ਨੂਰਪੁਰਬੇਦੀ ਖੇਤਰ ਵਿੱਚ ਐਤਵਾਰ ਸ਼ਾਮ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕੁਝ ਹਥਿਆਰਬੰਦ ਨੌਜਵਾਨਾਂ ਨੇ ਇੱਕ ਨੌਜਵਾਨ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੰਭੀਰ ਰੂਪ ਵਿੱਚ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਨੂਰਪੁਰਬੇਦੀ ਖੇਤਰ ਵਿੱਚ ਐਤਵਾਰ ਸ਼ਾਮ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕੁਝ ਹਥਿਆਰਬੰਦ ਨੌਜਵਾਨਾਂ ਨੇ ਇੱਕ ਨੌਜਵਾਨ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੰਭੀਰ ਰੂਪ ਵਿੱਚ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਜਾਂਚ ਵਿੱਚ ਇਹ ਮਾਮਲਾ ਪੁਰਾਣੀ ਰੰਜਿਸ਼ ਅਤੇ ਗੈਂਗਵਾਰ ਨਾਲ ਜੁੜਿਆ ਹੋਇਆ ਮੰਨਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਹੈ।
ਮ੍ਰਿਤਕ ਦੀ ਪਹਿਚਾਣ ਹਰਮੋਲ ਸਿੰਘ (25) ਪੁੱਤਰ ਜਸਵੀਰ ਸਿੰਘ ਵਾਸੀ ਸ਼ਾਹਪੁਰ ਬੇਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਹਰਮੋਲ ਸਿੰਘ ਆਪਣੇ ਇੱਕ ਸਾਥੀ ਨਾਲ ਆਜ਼ਮਪੁਰ ਨੇੜੇ ਸਥਿਤ ਭੁੱਲਰ ਇਲੈਕਟ੍ਰਾਨਿਕਸ ਸ਼ੋਰੂਮ ਤੋਂ ਸਮਾਨ ਲੈ ਕੇ ਬਾਹਰ ਨਿਕਲਿਆ ਸੀ। ਇਸ ਦੌਰਾਨ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਕੁਝ ਨੌਜਵਾਨਾਂ ਨੇ ਉਸ ‘ਤੇ ਫਾਇਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਹਰਮੋਲ ਸਿੰਘ ਸੜਕ ‘ਤੇ ਡਿੱਗ ਪਿਆ।
ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਜਾਨ ਨਹੀਂ ਬਚ ਸਕੀ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਅਤੇ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ।
ਆਰੋਪੀ ਨੇ ਵੀਡੀਓ ਜਾਰੀ ਕਰਕੇ ਲਈ ਜ਼ਿੰਮੇਵਾਰੀ
ਘਟਨਾ ਤੋਂ ਕੁਝ ਸਮੇਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ, ਜਿਸ ਵਿੱਚ ਆਪਣੇ ਆਪ ਨੂੰ ਪਿੰਡ ਸ਼ਾਹਪੁਰ ਦਾ ਵਸਨੀਕ ਹਰਜੋਤ ਸਿੰਘ ਸਿੱਧੂ ਦੱਸਣ ਵਾਲੇ ਨੌਜਵਾਨ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ। ਵੀਡੀਓ ਵਿੱਚ ਉਸਨੇ ਦਾਅਵਾ ਕੀਤਾ ਕਿ ਮ੍ਰਿਤਕ ਹਰਮੋਲ ਸਿੰਘ ਨੇ ਸਾਲ 2019 ਵਿੱਚ ਉਸ ਦੇ ਭਰਾ ਸੁਖਵਿੰਦਰ ਸਿੰਘ ਦੀ ਹੱਤਿਆ ਕੀਤੀ ਸੀ।
ਆਰੋਪੀ ਨੇ ਕਿਹਾ ਕਿ ਕਤਲ ਕੇਸ ਵਿੱਚ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਹਰਮੋਲ ਸਿੰਘ ਲਗਾਤਾਰ ਉਸ ਅਤੇ ਉਸ ਦੇ ਪਰਿਵਾਰ ਨੂੰ ਧਮਕੀਆਂ ਦੇ ਰਿਹਾ ਸੀ। ਉਸ ਨੇ ਦੋਸ਼ ਲਗਾਇਆ ਕਿ ਐਤਵਾਰ ਨੂੰ ਵੀ ਨੂਰਪੁਰਬੇਦੀ ਵਿੱਚ ਹਰਮੋਲ ਸਿੰਘ ਆਪਣੇ ਸਾਥੀਆਂ ਸਮੇਤ ਹਥਿਆਰ ਦਿਖਾ ਕੇ ਉਸ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਕਾਰਨ ਉਸ ਨੇ “ਆਤਮ ਰੱਖਿਆ” ਵਿੱਚ ਗੋਲahਆਂ ਚਲਾਈਆਂ।
ਵੀਡੀਓ ਵਿੱਚ ਆਰੋਪੀ ਨੇ ਇਹ ਵੀ ਕਿਹਾ ਕਿ ਇਸ ਵਾਰਦਾਤ ਵਿੱਚ ਕਿਸੇ ਹੋਰ ਵਿਅਕਤੀ ਦੀ ਕੋਈ ਭੂਮਿਕਾ ਨਹੀਂ ਹੈ ਅਤੇ ਜੋ ਕੁਝ ਕੀਤਾ, ਉਸ ਨੇ ਖੁਦ ਕੀਤਾ ਹੈ।
2019 ਦੇ ਕਤਲ ਕੇਸ ਨਾਲ ਜੁੜ ਰਹੇ ਨੇ ਤਾਰ
ਜ਼ਿਕਰਯੋਗ ਹੈ ਕਿ 13 ਮਈ 2019 ਨੂੰ ਸ਼ਾਹਪੁਰ ਬੇਲਾ ਵਿੱਚ ਖੇਤਾਂ ਵਿੱਚ ਪਾਪੂਲਰ ਦੇ ਦਰੱਖਤਾਂ ਨੂੰ ਪਾਣੀ ਲਗਾ ਰਹੇ ਸੁਖਵਿੰਦਰ ਸਿੰਘ ਪੁੱਤਰ ਰਾਮ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਮਾਮਲੇ ਵਿੱਚ ਹਰਮੋਲ ਸਿੰਘ ਖ਼ਿਲਾਫ਼ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿੱਚ ਕਤਲ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਪੰਜ ਸਾਲ ਬਾਅਦ ਵਾਪਰੀ ਇਸ ਘਟਨਾ ਨੂੰ ਉਸੇ ਪੁਰਾਣੀ ਰੰਜਿਸ਼ ਦਾ ਨਤੀਜਾ ਮੰਨਿਆ ਜਾ ਰਿਹਾ ਹੈ।
ਪੁਲਿਸ ਹਰ ਪੱਖ ਤੋਂ ਕਰ ਰਹੀ ਜਾਂਚ
ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਵਾਇਰਲ ਵੀਡੀਓ ਦੀ ਸੱਚਾਈ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।