ਠੇਕਾ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ
ਠੇਕਾ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ
Publish Date: Thu, 07 May 2026 04:59 PM (IST)
Updated Date: Thu, 07 May 2026 04:59 PM (IST)

ਸੁਰਿੰਦਰ ਸੋਨੀ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ: ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ. ਵੱਲੋਂ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਔਲਖ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਨਿੱਜੀਕਰਨ ਦੀ ਨੀਤੀ ਖ਼ਿਲਾਫ਼ ਅਤੇ ਠੇਕਾ ਕਾਮਿਆਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਅੱਗੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਕਾਂ ਵੱਲੋਂ ਕਈ ਵਾਰ ਭਰੋਸੇ ਦੇਣ ਦੇ ਬਾਵਜੂਦ ਵੀ ਠੇਕਾ ਕਾਮਿਆਂ ਨੂੰ ਵਿਭਾਗ ਅਧੀਨ ਲਿਆ ਕੇ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਮੇ ਸਾਲਾਂ ਤੋਂ ਮਹਿਕਮੇ ਵਿੱਚ ਆਊਟਸੋਰਸ ਆਧਾਰ ’ਤੇ ਪੱਕੇ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਕੋਲ ਬਿਜਲੀ ਵਿਭਾਗ ਦੇ ਕੰਮ ਦਾ ਲੰਮਾ ਤਜਰਬਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਅੰਦਰ ਕੰਮ ਦੇ ਬੋਝ ਮੁਤਾਬਕ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ, ਇਸ ਲਈ ਇਨ੍ਹਾਂ ਕਾਮਿਆਂ ਨੂੰ ਵਿਭਾਗ ਅਧੀਨ ਲਿਆ ਕੇ ਰੈਗੂਲਰ ਕੀਤਾ ਜਾਣਾ ਚਾਹੀਦਾ ਹੈ। ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਕਾਂ ਵੱਲੋਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਵੀ ਫ਼ੈਸਲਾ ਕਰਕੇ ਸੰਘਰਸ਼ ਵਿੱਚ ਆਪਣੀ ਸ਼ਮੂਲੀਅਤ ਵਧਾਏਗੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਕਾਰਪੋਰੇਸ਼ਨ ਸਮੇਤ ਹੋਰ ਵਿਭਾਗਾਂ ਦੇ ਨਿੱਜੀਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਦਕਿ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ ਕਾਮੇ ਆਪਣੇ ਰੁਜ਼ਗਾਰ ਨੂੰ ਪੱਕਾ ਕਰਵਾਉਣ ਅਤੇ 15ਵੀਂ ਲੇਬਰ ਕਾਨਫਰੰਸ ਮੁਤਾਬਕ ਗੁਜ਼ਾਰੇ ਯੋਗ ਤਨਖਾਹ ਦੀ ਮੰਗ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਮੰਨਣ ਦੀ ਬਜਾਏ ਮੀਟਿੰਗਾਂ ਦੇ ਭਰੋਸਿਆਂ ਹੇਠ ਟਾਲਮਟੋਲ ਕੀਤੀ ਜਾ ਰਹੀ ਹੈ, ਜਿਸ ਕਾਰਨ ਕਾਮਿਆਂ ਨੂੰ ਸੰਘਰਸ਼ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਠੇਕਾ ਕਾਮੇ ਪਿਛਲੇ ਕੁਝ ਦਿਨਾਂ ਤੋਂ ਮੰਤਰੀਆਂ ਦੇ ਇਲਾਕਿਆਂ ਦੇ ਪਿੰਡਾਂ ਵਿੱਚ ਝੰਡਾ ਮਾਰਚ ਵੀ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੇ ਸੰਘਰਸ਼ ਨੂੰ ਅਣਡਿੱਠਾ ਕਰ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ, ਠੇਕਾ ਕਾਮਿਆਂ ਨੂੰ ਵਿਭਾਗਾਂ ਵਿੱਚ ਸ਼ਾਮਲ ਕਰਕੇ ਰੈਗੂਲਰ ਕੀਤਾ ਜਾਵੇ ਅਤੇ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨਾਲ ਤੁਰੰਤ ਮੀਟਿੰਗ ਕਰਕੇ ਮੰਗਾਂ ਦਾ ਹੱਲ ਕੀਤਾ ਜਾਵੇ।