ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਨੇ ਉਪਰਾਲੇ : ਸੌਂਦ
ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਨੇ ਉਪਰਾਲੇ :ਸੌਂਦ
Publish Date: Tue, 27 Jan 2026 04:13 PM (IST)
Updated Date: Tue, 27 Jan 2026 04:16 PM (IST)

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਨੇ ਨਹਿਰੂ ਸਟੇਡੀਅਮ ਵਿਖੇ ਲਹਿਰਾਇਆ ਕੌਮੀ ਝੰਡਾ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : 77ਵੇਂ ਗਣਤੰਤਰ ਦਿਵਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ, ਜਿਸ ਉਪਰੰਤ ਪਰੇਡ ਦਾ ਨਿਰੀਖਣ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡਚਲਵਾਲ ਅਤੇ ਸੀਨੀਅਰ ਪੁਲਿਸ ਕਪਤਾਨ ਮਨਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਐਸਕੌਰਟ ਕਰਕੇ ਲਿਜਾਇਆ ਗਿਆ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਆਜ਼ਾਦੀ ਹਾਸਲ ਕਰਕੇ ਸੰਵਿਧਾਨ ਬਣਾਉਣ ਦੇ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਤੇ ਗੌਰਵਮਈ ਦਿਨ ਹੈ। ਉਨ੍ਹਾਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨ੍ਹਾਂ ਬਹਾਦਰ ਸੂਰਵੀਰਾਂ ਨੂੰ ਵੀ ਵਧਾਈ ਦਿਤੀ ਜੋ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਦੇ ਖੇਤਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ ਜਿਸ ਤਹਿਤ ਸਾਰੇ ਪੰਜਾਬ ਵਾਸੀ ਆਪਣਾ ਇਲਾਜ ਕਰਵਾ ਸਕਣਗੇ। ਸਿੱਖਿਆ ਦੇ ਖੇਤਰ ਵਿਚ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਆਈਟੀਆਈਜ਼ ਵਿੱਚ ਸੀਟਾਂ ਵਧਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 300 ਯੂਨਿਟ ਮੁਫ਼ਤ ਬਿਜਲੀ ਸਦਕਾ 90 ਫੀਸਦੀ ਘਰਾਂ ਦਾ ਬਿੱਲ ਜ਼ੀਰੋ ਆ ਰਿਹਾ ਹੈ। ਇਸ ਮੌਕੇ ਡੀਐਸਪੀ ਜਤਿੰਦਰ ਚੌਹਾਨ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀਟੀ ਸ਼ੋਅ, ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ, ਡੀਆਈਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਮਨਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰਜੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਮੁੱਖ ਮੰਤਰੀ ਫੀਲਡ ਅਫਸਰ ਅਭਿਮੰਨਿਊ ਮਲਿਕ, ਐੱਸਪੀ ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ (ਜ) ਅਰਵਿੰਦਪਾਲ ਸਿੰਘ ਸੋਮਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੋਹਿਤ ਬਾਂਸਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪ੍ਰਤਿਮਾ ਅਰੋੜਾ, ਐਸਡੀਐਮ ਰੂਪਨਗਰ ਬਲਜਿੰਦਰ ਸਿੰਘ ਢਿੱਲੋਂ, ਚੇਅਰਮੈਨ ਇੰਪਰੁਵਮੇਂਟ ਟਰੱਸਟ ਰੂਪਨਗਰ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਕਮਿੱਕਰ ਸਿੰਘ ਡਾਢੀ, ਚੇਅਰਮੈਨ ਮਾਰਕੀਟ ਕਮੇਟੀ ਰੂਪਨਗਰ ਭਾਗ ਸਿੰਘ ਮਦਾਨ, ਤਹਿਸੀਲਦਾਰ ਹਰਸਿਮਰਨ ਸਿੰਘ, ਸਿਵਲ ਸਰਜਨ ਡਾ. ਨਵਰੂਪ ਕੌਰ, , ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਤੇ ਕਰਮਚਾਰੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।