ਐੱਸਜੀਪੀਸੀ ਚੋਣਾਂ ਕਰਵਾਉਣਾ ਸਮੇਂ ਦੀ ਮੁੱਖ ਲੋੜ : ਸੁਖਵਿੰਦਰ ਮੁੰਡੀਆਂ
ਐੱਸਜੀਪੀਸੀ ਚੋਣਾਂ ਜਲਦੀ ਕਰਵਾਉਣਾ ਸਮੇਂ ਦੀ ਮੁੱਖ ਲੋੜ:ਸੁਖਵਿੰਦਰ ਮੁੰਡੀਆਂ
Publish Date: Wed, 15 Apr 2026 05:18 PM (IST)
Updated Date: Wed, 15 Apr 2026 05:21 PM (IST)

ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ : ਐੱਸਜੀਪੀਸੀ ਦੀਆਂ ਚੋਣਾਂ ਜਲਦੀ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਗੁਰੂ ਘਰ ਦੇ ਪ੍ਰੇਮੀਆਂ ਅਤੇ ਸਿੱਖ ਸੰਗਤ ਨੂੰ ਗੁਰਦੁਆਰਾ ਸਾਹਿਬਾਨ ਵਿਚ ਵਧੀਆ ਪ੍ਰਬੰਧ ਅਤੇ ਸਹੂਲਤਾਂ ਮਿਲ ਸਕਣ। ਇਹ ਪ੍ਰਗਟਾਵਾ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਮੁੰਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਚੋਣਾਂ ਵਿਚ ਹੋ ਰਹੀ ਲੰਬੀ ਦੇਰੀ ਗੁਰਦੁਆਰਾ ਐਕਟ-1925 ਦੇ ਉੱਲਟ ਹੈ। ਇਸ ਐਕਟ ਅਨੁਸਾਰ ਸੰਸਥਾ ਦੀ ਲੋਕਤਾਂਤਰਿਕ ਬਣਤਰ ਨੂੰ ਬਣਾਈ ਰੱਖਣ ਲਈ ਸਮੇਂ-ਸਮੇਂ ’ਤੇ ਚੋਣਾਂ ਕਰਵਾਉਣੀਆਂ ਲਾਜ਼ਮੀ ਹਨ ਪ੍ਰੰਤੂ ਪਿਛਲੇ ਕਈ ਸਾਲਾਂ ਤੋਂ ਚੋਣਾਂ ਨਾ ਹੋਣ ਕਾਰਨ ਸੰਸਥਾ ਦੀ ਪਾਰਦਰਸ਼ਤਾ ਅਤੇ ਜਵਾਬਦੇਹੀ ’ਤੇ ਸਵਾਲ ਖੜੇ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਿਆਸੀ ਪ੍ਰਭਾਵ ਕਾਰਨ ਚੋਣਾਂ ਨੂੰ ਜਾਣਬੁੱਝ ਕੇ ਟਾਲਿਆ ਜਾ ਰਿਹਾ ਹੈ, ਜਿਸ ਨਾਲ ਸਿੱਖ ਕੌਮ ਦੇ ਹੱਕਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਚੋਣਾਂ ਸਿੱਖ ਸੰਸਥਾਵਾਂ ਨੂੰ ਸਿਆਸੀ ਕਬਜ਼ੇ ਤੋਂ ਆਜ਼ਾਦ ਕਰਵਾਉਣ ਦੀ ਲੜਾਈ ਹਨ। ਉਨ੍ਹਾਂ ਦਾਅਵਾ ਕੀਤਾ ਕਿ ਐੱਸਜੀਪੀਸੀ ਵਰਗੀ ਸਿਰਮੌਰ ਸੰਸਥਾ ਇਸ ਵੇਲੇ ਇੱਕ ਖਾਸ ਪਰਿਵਾਰ ਅਤੇ ਰਾਜਨੀਤਿਕ ਪ੍ਰਭਾਵ ਹੇਠ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਦਾ ਮੁੱਖ ਟੀਚਾ ਐੱਸਜੀਪੀਸੀ ਨੂੰ ਉਸ ਦੇ ਪਹਿਲਾਂ ਵਾਲੇ ਸ਼ੁੱਧ ਅਤੇ ਖੁਦਮੁਖਤਿਆਰ ਰੂਪ ਵਿਚ ਮੁੜ ਸਥਾਪਿਤ ਕਰਨਾ ਹੈ, ਜਿਸ ਲਈ ਸਿੱਖ ਇਤਿਹਾਸ ਵਿੱਚ ਕਈ ਮੋਰਚੇ ਅਤੇ ਕੁਰਬਾਨੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਸਿੱਖ ਸੰਗਤ ਅਤੇ ਪੰਥ ਦਰਦੀਆਂ ਨੂੰ ਅਪੀਲ ਕੀਤੀ ਕਿ ਉਹ ਐੱਸਜੀਪੀਸੀ ਚੋਣਾਂ ਲਈ ਆਪਣੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜੇ ਆਗੂ ਹਮੇਸ਼ਾ ਪੰਜਾਬ, ਨੌਜਵਾਨੀ, ਕਿਸਾਨੀ ਅਤੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਦੇ ਆਏ ਹਨ ਅਤੇ ਭਵਿੱਖ ਵਿਚ ਵੀ ਇਹ ਲੜਾਈ ਜਾਰੀ ਰਹੇਗੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਵਿਸਾਖੀ ਮੌਕੇ ਵਿਸ਼ੇਸ਼ ਸਦਨ ਸੱਦ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਐਕਟ-2026 ਲਿਆਂਦੇ ਜਾਣ ਦਾ ਸਵਾਗਤ ਕਰਦਿਆਂ ਇਸ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਜਿੱਤ ਕਰਾਰ ਦਿੱਤਾ।