ਬਾਬਾ ਸਾਹਿਬ ਦੇ ਬੁੱਤ ਦੀ ਬੇਅਬਦੀ ਕਰਨ ਦੀ ਨਿੰਦਾ
ਅੰਬੇਡਕਰ ਮਹਾਂਸਭਾ ਪੰਜਾਬ ਵਲੋਂ ਬਾਬਾ ਸਾਹਿਬ ਦੇ ਬੁੱਤ ਦੀ ਬੇਅਬਦੀ ਕਰਨ ਦੀ ਨਿੰਦਾ
Publish Date: Fri, 03 Apr 2026 04:18 PM (IST)
Updated Date: Fri, 03 Apr 2026 04:22 PM (IST)

ਜੌਲੀ ਸੂਦ, ਪੰਜਾਬੀ ਜਾਗਰਣ ਮੋਰਿੰਡਾ : ਆਲ ਇੰਡੀਆ ਅੰਬੇਡਕਰ ਮਹਾਂਸਭਾ ਪੰਜਾਬ ਵੱਲੋਂ ਗੜਸ਼ੰਕਰ ਨੇੜੇ ਪੈਂਦੇ ਪਿੰਡ ਨੂਰਪੁਰ ਜੱਟਾਂ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਬਦੀ ਕਰਨ ਦਾ ਸਖਤ ਨੋਟਿਸ ਲੈਂਦਿਆਂ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਜ਼ੋਰਦਾਰ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਭੇਜੇ ਮੰਗ ਪੱਤਰ ਦੀ ਕਾਪੀ ਪ੍ਰੈੱਸ ਨੂੰ ਜਾਰੀ ਕਰਦਿਆਂ ਡਾ.ਭੀਮ ਰਾਓ ਅੰਬੇਡਕਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਨਿਰਮਲਜੀਤ ਨੇ ਦੱਸਿਆ ਕਿ ਕੁਝ ਸਮਾਜ ਅਤੇ ਦੇਸ਼ ਵਿਰੋਧੀ ਅਨਸਰਾਂ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜਸ਼ੰਕਰ ਤਹਿਸੀਲ ਵਿਚ ਪੈਂਦੇ ਪਿੰਡ ਨੂਰਪੁਰ ਜੱਟਾਂ ਵਿਚ ਬਾਬਾ ਸਾਹਿਬ ਦੇ ਬੁੱਤ ਦੀ ਬੇਅਬਦੀ ਕੀਤੀ ਗਈ ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਸਾਜ਼ਿਸ਼ ਅਧੀਨ ਬਾਬਾ ਸਾਹਿਬ ਦੇ ਬੁੱਤ ਦੀ ਬੇਅਬਦੀ ਕਰ ਕੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਗਈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਦੇਸ਼ ਦਾ ਅਮਨ ਚੈਨ ਭੰਗ ਕਰਨ ਦੀ ਕੋਸ਼ਿਸ਼ ਹੈ, ਜਿਸ ਨੂੰ ਅੰਬੇਡਕਰਵਾਦੀ ਸਹਿਨ ਨਹੀਂ ਕਰਨਗੇ। ਉਨ੍ਹਾਂ ਮੁੱਖ ਮੰਤਰੀ ਤੋਂ ਤੁਰੰਤ ਦਖਲ ਦੀ ਮੰਗ ਕਰਦਿਆਂ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਮਹਾਂਸਭਾ ਵਲੋਂ ਸਖਤ ਐਕਸ਼ਨ ਕੀਤਾ ਜਾਵੇਗਾ, ਜਿਸ ਦੀ ਜ਼ਿਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।