ ਵਾਲੇ ਕੱਚੇ ਕਰਮਚਾਰੀਆਂ ਨੂੰ 50 ਲੱਖ ਰੁਪਏ ਮੁਆਵਜ਼ਾ ਦੇਣਾ ਅਤੇ ਜਲ ਸਪਲਾਈ ਸਕੀਮਾਂ ਦੇ ਨਿੱਜੀਕਰਨ ਤੇ ਪੰਚਾਇਤੀਕਰਨ ਨੂੰ ਰੋਕਣਾ ਸ਼ਾਮਲ ਹਨ। ਯੂਨੀਅਨ ਨੇ ਇਹ ਵੀ ਕਿਹਾ ਕਿ ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਵੀ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਸਰਕਾਰ ਨੂੰ ਜਲਦ ਮੀਟਿੰਗ ਬੁਲਾ ਕੇ ਮੰਗਾਂ ਮਨਜ਼ੂਰ ਕਰਣੀਆਂ ਚਾਹੀਦੀਆਂ ਹਨ।