ਥੈਲੇਸੀਮੀਆ ਪ੍ਰਤੀ ਜਾਗਰੂਕਤਾ ਹੀ ਬਚਾਅ ਦਾ ਸਾਧਨ
ਥੈਲੇਸੀਮੀਆ ਪ੍ਰਤੀ ਜਾਗਰੂਕਤਾ ਹੀ ਬਚਾਅ ਦਾ ਸਭ ਤੋਂ ਵੱਡਾ ਸਾਧਨ
Publish Date: Thu, 07 May 2026 05:47 PM (IST)
Updated Date: Thu, 07 May 2026 05:47 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਵਿਸ਼ਵ ਥੈਲੇਸੀਮੀਆ ਦਿਵਸ ਹਰ ਸਾਲ 8 ਮਈ ਨੂੰ ਮਨਾਇਆ ਜਾਂਦਾ ਹੈ ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਇਸ ਗੰਭੀਰ ਖੂਨ ਸੰਬੰਧੀ ਬਿਮਾਰੀ ਪ੍ਰਤੀ ਜਾਗਰੂਕ ਕਰਨਾ ਅਤੇ ਸਮੇਂ ਸਿਰ ਜਾਂਚ ਲਈ ਪ੍ਰੇਰਿਤ ਕਰਨਾ ਹੈ। ਭਾਈ ਜੈਤਾ ਜੀ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਹਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਥੈਲੇਸੀਮੀਆ ਇੱਕ ਵਿਰਾਸਤੀ ਬਿਮਾਰੀ ਹੈ ਜੋ ਮਾਪਿਆਂ ਤੋਂ ਬੱਚਿਆਂ ਵਿੱਚ ਪਹੁੰਚਦੀ ਹੈ। ਇਸ ਬਿਮਾਰੀ ਨਾਲ ਪੀੜਤ ਬੱਚਿਆਂ ਦੇ ਸ਼ਰੀਰ ਵਿੱਚ ਖੂਨ ਦੀ ਕਮੀ ਰਹਿੰਦੀ ਹੈ ਅਤੇ ਉਨ੍ਹਾਂ ਨੂੰ ਵਾਰ ਵਾਰ ਖੂਨ ਚੜ੍ਹਾਉਣ ਦੀ ਲੋੜ ਪੈਂਦੀ ਹੈ। ਹਰਿੰਦਰ ਸਿੰਘ ਨੇ ਦੱਸਿਆ ਕਿ ਥੈਲੇਸੀਮੀਆ ਦਾ ਇਲਾਜ ਲੰਬੇ ਸਮੇਂ ਤੱਕ ਚੱਲਣ ਵਾਲੀ ਪ੍ਰਕਿਰਿਆ ਹੈ ਜਿਸ ਨਾਲ ਮਰੀਜ਼ ਅਤੇ ਉਸਦੇ ਪਰਿਵਾਰ ਨੂੰ ਆਰਥਿਕ ਅਤੇ ਮਾਨਸਿਕ ਤੌਰ ‘ਤੇ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸਮੇਂ ਸਮੇਂ ‘ਤੇ ਸਿਹਤ ਕੈਂਪ ਅਤੇ ਜਾਂਚ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਵੀ ਲੋਕਾਂ ਨੂੰ ਇਸ ਬਿਮਾਰੀ ਬਾਰੇ ਜਾਣਕਾਰੀ ਦੇਣ ਦੀ ਲੋੜ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਇਸ ਤੋਂ ਬਚਾਇਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਪਰਿਵਾਰ ਵਿੱਚ ਕਿਸੇ ਨੂੰ ਵਾਰ ਵਾਰ ਖੂਨ ਚੜ੍ਹਾਉਣ ਦੀ ਲੋੜ ਪੈਂਦੀ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਲਈ ਜਾਵੇ। ਹਰਿੰਦਰ ਸਿੰਘ ਨੇ ਕਿਹਾ ਕਿ ਖੂਨ ਦਾਨ ਕਰਨ ਵਾਲੇ ਲੋਕ ਥੈਲੇਸੀਮੀਆ ਪੀੜਤ ਬੱਚਿਆਂ ਲਈ ਜੀਵਨ ਦਾਤਾ ਸਾਬਤ ਹੁੰਦੇ ਹਨ ਕਿਉਂਕਿ ਅਜਿਹੇ ਬੱਚਿਆਂ ਨੂੰ ਨਿਯਮਿਤ ਖੂਨ ਦੀ ਲੋੜ ਰਹਿੰਦੀ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਜਾਗਰੂਕਤਾ, ਸਮੇਂ ਸਿਰ ਜਾਂਚ ਅਤੇ ਸਾਵਧਾਨੀ ਨਾਲ ਇਸ ਬਿਮਾਰੀ ਨੂੰ ਕਾਫੀ ਹੱਦ ਤੱਕ ਰੋਕਿਆ ਜਾ ਸਕਦਾ ਹੈ।