ਪੰਜਾਬ ਸਰਕਾਰ ਕੱਚੇ ਤੇ ਪੱਕੇ ਮੁਲਾਜ਼ਮਾਂ ਨਾਲ ਕਰ ਰਹੀ ਹੈ ਧੋਖਾ : ਅਸ਼ਵਨੀ ਸ਼ਰਮਾ
ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਦੇ ਕੱਚੇ ਤੇ ਪੱਕੇ ਮੁਲਾਜ਼ਮਾਂ ਨਾਲ ਕਰ ਰਹੀ ਹੈ ਵੱਡਾ ਧੋਖਾ : ਅਸ਼ਵਨੀ ਸ਼ਰਮਾ
Publish Date: Wed, 20 May 2026 06:46 PM (IST)
Updated Date: Wed, 20 May 2026 06:49 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਰੂਪਨਗਰ ਪਹੁੰਚੇ ਅਤੇ ਸਫਾਈ ਕਰਮਚਾਰੀਆਂ ਅਤੇ ਹੋਰ ਕਰਮਚਾਰੀਆਂ ਦੇ ਚੱਲ ਰਹੇ ਸੰਘਰਸ਼ ਨੂੰ ਸਮਰਥਨ ਦਿੱਤਾ। ਇਸ ਮੌਕੇ ਉਨ੍ਹਾਂ ਨੇ ਧਰਨੇ ਵਿਚ ਸ਼ਾਮਲ ਹੋ ਕੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾਂ ਕਰਮਚਾਰੀਆਂ ਦੇ ਹੱਕਾਂ ਲਈ ਖੜੀ ਰਹੀ ਹੈ ਅਤੇ ਅੱਜ ਵੀ ਭਾਜਪਾ ਸਫਾਈ ਕਰਮਚਾਰੀਆਂ ਦੇ ਸੰਘਰਸ਼ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਕੱਚੇ ਤੇ ਪੱਕੇ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਉਹ ਆਪਣੇ ਹਰ ਵਾਅਦੇ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੌਰਾਨ ਕਿਹਾ ਸੀ ਕਿ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇਗਾ, ਪਰ ਅੱਜ ਹਾਲਾਤ ਇਹ ਹਨ ਕਿ ਕਰਮਚਾਰੀ ਆਪਣੇ ਹੱਕਾਂ ਲਈ ਸੜਕਾਂ ‘ਤੇ ਧੱਕੇ ਖਾਣ ਲਈ ਮਜਬੂਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦਾ ਸ਼ੋਸ਼ਣ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਆਊਟਸੋਰਸ ਪ੍ਰਣਾਲੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਇਸ ਕਾਰਨ ਕਰਮਚਾਰੀਆਂ ਨੂੰ ਨਾ ਤਨਖਾਹ ਦੀ ਸੁਰੱਖਿਆ ਮਿਲ ਰਹੀ ਹੈ ਅਤੇ ਨਾ ਹੀ ਨੌਕਰੀ ਦੀ ਗਾਰੰਟੀ। ਉਨ੍ਹਾਂ ਕਿਹਾ ਕਿ ਇੰਨੀ ਭਿਆਨਕ ਗਰਮੀ ਵਿੱਚ ਕੋਈ ਵੀ ਵਿਅਕਤੀ ਆਪਣਾ ਕੰਮ ਛੱਡ ਕੇ ਧਰਨੇ ‘ਤੇ ਬੈਠਣਾ ਨਹੀਂ ਚਾਹੁੰਦਾ, ਪਰ ਸਰਕਾਰ ਦੀ ਅਣਦੇਖੀ ਕਾਰਨ ਕਰਮਚਾਰੀ ਮਜਬੂਰੀ ਵਿਚ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਵਿਚ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ ਅਤੇ ਭਾਜਪਾ ਸਰਕਾਰ ਆਉਣ ‘ਤੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਮੇਤ ਉਨ੍ਹਾਂ ਦੇ ਸਾਰੇ ਜਾਇਜ਼ ਹੱਕ ਯਕੀਨੀ ਬਣਾਏ ਜਾਣਗੇ। ਇਸ ਦੌਰਾਨ ਭਾਜਪਾ ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਵੀ ਕਰਮਚਾਰੀਆਂ ਦੇ ਸੰਘਰਸ਼ ਨੂੰ ਜਾਇਜ਼ ਦੱਸਦਿਆਂ ਕਿਹਾ ਕਿ ਭਾਜਪਾ ਕਰਮਚਾਰੀਆਂ ਦੇ ਨਾਲ ਮਜ਼ਬੂਤੀ ਨਾਲ ਖੜੀ ਰਹੇਗੀ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਤੇ ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਤੇ ਯੂਨੀਅਨ ਦੇ ਪ੍ਰਧਾਨ ਅਜੈ ਕੁਮਾਰ ਭੱਟੀ ਆਦਿ ਹਾਜਰ ਸਨ।