ਗਵਰਨਰ ’ਤੇ ਬੀਜੇਪੀ ਦੇ ਪੁਤਲੇ ਫੂਕੇ
ਗਵਰਨਰ ’ਤੇ ਬੀਜੇਪੀ ਦੇ ਪੁਤਲੇ ਫੂਕੇ
Publish Date: Sat, 16 May 2026 04:47 PM (IST)
Updated Date: Sat, 16 May 2026 04:48 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਜਥੇਬੰਦੀਆਂ ਅਤੇ ਹੋਰ ਕਿਸਾਨ ਸੰਸਥਾਵਾਂ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਰੋਸ ਮਾਰਚ ਕਰਕੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਅਤੇ ਬੀਜੇਪੀ ਦੇ ਪੁਤਲੇ ਫੂਕੇ ਗਏ। ਇਹ ਰੋਸ ਪ੍ਰਦਰਸ਼ਨ 15 ਮਈ ਨੂੰ ਚੰਡੀਗੜ੍ਹ ਵਿੱਚ ਗਵਰਨਰ ਹਾਊਸ ਵੱਲ ਮਾਰਚ ਕਰਦੇ ਕਿਸਾਨਾਂ ਉੱਤੇ ਕੀਤੇ ਤਸ਼ੱਦਦ ਦੇ ਵਿਰੋਧ ਵਿੱਚ ਕੀਤਾ ਗਿਆ। ਰੋਸ ਮਾਰਚ ਵਿੱਚ ਕੁੱਲ ਹਿੰਦ ਕਿਸਾਨ ਸਭਾ 1936, ਕੁੱਲ ਹਿੰਦ ਕਿਸਾਨ ਸਭਾ, ਜਮਹੂਰੀ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸਮੇਤ ਹੋਰ ਜਥੇਬੰਦੀਆਂ ਨੇ ਭਾਗ ਲਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਗਵਰਨਰ ਨੂੰ ਪੰਜਾਬ ਨਾਲ ਜੁੜੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਣਾ ਸੀ। ਇਨ੍ਹਾਂ ਮੰਗਾਂ ਵਿੱਚ ਹਰ ਖੇਤ ਅਤੇ ਹਰ ਘਰ ਨੂੰ ਨਹਿਰੀ ਪਾਣੀ ਦੇਣਾ, ਪੰਜਾਬ ਦੇ ਦਰਿਆਵਾਂ ਦੇ ਪਾਣੀ ਉੱਤੇ ਪੰਜਾਬ ਦਾ ਹੱਕ ਬਹਾਲ ਕਰਨਾ, ਪੰਜਾਬ ਪੁਨਰ ਗਠਨ ਕਾਨੂੰਨ 1966 ਦੀਆਂ ਧਾਰਾਵਾਂ 78, 79 ਅਤੇ 80 ਵਿੱਚ ਸੋਧ ਕਰਨਾ ਜਾਂ ਉਨ੍ਹਾਂ ਨੂੰ ਰੱਦ ਕਰਨਾ, ਚੰਡੀਗੜ੍ਹ ਪੰਜਾਬ ਨੂੰ ਦੇਣਾ, ਫਸਲਾਂ ਉੱਤੇ ਵਧਾਈ ਗਈ ਕਰਜ਼ ਸੀਮਾ ਨੂੰ ਬਹਾਲ ਕਰਨਾ ਅਤੇ ਘੱਟੋ-ਘੱਟ ਸਮਰਥਨ ਮੁੱਲ ਨਾਲ ਜੁੜੀਆਂ ਮੰਗਾਂ ਸ਼ਾਮਲ ਸਨ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਚੰਡੀਗੜ੍ਹ ਵਿੱਚ ਸ਼ਾਂਤਮਈ ਮਾਰਚ ਕਰ ਰਹੇ ਕਿਸਾਨਾਂ ਨੂੰ ਰੋਕ ਕੇ ਉਨ੍ਹਾਂ ਉੱਤੇ ਅੱਥਰੂ ਗੈਸ, ਪਾਣੀ ਦੀਆਂ ਬੁਛਾੜਾਂ ਅਤੇ ਲਾਠੀਚਾਰਜ ਕੀਤਾ ਗਿਆ, ਜਿਸ ਕਾਰਨ ਕਈ ਕਿਸਾਨ ਜਖਮੀ ਹੋਏ ਅਤੇ ਬਹੁਤ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਨੇ ਐਲਾਨ ਕੀਤਾ ਕਿ ਇਸ ਕਾਰਵਾਈ ਦੇ ਵਿਰੋਧ ਵਿੱਚ 16 ਮਈ ਨੂੰ ਪੂਰੇ ਪੰਜਾਬ ਵਿੱਚ ਗਵਰਨਰ ਅਤੇ ਬੀਜੇਪੀ ਦੇ ਪੁਤਲੇ ਫੂਕੇ ਜਾਣਗੇ ਅਤੇ ਬੀਜੇਪੀ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅਗਲਾ ਫੈਸਲਾ 21 ਮਈ ਨੂੰ ਹੋਣ ਵਾਲੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਲਿਆ ਜਾਵੇਗਾ। ਰੋਸ ਮਾਰਚ ਵਿੱਚ ਗੁਰਨਾਮ ਸਿੰਘ ਔਲਖ, ਸੁਰਜੀਤ ਸਿੰਘ ਢੇਰ, ਜੈਮਲ ਸਿੰਘ ਭੜੀ, ਦਰਸ਼ਨ ਸਿੰਘ ਬੜਵਾ, ਦਵਿੰਦਰ ਨੰਗਲੀ, ਮਾਸਟਰ ਕਿਰਪਾਲ ਸਿੰਘ ਅਤੇ ਰਾਮਪਾਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।