ਮਹਿੰਗਾਈ ਖ਼ਿਲਾਫ਼ ਆਰਐੱਮਪੀਆਈ ਵੱਲੋਂ ਨੂਰਪੁਰਬੇਦੀ ਵਿਖੇ ਰੋਸ ਪ੍ਰਦਰਸ਼ਨ
ਮਹਿੰਗਾਈ ਖ਼ਿਲਾਫ਼ ਆਰ.ਐੱਮ.ਪੀ.ਆਈ. ਵੱਲੋਂ ਨੂਰਪੁਰਬੇਦੀ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ
Publish Date: Mon, 18 May 2026 04:23 PM (IST)
Updated Date: Mon, 18 May 2026 04:24 PM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ(ਆਰ.ਐੱਮ.ਪੀ.ਆਈ.) ਵੱਲੋਂ ਦੇਸ਼ ਭਰ ’ਚ ਲਗਾਤਾਰ ਵੱਧ ਰਹੀ ਮਹਿੰਗਾਈ, ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਹੋਏ ਵਾਧੇ ਖ਼ਿਲਾਫ਼ ਅੱਜ ਨੂਰਪੁਰਬੇਦੀ ਵਿਖੇ ਜ਼ੋਰਦਾਰ ਰੋਸ ਮੁਜ਼ਾਹਿਰਾ ਕੀਤਾ ਗਿਆ। ਤਹਿਸੀਲ ਸਕੱਤਰ ਗੁਰਨੈਬ ਸਿੰਘ ਜੇਤੇਵਾਲ ਦੀ ਅਗਵਾਈ ਹੇਠ ਮੁੱਖ ਮਾਰਗ ’ਤੇ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾਂ ਸਕੱਤਰ ਮੋਹਨ ਸਿੰਘ ਧਮਾਣਾ ਨੇ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਧਨ ਦੀਆਂ ਕੀਮਤਾਂ ਵਧਣ ਨਾਲ ਆਵਾਜਾਈ ਖਰਚ ਵਧਦਾ ਹੈ, ਜਿਸਦਾ ਸਿੱਧਾ ਅਸਰ ਖਾਣ-ਪੀਣ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ’ਤੇ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਵਾਪਸ ਲਵੇ ਅਤੇ ਲੋਕਾਂ ਨੂੰ ਰਾਹਤ ਦੇਵੇ। ਪਾਰਟੀ ਆਗੂ ਜਸਵੀਰ ਗਾਂਧੀ ਨੇ ਕਿਹਾ ਕਿ ਰਸੋਈ ਗੈਸ ਦੀਆਂ ਕੀਮਤਾਂ ’ਚ ਹੋ ਰਹੇ ਵਾਧੇ ਨੇ ਗਰੀਬ ਅਤੇ ਮੱਧ ਵਰਗ ਪਰਿਵਾਰਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਹਿਲਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਤੇਲ ਕੰਪਨੀਆਂ ਮਨਮਾਨੇ ਢੰਗ ਨਾਲ ਲੋਕਾਂ ਦੀ ਲੁੱਟ ਕਰ ਰਹੀਆਂ ਹਨ, ਜਦਕਿ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਰੱਖਿਆ ’ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਾਲਾਬਾਜ਼ਾਰੀ ਅਤੇ ਜਮਾਖੋਰੀ ’ਤੇ ਰੋਕ ਲਗਾ ਕੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਕਾਬੂ ’ਚ ਲਿਆਉਣੀਆਂ ਚਾਹੀਦੀਆਂ ਹਨ। ਪਾਰਟੀ ਆਗੂ ਯੋਗਰਾਜ ਧਾਦਲੀ ਅਤੇ ਅਮਰੀਕ ਸਿੰਘ ਸਮੀਰੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਗਰੀਬ ਲੋਕਾਂ ’ਤੇ ਟੈਕਸਾਂ ਅਤੇ ਸੈਸਾਂ ਦਾ ਬੋਝ ਲੱਦ ਕੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਕੰਗਾਲ ਕਰਨ ’ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ’ਚ ਗਰੀਬੀ ਅਤੇ ਅਮੀਰੀ ਵਿਚਕਾਰ ਪਾੜਾ ਲਗਾਤਾਰ ਵੱਧ ਰਿਹਾ ਹੈ, ਜਿਸ ਲਈ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹਨ। ਉਨ੍ਹਾਂ ਮੰਗ ਕੀਤੀ ਕਿ ਅਰਥਚਾਰੇ ਦੇ ਸੁਧਾਰ ਲਈ ਧਨਾਢ ਵਰਗ ਅਤੇ ਵੱਡੀਆਂ ਕਾਰਪੋਰੇਟ ਕੰਪਨੀਆਂ ’ਤੇ ਵੱਧ ਟੈਕਸ ਲਗਾਇਆ ਜਾਵੇ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਪਾਰਟੀ ਆਗੂ ਬਲਵੰਤ ਸਿੰਘ ਲੈਹੜੀਆਂ ਨੇ ਕਿਹਾ ਕਿ ਖਾਦਾਂ ਦੀਆਂ ਵਧ ਰਹੀਆਂ ਕੀਮਤਾਂ ਅਤੇ ਸਪਲਾਈ ਦੀ ਘਾਟ ਕਾਰਨ ਕਿਸਾਨ ਭਾਰੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਖਾਦਾਂ ਦੇ ਵਧੇ ਹੋਏ ਰੇਟ ਤੁਰੰਤ ਵਾਪਸ ਲਵੇ ਅਤੇ ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏ। ਇਸ ਦੇ ਨਾਲ ਹੀ ਖੇਤੀ ਸਬਸਿਡੀਆਂ ’ਚ ਵਾਧਾ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ।