ਅਨਾਜ ਮੰਡੀ ਭੱਠਾ ਸਾਹਿਬ ਵਿਖੇ ਲਾਇਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
ਕਿਸਾਨ ਮੇਲੇ ਖੇਤੀਬਾੜੀ ਦੇ ਕਿੱਤੇ 'ਚ ਹੋ ਰਹੇ ਨਵੇਂ ਸੁਧਾਰਾਂ ਦੇ ਆਦਾਨ ਪ੍ਰਦਾਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ - ਡਿਪਟੀ ਕਮਿਸ਼ਨਰ
Publish Date: Fri, 09 Jan 2026 07:19 PM (IST)
Updated Date: Fri, 09 Jan 2026 07:21 PM (IST)

ਕਿਸਾਨ ਮੇਲੇ ਖੇਤੀਬਾੜੀ ਦੇ ਕਿੱਤੇ ਚ ਹੋ ਰਹੇ ਨਵੇਂ ਸੁਧਾਰਾਂ ਦੇ ਆਦਾਨ ਪ੍ਰਦਾਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ - ਡਿਪਟੀ ਕਮਿਸ਼ਨਰ ਸਟਾਫ਼ ਰਿਪੋਰਟਰ, ਪੰਜਾਬੀ ਜਾਰਗਣ, ਰੂਪਨਗਰ : ਖੇਤੀਬਾੜੀ ਨਾ ਸਿਰਫ ਪੰਜਾਬ ਸਗੋਂ ਪੂਰੇ ਦੇਸ਼ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਜਿਹੇ ਕਿਸਾਨ ਮੇਲੇ ਖੇਤੀਬਾੜੀ ਦੇ ਕਿੱਤੇ ਵਿਚ ਹੋ ਰਹੇ ਨਵੇਂ ਸੁਧਾਰਾਂ ਦੇ ਆਦਾਨ-ਪ੍ਰਦਾਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਕਿਸਾਨਾਂ ਨੂੰ ਅਜਿਹੇ ਮੇਲਿਆਂ ਦਾ ਲਾਹਾ ਲੈਂਦਿਆਂ ਖੇਤੀ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਲੈਣੀ ਚਾਹੀਦੀ ਹੈ ਤੇ ਉਸਨੂੰ ਅਮਲ ਵਿਚ ਲਿਆਉਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨੇ ਦਾਣਾ ਮੰਡੀ ਰੂਪਨਗਰ ਵਿਖੇ ਹਾੜੀ ਦੀਆਂ ਫਸਲਾਂ ਸਬੰਧੀ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਨੂੰ ਸੰਬੋਧਨ ਕਰਨ ਮੌਕੇ ਕੀਤਾ। ਇਸ ਕੈਂਪ ਵਿਚ ਹਾਜ਼ਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਸੱਦਾ ਦਿੱਤਾ ਕਿ ਕਿਸਾਨ ਆਪਣੇ ਪੈਦਾਵਾਰ ਦੀ ਮਾਰਕੀਟਿੰਗ ਖੁਦ ਕਰਨ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਸਾਨਾਂ ਨੂੰ ਜ਼ਿਲ੍ਹਾ ਰੂਪਨਗਰ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਮਾਮਲੇ ਵਿਚ ਜ਼ੀਰੋ ਕੇਸ ਹਾਸਲ ਕਰਨ ਲਈ ਵਧਾਈ ਦਿੱਤੀ ਅਤੇ ਖੇਤੀ ਨੂੰ ਵੱਧ ਤੋਂ ਵੱਧ ਲਾਭਕਾਰੀ ਬਣਾਉਣ ਲਈ ਪ੍ਰੇਰਿਤ ਕੀਤਾ। ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਅਰੁਣ ਕੁਮਾਰ ਵੱਲੋਂ ਕਿਸਾਨਾਂ ਨੂੰ ਕਣਕ-ਝੋਨੇ ਦੀ ਰਿਵਾਇਤੀ ਫਸਲਾਂ ਤੋਂ ਇਲਾਵਾ ਮੱਕੀ ਅਤੇ ਹੋਰ ਵਿਕਲਪਿਕ ਫਸਲਾਂ ਬੀਜਣ ਲਈ ਉਤਸ਼ਾਹਿਤ ਕੀਤਾ ਗਿਆ ਤਾਂ ਜੋ ਜ਼ਿਲ੍ਹੇ ਅੰਦਰ ਪਾਣੀ ਦੀ ਬੱਚਤ ਕੀਤੀ ਜਾ ਸਕੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਡਾ. ਸਤਵੀਰ ਸਿੰਘ (ਡਿਪਟੀ ਡਾਇਰੈਕਟਰ), ਡਾ. ਉਰਵੀ ਸ਼ਰਮਾ, ਡਾ. ਅੰਕੁਰਦੀਪ ਅਤੇ ਡਾ. ਰਮਨਦੀਪ ਸਿੰਘ ਘੁੰਮਣ ਵੱਲੋਂ ਆਪਣੇ-ਆਪਣੇ ਵਿਸ਼ਿਆਂ ਸਬੰਧੀ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਫਸਲਾਂ ਦੀ ਨਿਰੰਤਰ ਨਿਗਰਾਨੀ ਕਰਨ ਦੀ ਅਪੀਲ ਕੀਤੀ ਗਈ। ਮੁੱਖ ਖੇਤੀਬਾੜੀ ਅਫਸਰ ਰੂਪਨਗਰ ਡਾ. ਲੇਖ ਰਾਜ ਵੱਲੋਂ ਖੇਤੀਬਾੜੀ ਵਿਭਾਗ ਦੀ ਪ੍ਰਗਤੀ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਡਾ. ਅਮਰਦੀਪ ਕੌਰ (ਮੱਛੀ ਪਾਲਣਾ ਵਿਭਾਗ), ਚਤੁਰਜੀਤ ਸਿੰਘ (ਬਾਗਬਾਨੀ ਵਿਭਾਗ) ਅਤੇ ਜਸਵੀਰ ਸਿੰਘ (ਰੋਜ਼ਗਾਰ ਵਿਭਾਗ) ਵੱਲੋਂ ਆਪਣੇ ਵਿਭਾਗਾਂ ਦੀਆਂ ਚਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਕੈਂਪ ਦੇ ਅੰਤ ਵਿਚ ਜ਼ਿਲ੍ਹਾ ਸਿਖਲਾਈ ਅਫਸਰ ਰੂਪਨਗਰ ਬਲਕਾਰ ਸਿੰਘ ਜੱਸੀ ਵੱਲੋਂ ਸਮੂਹ ਕਿਸਾਨਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਕਿ ਖੇਤੀਬਾੜੀ ਵਿਭਾਗ ਹਮੇਸ਼ਾਂ ਕਿਸਾਨਾਂ ਦੀ ਸੇਵਾ ਲਈ ਵਚਨਬੱਧ ਰਹੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਅਤੇ ਕੰਪਨੀਆਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਸ ਕੈਂਪ ਵਿਚ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ। ਇਸ ਸਮੇਂ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।