ਵੋਟਾਂ ਦੀ ਗਿਣਤੀ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ : ਚੋਣ ਅਬਜ਼ਰਵਰ
ਵੋਟਾਂ ਦੀ ਗਿਣਤੀ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ - ਚੋਣ ਅਬਜ਼ਰਵਰ
Publish Date: Thu, 28 May 2026 05:48 PM (IST)
Updated Date: Thu, 28 May 2026 05:49 PM (IST)

ਵੋਟਾਂ ਦੀ ਗਿਣਤੀ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਕੀਤੀ ਗਈ ਸਮੀਖਿਆ। ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ: ਚੋਣ ਅਬਜ਼ਰਵਰ ਜਗਜੀਤ ਸਿੰਘ ਵੱਲੋਂ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ, ਸਮੂਹ ਰਿਟਰਨਿੰਗ/ਸਹਾਇਕ ਰਿਟਰਨਿੰਗ ਅਫ਼ਸਰਾਂ, ਇੰਚਾਰਜ ਚੋਣ ਸ਼ਾਖਾ, ਪੁਲਿਸ ਵਿਭਾਗ ਅਤੇ ਸਮੂਹ ਮਾਈਕਰੋ ਅਬਜ਼ਰਵਰਾਂ ਨਾਲ ਵੋਟਾਂ ਦੀ ਗਿਣਤੀ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਵੀਡੀਓਗ੍ਰਾਫੀ, ਸੀਸੀਟੀਵੀ. ਨਿਗਰਾਨੀ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ “ਅਮਨਦੀਪ ਸਿੰਘ ਨਾਗੀ ਬਨਾਮ ਸਟੇਟ ਆਫ ਪੰਜਾਬ ਐਂਡ ਅਦਰਜ਼” ਕੇਸ ਦਾ ਹਵਾਲਾ ਦਿੰਦਿਆਂ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਅਦਾਲਤ ਦੇ ਹੁਕਮਾਂ ਅਨੁਸਾਰ ਵੋਟਾਂ ਦੀ ਗਿਣਤੀ ਸਮੇਂ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ ਉਸ ਨੂੰ ਸੁਰੱਖਿਅਤ ਰੱਖਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਕਾਊਂਟਿੰਗ ਸੈਂਟਰਾਂ ਨੂੰ ਕਮਿਸ਼ਨ ਤੋਂ ਮਿਲੀ ਪ੍ਰਵਾਨਗੀ, ਉਥੇ ਕੀਤੇ ਗਏ ਬੁਨਿਆਦੀ ਢਾਂਚਾਗਤ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਸਮੂਹ ਰਿਟਰਨਿੰਗ ਅਫ਼ਸਰਾਂ ਵੱਲੋਂ ਦੱਸਿਆ ਗਿਆ ਕਿ ਕਾਊਂਟਿੰਗ ਸੈਂਟਰਾਂ ਦੇ ਸਥਾਨ ਅਤੇ ਗਿਣਤੀ ਸ਼ੁਰੂ ਹੋਣ ਦੇ ਸਮੇਂ ਸਬੰਧੀ ਉਮੀਦਵਾਰਾਂ ਅਤੇ ਚੋਣ ਏਜੰਟਾਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ। ਚੋਣ ਅਬਜ਼ਰਵਰ ਵੱਲੋਂ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਗਿਣਤੀ ਕੇਂਦਰਾਂ ਵਿਖੇ ਸਾਰੇ ਪ੍ਰਬੰਧ ਤਰਜੀਹ ਦੇ ਅਧਾਰ ’ਤੇ ਮੁਕੰਮਲ ਕੀਤੇ ਜਾਣ। ਇਸ ਦੇ ਨਾਲ ਹੀ ਗਿਣਤੀ ਕੇਂਦਰਾਂ ਵਿੱਚ ਮਨਾਹੀਸ਼ੁਦਾ ਇਲੈਕਟ੍ਰਾਨਿਕ ਵਸਤਾਂ, ਜਿਵੇਂ ਕਿ ਮੋਬਾਈਲ ਫੋਨ ਆਦਿ, ਜਮ੍ਹਾਂ ਕਰਵਾਉਣ ਲਈ ਵੀ ਯੋਗ ਪ੍ਰਬੰਧ ਕਰਨ ਲਈ ਕਿਹਾ ਗਿਆ ਤਾਂ ਜੋ ਨੂੰ ਵੋਟਾਂ ਦੀ ਗਿਣਤੀ ਦੌਰਾਨ ਕੋਈ ਅਸੁਵਿਧਾ ਪੈਦਾ ਨਾ ਹੋਵੇ। ਚੋਣ ਅਬਜ਼ਰਵਰ ਵੱਲੋਂ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਵੋਟਾਂ ਦੀ ਗਿਣਤੀ ਸਬੰਧੀ ਬੂਥਾਂ ਦੇ ਰਾਊਂਡ-ਵਾਈਜ਼ ਤਿਆਰ ਕੀਤੇ ਗਏ ਪਲਾਨ, ਆਰ.ਓ. ਟੇਬਲਾਂ, ਕਾਊਂਟਿੰਗ ਏਜੰਟਾਂ ਅਤੇ ਉਮੀਦਵਾਰਾਂ ਦੇ ਬੈਠਣ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਵੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਇਸ ਤੋਂ ਇਲਾਵਾ ਪ੍ਰੈੱਸ ਅਤੇ ਮੀਡੀਆ ਕਰਮੀਆਂ ਲਈ ਬੈਠਣ ਅਤੇ ਰਿਫਰੈਸ਼ਮੈਂਟ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਮੀਟਿੰਗ ਦੇ ਅੰਤ ਵਿਚ ਚੋਣ ਅਬਜ਼ਰਵਰ ਵੱਲੋਂ ਸਮੂਹ ਐਸ.ਡੀ.ਐਮ. ਅਤੇ ਰਿਟਰਨਿੰਗ ਅਫ਼ਸਰਾਂ ਨੂੰ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਠੰਡੇ ਪੀਣ ਵਾਲੇ ਪਾਣੀ ਦੇ ਵਿਸ਼ੇਸ਼ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਰੇ ਅਧਿਕਾਰੀ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਨਿਸ਼ਠਾ ਨਾਲ ਨਿਭਾਉਣ ਤਾਂ ਜੋ ਵੋਟਾਂ ਦੀ ਗਿਣਤੀ ਦਾ ਕਾਰਜ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਪ੍ਰਦੀਪ ਸਿੰਘ ਬੈਂਸ, ਆਰਟੀਓ ਰਾਜਪਾਲ ਸਿੰਘ ਸੇਖੋਂ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਸਡੀਐਮ ਮੋਰਿੰਡਾ ਚੇਤਨ ਬੰਗੜ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਸਮੂਹ ਰਿਟਰਨਿੰਗ ਅਫਸਰ (ਆਰਓਜ਼), ਸਮੂਹ ਸਹਾਇਕ ਰਿਟਰਨਿੰਗ ਅਫਸਰ (ਏਆਰਓਜ਼) ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।