ਬੰਗਾ ਵਿਧਾਇਕ ਦੀ ਕੋਠੀ ਅੱਗੇ ਧਰਨਾ 22 ਨੂੰ
ਬੰਗਾ ਵਿਧਾਇਕ ਦੀ ਕੋਠੀ ਅੱਗੇ ਧਰਨਾ 22 ਨੂੰ
Publish Date: Fri, 20 Feb 2026 05:32 PM (IST)
Updated Date: Sat, 21 Feb 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ : ਬੰਗਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਦੀ ਨਵਾਂਸ਼ਹਿਰ ਰਿਹਾਇਸ਼ ਅੱਗੇ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਲਈ ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨ ਅਤੇ ਪੈਨਸ਼ਨਰਜ਼ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਬਾਰਾਦਰੀ ਬਾਗ਼ ਵਿਚ ਹੋਈ।।ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਕੁਲ ਹਿੰਦ ਕਿਸਾਨ ਸਭਾ ਦੇ ਸਕੱਤਰ ਜਸਵਿੰਦਰ ਸਿੰਘ ਭੰਗਲ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਪੈਨਸ਼ਨਰਜ਼ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਅਟਵਾਲ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025, ਸੀਡ ਸੋਧ ਬਿੱਲ 2025, ਅਮਰੀਕਾ ਨਾਲ ਕੀਤੇ ਅਸਾਵੇਂ ਮੁਕਤ ਵਪਾਰ ਸਮਝੌਤੇ ਅਤੇ ਹੋਰ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਅਨੁਸਾਰ 22 ਫਰਵਰੀ ਨੂੰ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਨਵਾਂਸ਼ਹਿਰ ਘਰ ਅੱਗੇ 11 ਵਜੇ ਤੋਂ 3 ਵਜੇ ਤੱਕ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਪੂਰੇ ਜੋਰਾਂ ਸ਼ੋਰਾਂ ਨਾਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਿਚ ਭਗਵੰਤ ਮਾਨ ਦੀ ਸਰਕਾਰ ਦੀ ਪੁਲਿਸ ਨੇ ਇੱਕਠੇ ਹੋਏ ਕਿਸਾਨਾਂ ’ਤੇ ਜਬਰ ਢਾਹਿਆ ਹੈ ਉਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰ ਕੇ ਭਾਰਤ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ, ਜਿਹੜਾ ਭਾਰਤ ਦੀ ਖੇਤੀ ਨੂੰ ਬਰਬਾਦ ਕਰ ਦੇਵੇਗਾ। ਅਸਲ ਵਿਚ ਕੇਂਦਰ ਨੇ ਭਾਰਤ ਨੂੰ ਕਾਰਪੋਰੇਟਾਂ ਦੇ ਹੱਥ ਵੇਚ ਦਿੱਤਾ ਹੈ। ਇਸੇ ਤਰ੍ਹਾਂ ਬਿਜਲੀ ਸੋਧ ਅਤੇ ਸੀਡ ਬਿੱਲ ਵੀ ਬਿਜਲੀ ਅਤੇ ਸੀਡ ਨੂੰ ਕਾਰਪੋਰੇਟਾਂ ਹਵਾਲੇ ਕਰਨ ਦੀ ਤਿਆਰੀ ਹੈ। ਲੋਕ ਇਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸਕੱਤਰ ਤਰਸੇਮ ਸਿੰਘ ਬੈਂਸ, ਬੀਕੇਯੂ ਕਾਦੀਆਂ ਦੇ ਆਗੂ ਸੁਖਦੇਵ ਸਿੰਘ ਸਜਾਵਲਪੁਰ, ਪੈਨਸ਼ਨਰਜ਼ ਯੂਨੀਅਨ ਦੇ ਆਗੂ ਵਿਜੇ ਕੁਮਾਰ, ਨਰਿੰਦਰ ਮਹਿਤਾ, ਇਫਟੂ ਦੇ ਪ੍ਰਧਾਨ ਗੁਰਦਿਆਲ ਰੱਕੜ ਵੀ ਮੌਜੂਦ ਸਨ।