ਚੋਣ ਆਬਜ਼ਰਵਰ ਨੇ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਚੋਣ ਅਬਜ਼ਰਵਰ ਨੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ
Publish Date: Sun, 24 May 2026 05:45 PM (IST)
Updated Date: Mon, 25 May 2026 04:07 AM (IST)

ਡੀਆਈਜੀ ਸਰਬਜੀਤ ਸਿੰਘ ਵੱਲੋਂ ਚੋਣਾਂ ਦੌਰਾਨ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਪੋਲਿੰਗ ਬੂਥਾਂ ਦੀ ਵੀਡੀਓਗ੍ਰਾਫੀ, ਨਿਯਮਾਂ ਦੀ ਪਾਲਣਾ ਤੇ ਵੋਟਾਂ ਦਾ ਸ਼ਾਂਤੀਪੂਰਨ ਸੰਚਾਲਨ ਯਕੀਨੀ ਬਣਾਉਣ ਦੇ ਨਿਰਦੇਸ਼ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਰੂਪਨਗਰ ਵਿਖੇ ਚੋਣ ਅਬਜਰਵਰ ਜਗਜੀਤ ਸਿੰਘ ਵੱਲੋਂ 26 ਮਈ 2026 ਨੂੰ ਜ਼ਿਲ੍ਹੇ ਵਿਚ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਸਬੰਧੀ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਰਾਜ ਚੋਣ ਕਮਿਸ਼ਨ ਦੀ ਹਿਦਾਇਤ ਅਨੁਸਾਰ ਪੋਲਿੰਗ ਬੂਥਾਂ ਦੀ ਵੀਡੀਓਗ੍ਰਾਫੀ ਯਕੀਨੀ ਕਰਨ ਲਈ ਕਿਹਾ। ਇਸ ਮੀਟਿੰਗ ਦੌਰਾਨ ਚੋਣ ਅਬਜਰਵਰ ਜਗਜੀਤ ਸਿੰਘ ਨੇ 5 ਨਗਰ ਕੌਂਸਲਾਂ ਰੂਪਨਗਰ, ਨੰਗਲ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਅਤੇ 1 ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਲਈ ਅਧਿਕਾਰੀਆਂ ਨੂੰ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ’ਤੇ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਵੱਲੋਂ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖਣ ਅਤੇ ਲੋੜ ਅਨੁਸਾਰ ਸੁਰੱਖਿਆ ਬਲ ਤਾਇਨਾਤ ਕਰਨ ਲਈ ਵੀ ਹਦਾਇਤਾਂ ਦਿੱਤੀਆਂ ਗਈਆਂ। ਇਸ ਮੀਟਿੰਗ ਦੌਰਾਨ ਵੋਟਾਂ ਦੀ ਗਿਣਤੀ ਸਬੰਧੀ ਪ੍ਰਬੰਧਾਂ, ਕਾਊਂਟਿੰਗ ਕੇਂਦਰਾਂ ਦੀ ਸੁਰੱਖਿਆ, ਸੀਸੀਟੀਵੀ ਨਿਗਰਾਨੀ, ਵੀਡੀਓਗ੍ਰਾਫੀ ਤੇ ਕਾਊਂਟਿੰਗ ਹਾਲਾਂ ਵਿਚ ਲਾਗੂ ਕੀਤੇ ਜਾਣ ਵਾਲੇ ਸੁਰੱਖਿਆ ਮਾਪਦੰਡਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਊਂਟਿੰਗ ਸਥਾਨਾਂ ’ਤੇ ਲਗਾਤਾਰ ਸੀਸੀਟੀਵੀ ਨਿਗਰਾਨੀ ਯਕੀਨੀ ਬਣਾਈ ਜਾਵੇ ਅਤੇ ਸਾਰੇ ਰਿਕਾਰਡ ਨੂੰ ਸੁਰੱਖਿਅਤ ਢੰਗ ਨਾਲ ਸੰਭਾਲਿਆ ਜਾਵੇ। ਉਨ੍ਹਾਂ ਕਿਹਾ ਕਿ ਕਾਊਂਟਿੰਗ ਕੇਂਦਰਾਂ ਬਾਰੇ ਉਮੀਦਵਾਰਾਂ ਨੂੰ ਸਮੇਂ ਸਿਰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਚੋਣਾਂ ਸਬੰਧੀ ਪ੍ਰੈੱਸ ਪਾਸ ਜਾਰੀ ਕਰਨ, ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਵੱਖ-ਵੱਖ ਆਰਓਜ਼ ਤੋਂ ਲੋੜੀਂਦੀ ਜਾਣਕਾਰੀ ਇਕੱਠੀ ਕਰਕੇ ਇਕਸਾਰ ਪ੍ਰਬੰਧ ਬਣਾਈ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੀਟਿੰਗ ਦੌਰਾਨ ਪੋਲਿੰਗ ਪਾਰਟੀਆਂ ਨੂੰ ਸਮੇਂ ਸਿਰ ਰਵਾਨਾ ਕਰਨ, ਪੋਲਿੰਗ ਸਟਾਫ਼ ਦੀ ਡਿਊਟੀ ਲਗਾਉਣ, ਵੋਟਿੰਗ ਸਮੱਗਰੀ ਦੀ ਉਪਲੱਬਧਤਾ, ਆਵਾਜਾਈ ਪ੍ਰਬੰਧ, ਸੁਰੱਖਿਆ ਪ੍ਰਬੰਧਾਂ ਅਤੇ ਚੋਣ ਡਿਊਟੀਆਂ ਦੀ ਵੰਡ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਲੋੜ ਅਨੁਸਾਰ ਵ੍ਹੀਲਚੇਅਰਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਰਿਕਾਰਡ ਨਿਰਧਾਰਤ ਸਮੇਂ ਤੱਕ ਸੰਭਾਲ ਕੇ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਆਰਓਜ਼ ਅਤੇ ਏਆਰਓਜ਼ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਅਨੁਕੂਲ ਮਾਹੌਲ ਪ੍ਰਦਾਨ ਕੀਤਾ ਜਾਵੇ ਅਤੇ ਚੋਣ ਪ੍ਰਕਿਰਿਆ ਦੌਰਾਨ ਹਰ ਗਤੀਵਿਧੀ ‘ਤੇ ਨਿਗਰਾਨੀ ਬਣਾਈ ਰੱਖੀ ਜਾਵੇ। ਇਸ ਮੀਟਿੰਗ ਦੌਰਾਨ ਚੋਣਾਂ ਨੂੰ ਸਫਲਤਾਪੂਰਵਕ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਵੀ ਤੈਅ ਕੀਤੀਆਂ ਗਈਆਂ। ਇਸ ਮੌਕੇ ਡੀਆਈਜੀ ਸਰਬਜੀਤ ਸਿੰਘ ਨੇ ਪੁਲਿਸ ਅਧਿਕਾਰੀਆਂ ਨੂੰ ਕਾਊਂਟਿੰਗ ਕੇਂਦਰਾਂ ਦੀ ਸੁਰੱਖਿਆ, ਸੁਰੱਖਿਆ ਕਰਮਚਾਰੀਆਂ ਦੀ ਯੋਗ ਤਾਇਨਾਤੀ ਕਰਨ ਅਤੇ ਪ੍ਰਵੇਸ਼ ਦੁਆਰਾਂ ਅਤੇ ਚੈਕ ਪੁਆਇੰਟਾਂ ’ਤੇ ਸਖਤ ਨਿਗਰਾਨੀ ਰੱਖਣ ਲਈ ਕਿਹਾ। ਇਸ ਤੋਂ ਇਲਾਵਾ ਸਟਰਾਂਗ ਰੂਮਾਂ ਦੀ ਸੁਰੱਖਿਆ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਜ਼ਿਕਰਯੋਗ ਹੈ ਕਿ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ 29 ਮਈ ਨੂੰ ਨਿਰਧਾਰਤ ਗਿਣਤੀ ਕੇਂਦਰਾਂ ’ਤੇ ਕੀਤੀ ਜਾਵੇਗੀ। ਨਗਰ ਨਿਗਮ/ਨਗਰ ਕੌਸਲ/ਨਗਰ ਪੰਚਾਇਤ ਚੋਣਾਂ 2026 ਦੇ ਮੱਦੇਨਜ਼ਰ ਉਮੀਦਵਾਰ ਅਤੇ ਆਮ ਜਨਤਾ ਚੋਣ ਅਬਜ਼ਰਵਰ ਡਗਜੀਤ ਸਿੰਘ ਨਾਲ ਚੋਣਾਂ ਸਬੰਧੀ ਮਾਮਲੇ ਲਈ ਮੋਬਾਇਲ ਨੰਬਰ : 90417-00221 ਤੇ 97791-41490 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੀਟਿੰਗ ਵਿਚ ਸਹਾਇਕ ਕਮਿਸ਼ਨਰ (ਜ) ਪ੍ਰਦੀਪ ਸਿੰਘ ਬੈਂਸ, ਆਰਟੀਓ ਰਾਜਪਾਲ ਸਿੰਘ ਸੇਖੋਂ, ਐੱਸਡੀਐੱਮ ਰੂਪਨਗਰ ਜਸਪ੍ਰੀਤ ਸਿੰਘ, ਐੱਸਡੀਐੱਮ ਮੋਰਿੰਡਾ ਚੇਤਨ ਬੰਗੜ, ਐੱਸਡੀਐੱਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਸਮੂਹ ਰਿਟਰਨਿੰਗ ਅਫਸਰ (ਆਰਓਜ਼), ਸਮੂਹ ਸਹਾਇਕ ਰਿਟਰਨਿੰਗ ਅਫਸਰ (ਏਆਰਓਜ਼), ਸਮੂਹ ਡੀਐੱਸਪੀਜ਼ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।