ਏਡੀਸੀ ਨੇ ਪੇਂਡੂ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਏਡੀਸੀ ਚੰਦਰਜਯੋਤੀ ਨੇ ਪੇਂਡੂ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Publish Date: Sat, 21 Mar 2026 03:21 PM (IST)
Updated Date: Sat, 21 Mar 2026 03:22 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਕਮੇਟੀ ਰੂਮ ਵਿਖੇ ਪਿੰਡਾਂ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੰਦਿਆਂ ਕਿਹਾ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਵਿਚ ਅਤੇ ਗੁਣਵੱਤਾ ਦੇ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ। ਇਸ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਜ਼ਿਲ੍ਹਾ ਪੱਧਰ ’ਤੇ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਖਾਸ ਤੌਰ ’ਤੇ ਪਿੰਡਾਂ ਵਿਚ ਸਥਾਪਿਤ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੇ ਕੰਮਾਂ ਦੀ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਬਹੁਤ ਮਹੱਤਵਪੂਰਨ ਹਨ। ਇਸ ਲਈ ਇਨ੍ਹਾਂ ਦੀ ਉਸਾਰੀ ਅਤੇ ਸ਼ੁਰੂਆਤ ਵਿਚ ਕਿਸੇ ਵੀ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸੌਲਿਡ ਵੇਸਟ ਮੈਨੇਜਮੈਂਟ ਨਾਲ ਸਬੰਧਿਤ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ ਅਤੇ ਕਿਹਾ ਕਿ ਪਿੰਡਾਂ ਨੂੰ ਸਾਫ-ਸੁਥਰਾ ਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਕੂੜੇ ਦੇ ਇਕੱਤਰੀਕਰਣ, ਛਟਾਈ ਅਤੇ ਨਿਪਟਾਰੇ ਲਈ ਲੋੜੀਂਦੇ ਪ੍ਰਬੰਧ ਤੁਰੰਤ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਦੀ ਸਫ਼ਲਤਾ ਲਈ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਯਮਿਤ ਮਾਨੀਟਰਿੰਗ ਕਰਦੇ ਰਹਿਣ ਅਤੇ ਜਿੱਥੇ ਵੀ ਕੋਈ ਰੁਕਾਵਟ ਆਉਂਦੀ ਹੈ, ਉਸ ਦਾ ਤੁਰੰਤ ਹੱਲ੍ਹ ਕੀਤਾ ਜਾਵੇ। ਇਸ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਵੱਲੋਂ ਵੀ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ ਅਤੇ ਭਵਿੱਖੀ ਕਾਰਜ-ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੀਟਿੰਗ ਵਿਚ ਉਪ ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਐਕਸੀਅਨ ਜਲ ਸਪਲਾਈ ਹਰਜੀਤਪਾਲ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਗਣੇਸ਼, ਬੀਡੀਪੀਓ ਰੂਪਨਗਰ ਅਮਿਤ ਸ਼ਰਮਾ, ਬੀਡੀਪੀਓ ਮੋਰਿੰਡਾ ਹਰਕੀਰਤ ਸਿੰਘ, ਬੀਡੀਪੀਓ ਸ਼੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਬੀਡੀਪੀਓ ਸ਼੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀਡੀਪੀਓ ਨੂਰਪੁਰਬੇਦੀ ਅਮਰੀਕ ਸਿੰਘ, ਨੋਡਲ ਅਫ਼ਸਰ ਜਲ ਸੰਚੇ-ਜਨ ਭਾਗੇਦਾਰੀ ਪਰਮਿੰਦਰ ਸਿੰਘ ਅਤੇ ਹੋਰ ਉੱਚ ਅਧਿਕਾਰੀ ਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਹਾਜ਼ਰ ਸਨ।