ਕੈਬਨਿਟ ਮੰਤਰੀ ਨੇ ਆਪ ਦੇ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਗਰ ਕੌਂਸਲ ਨੰਗਲ ਵਿਖੇ ਆਪ ਦੇ ਕੌਂਸਲਰਾਂ ਅਤੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
Publish Date: Mon, 01 Jun 2026 06:32 PM (IST)
Updated Date: Mon, 01 Jun 2026 06:32 PM (IST)

ਚੋਣਾਂ ਤੋਂ ਪਹਿਲਾਂ ਦਿੱਤੀਆਂ 7 ਗਰੰਟੀਆਂ ਪੂਰੀਆਂ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ ਨੰਗਲ : ਨੰਗਲ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਅੱਜ ਸਥਾਨਿਕ ਸਰਕਾਰਾਂ ਵਿਭਾਗ ਦੇ ਮੰਤਰੀ ਵਜੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਗਰ ਕੌਂਸਲ ਨੰਗਲ ਵਿਖੇ ਆਪ ਦੇ ਚੁਣੇ ਨਵੇ ਕੌਂਸਲਰ ਸਾਹਿਬਾਨ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਪਹਿਲੀ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਵੱਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਹਿਮ ਫੈਸਲੇ ਲਏ ਗਏ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਸਪੱਸ਼ਟ ਕੀਤਾ ਕਿ ਚੋਣਾਂ ਤੋਂ ਪਹਿਲਾਂ ਨੰਗਲ ਸ਼ਹਿਰ ਵਾਸੀਆਂ ਨਾਲ ਜੋ ਵੀ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਹੁਣ ਇੱਕ-ਇੱਕ ਕਰਕੇ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ। ਸ਼ਹਿਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕੀ ਨਗਰ ਕੌਂਸਲ ਨੰਗਲ ਦੀਆਂ ਚੋਣਾਂ ਦੋਰਾਨ ਉਨ੍ਹਾਂ ਵੱਲੋਂ ਸ਼ਹਿਰ ਲਈ 7 ਗਰੰਟੀਆਂ ਦਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਸ਼ਹਿਰ ’ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕਰਨ, ਸੀਵਰੇਜ ਸਿਸਟਮ ਨੂੰ ਆਧੁਨਿਕ ਬਣਾਉਣ, ਸਟਰੀਟ ਲਾਈਟਾਂ ਦੀ ਵਿਵਸਥਾ ਸੁਧਾਰਨ, ਆਧੁਨਿਕ ਸੀਸੀਟੀਵੀ ਕੈਮਰੇ ਲਗਾਉਣ, ਸ਼ਹਿਰ ਦੀ ਸੁੰਦਰਤਾ ਵਧਾਉਣ ਲਈ ਚਿੱਤਰਕਾਰੀ ਕਰਵਾਉਣ, ਸ਼ਹਿਰ ਦੇ ਸਾਰੇ ਪਾਰਕਾਂ ਦਾ ਨਵੀਨੀਕਰਨ ਅਤੇ 4 ਨਵੀਆਂ ਲਾਇਬ੍ਰੇਰੀਆਂ ਸਥਾਪਿਤ ਕਰਨ ਵਰਗੇ ਕਈ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਹਰ ਸੋਮਵਾਰ ਨਗਰ ਕੌਂਸਲ ਨੰਗਲ ਦਫ਼ਤਰ ਵਿਖੇ ਸ਼ਹਿਰ ਵਾਸੀਆਂ ਨਾਲ ਸਿੱਧੀ ਮੁਲਾਕਾਤ ਕੀਤੀ ਜਾਵੇਗੀ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਮੌਕੇ ’ਤੇ ਹੀ ਉਨ੍ਹਾਂ ਦੇ ਹੱਲ ਲਈ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨੰਗਲ ਨੂੰ ਇੱਕ ਆਧੁਨਿਕ, ਸੁੰਦਰ ਅਤੇ ਵਿਕਸਿਤ ਸ਼ਹਿਰ ਬਣਾਉਣਾ ਸਾਡਾ ਮੁੱਖ ਮਕਸਦ ਹੈ ਅਤੇ ਇਸ ਮਕਸਦ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਨੰਗਲ ਦੇ ਵਿਕਾਸ ਲਈ ਲੋਕਾਂ ਦੇ ਸਹਿਯੋਗ ਨਾਲ ਨਵੇਂ ਮਾਪਦੰਡ ਸਥਾਪਿਤ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਨੰਗਲ ਸ਼ਹਿਰ ਦੇ ਵਿਕਾਸ ਦਾ ਨਵਾਂ ਦੌਰ ਹੁਣ ਸ਼ੁਰੂ ਹੋ ਚੁੱਕਾ ਹੈ ਅਤੇ ਹੁਣ ਵਿਕਾਸ ਦੇ ਹਰ ਵਾਅਦੇ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਵਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਨੰਗਲ ਸ਼ਹਿਰ ਦੇ ਵਿਕਾਸ ਨੂੰ ਪੂਰੀ ਤਰ੍ਹਾਂ ਅਣਡਿੱਠਾ ਕੀਤਾ ਗਿਆ। ਪੁਰਾਣੀ ਕੌਂਸਲ ਵੱਲੋਂ ਲੋਕਪੱਖੀ ਕੰਮ ਕਰਨ ਦੀ ਬਜਾਏ ਸ਼ਹਿਰ ਨੂੰ ਬਦਹਾਲੀ ਵੱਲ ਧੱਕਿਆ ਗਿਆ, ਜਿਸ ਕਾਰਨ ਬੁਨਿਆਦੀ ਸਹੂਲਤਾਂ ਦੀ ਹਾਲਤ ਖ਼ਰਾਬ ਹੋ ਗਈ। ਸ਼ਹਿਰ ਦੇ ਵਿਕਾਸ ਲਈ ਆਈਆਂ ਯੋਜਨਾਵਾਂ ਨੂੰ ਢੰਗ ਨਾਲ ਲਾਗੂ ਨਹੀਂ ਕੀਤਾ ਗਿਆ ਅਤੇ ਜਨਤਾ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਨਗਰ ਕੌਂਸਲ ਦਫ਼ਤਰ ਵਿੱਚ ਲੱਖਾਂ-ਕਰੋੜਾਂ ਰੁਪਏ ਦੀ ਕੀਮਤ ਵਾਲੀ ਮਸ਼ੀਨਰੀ ਸਾਲਾਂ ਤੱਕ ਹੀ ਬਿਨ੍ਹਾਂ ਵਰਤੋਂ ਦੇ ਪਈ ਸੜਦੀ ਰਹੀ, ਪਰ ਕਿਸੇ ਨੇ ਇਸ ਵੱਲ ਧਿਆਨ ਨਹੀਂ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਿਰਫ਼ ਪ੍ਰਸ਼ਾਸਨਿਕ ਲਾਪਰਵਾਹੀ ਹੀ ਨਹੀਂ, ਸਗੋਂ ਲੋਕਾਂ ਦੇ ਪੈਸੇ ਦੀ ਖੁੱਲ੍ਹੀ ਬਰਬਾਦੀ ਹੈ। ਉਨ੍ਹਾਂ ਕਿਹਾ ਕਿ ਹੁਣ ਨਵੀਂ ਟੀਮ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਹਰ ਮਸ਼ੀਨਰੀ ਦੀ ਸਹੀ ਵਰਤੋਂ ਹੋਵੇਗੀ, ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ ਅਤੇ ਸ਼ਹਿਰ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਂਦਾ ਜਾਵੇਗਾ । ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪਿਛਲੇ ਸਮੇਂ ਦੀਆਂ ਨਾਕਾਮੀਆਂ ਨੂੰ ਦੂਰ ਕਰਦੇ ਹੋਏ ਨੰਗਲ ਨੂੰ ਇੱਕ ਆਧੁਨਿਕ, ਸੁੰਦਰ ਅਤੇ ਸੁਚੱਜਾ ਸ਼ਹਿਰ ਬਣਾਉਣਾ ਹੈ। ਇਸ ਮੌਕੇ ਮਨਜੋਤ ਸਿੰਘ , ਜਸਪ੍ਰੀਤ ਸਿੰਘ, ਕਮਲਾ ਦੇਵੀ, ਲਵਲੀ ਆਂਗਰਾਂ, ਕਸ਼ਿਸ ਵਰਮਾ, ਹਰਦੀਪ ਸਿੰਘ ਬੈਂਸ, ਕਿਰਨ ਬਾਲਾ, (ਸਾਰੇ ਕੋਂਸਲਰ) ’ਤੇ ਨਰਿੰਦਰਜੀਤ ਸਿੰਘ, ਸੁਖਚੈਨ, ਮੁਕੇਸ਼ ਵਰਮਾ, ਅਨਿਲ ਕੁਮਾਰ ਗੁਪਤਾ ਅਤੇ ਹੋਰ ਅਧਿਕਾਰੀ ਸਹਿਬਾਨ ਹਾਜ਼ਰ ਸਨ।