ਪੁਲਿਸ ਵੱਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ
ਸ੍ਰੀ ਚਮਕੌਰ ਸਾਹਿਬ ਪੁਲਿਸ ਵੱਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ
Publish Date: Tue, 28 Apr 2026 03:18 PM (IST)
Updated Date: Tue, 28 Apr 2026 03:22 PM (IST)

ਅਸ਼ੋਕ ਚੇਤਲ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜੋ ਇਸ ਮੋਟਰਸਾਈਕਲ ਨੂੰ ਵੇਚਣ ਦੀ ਕੋਸ਼ਿਸ਼ ਵਿਚ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਏਐੱਸਆਈ ਮਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਪਿੰਡ ਭੋਜੇਮਾਜਰਾ ਵਾਲੀ ਕੱਚੀ ਨਹਿਰ ਦੇ ਰਸਤੇ ’ਤੇ ਮੌਜੂਦ ਸੀ। ਇਸ ਦੌਰਾਨ ਪੁਲਿਸ ਪਾਰਟੀ ਵੱਲੋਂ ਪਿੰਡ ਭੋਜੇਮਾਜਰਾ ਵੱਲੋਂ ਬਿਨ੍ਹਾਂ ਹੈੱਡ ਲਾਈਟ ਤੇ ਬਿਨ੍ਹਾਂ ਨੰਬਰ ਪਲੇਟ ਤੋਂ ਇੱਕ ਪਲੈਟੀਨਾ ਮੋਟਰਸਾਈਕਲ ’ਤੇ ਆ ਰਹੇ ਦੋ ਵਿਅਕਤੀਆਂ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰ ਮੋਟਰਸਾਈਕਲ ਸਬੰਧੀ ਕੋਈ ਵੀ ਦਸਤਾਵੇਜ਼ ਪੇਸ਼ ਪੇਸ਼ ਨਹੀਂ ਕਰ ਸਕੇ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਪੁੱਛਗਿੱਛ ਦੌਰਾਨ ਮੋਟਰਸਾਈਕਲ ਚਾਲਕ ਨੇ ਕਬੂਲਿਆ ਕਿ ਉਸ ਨੇ ਇਹ ਮੋਟਰਸਾਈਕਲ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਦੇ ਕੋਲੋਂ ਚੋਰੀ ਕੀਤਾ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਨੌਜਵਾਨ ਨਸ਼ੇ ਦੇ ਆਦੀ ਹਨ ਅਤੇ ਉਨ੍ਹਾਂ ਨੇ ਇਹ ਵਾਰਦਾਤ ਨਸ਼ਾ ਖਰੀਦਣ ਲਈ ਪੈਸਿਆਂ ਦਾ ਇੰਤਜ਼ਾਮ ਕਰਨ ਦੇ ਮਕਸਦ ਨਾਲ ਕੀਤੀ ਸੀ ਅਤੇ ਉਹ ਇਸ ਚੋਰੀ ਦੇ ਮੋਟਰਸਾਈਕਲ ਨੂੰ ਵੇਚਣ ਦੀ ਫਿਰਾਕ ਵਿਚ ਸਨ।ਉਨਾ ਦੱਸਿਆ ਕਿ ਮੋਟਰਸਾਈਕਲ ਚਾਲਕ ਦੀ ਪਛਾਣ ਸੋਨੂੰ ਸਿੰਘ ਵਾਸੀ ਅਨੂਪਗੜ੍ਹ, ਰਾਜਸਥਾਨ ਹਾਲ ਵਾਸੀ ਗੁਰਦੁਆਰਾ ਰਣਜੀਤਗੜ੍ਹ ਸਾਹਿਬ ਅਤੇ ਗੁਰਵਿੰਦਰ ਸਿੰਘ ਉਰਫ ਗੋਲਡੀ ਵਾਸੀ ਪਿੰਡ ਰਾਏਪੁਰ ਵਜੋਂ ਹੋਈ ਹੈ। ਪੁਲਿਸ ਵੱਲੋਂ ਥਾਣਾ ਸ੍ਰੀ ਚਮਕੌਰ ਸਾਹਿਬ ਵਿਖੇ ਦੋਨਾਂ ਨੌਜਵਾਨਾਂ ਦੇ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਦੋਵਾਂ ਨੂੰ ਜੇਲ ਭੇਜ ਦਿੱਤਾ ਗਿਆ ਹੈ।