ਨੰਗਲ 'ਚ ਸਫ਼ਾਈ ਸੇਵਕਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ

ਹੜਤਾਲ ਲੰਬੀ ਖਿੱਚੀ ਗਈ ਤਾਂ ਜ਼ਿੰਮੇਵਾਰ ਸਰਕਾਰ ਹੋਵੇਗੀ : ਕੌਸ਼ਲ ਕੁਮਾਰ, ਪ੍ਰਧਾਨ
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ,
ਨੰਗਲ:ਨੰਗਲ ਵਿਖੇ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਅਤੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਚੌਥੇ ਦਿਨ ਵਿੱਚ ਦਾਖ਼ਲ ਹੋ ਗਈ ਹੈ। ਸਫ਼ਾਈ ਸੇਵਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਸਾਫ਼ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ, ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਯੂਨੀਅਨ ਦੇ ਪ੍ਰਧਾਨ ਕੌਸ਼ਲ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ "ਅਸੀਂ ਦੋ-ਤਿੰਨ ਵਾਰ ਮੋਹਾਲੀ ਮੀਟਿੰਗ ਲਈ ਗਏ, ਪਰ ਹਰ ਵਾਰ ਮੁੱਖ ਮੰਤਰੀ ਦੀ ਗੈਰ-ਹਾਜ਼ਰੀ ਦਾ ਬਹਾਨਾ ਬਣਾ ਕੇ ਮੀਟਿੰਗ ਰੱਦ ਕਰ ਦਿੱਤੀ ਗਈ। ਮਜਬੂਰਨ ਐਕਸ਼ਨ ਕਮੇਟੀ ਨੂੰ 6 ਮਈ ਤੋਂ ਹੜਤਾਲ ਦਾ ਫੈਸਲਾ ਲੈਣਾ ਪਿਆ।" ਉਨ੍ਹਾਂ ਕਿਹਾ ਕਿ ਉਹ ਸ਼ਹਿਰ ਨਿਵਾਸੀਆਂ ਨੂੰ ਤੰਗ ਨਹੀਂ ਕਰਨਾ ਚਾਹੁੰਦੇ, ਪਰ ਸਰਕਾਰ ਦੀ ਬੇਰੁਖ਼ੀ ਕਾਰਨ ਉਨ੍ਹਾਂ ਕੋਲ ਕੋਈ ਹੋਰ ਚਾਰਾ ਨਹੀਂ ਬਚਿਆ।
ਜਨਰਲ ਸਕੱਤਰ ਜਗਦੀਸ਼ ਸਰੋਵਰ (ਰੂਪਨਗਰ ਜ਼ਿਲ੍ਹਾ ਮੈਂਬਰ) ਨੇ ਕਿਹਾ ਕਿ ਯੂਨੀਅਨ ਦੀਆਂ ਕੁੱਲ 30 ਮੰਗਾਂ ਹਨ, ਜਿਨ੍ਹਾਂ ਵਿੱਚ ਸਭ ਤੋਂ ਅਹਿਮ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਠੇਕੇਦਾਰੀ ਸਿਸਟਮ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਉਨ੍ਹਾਂ ਅੱਗੇ ਕਿਹਾ, "ਸਰਕਾਰ ਮਾਵਾਂ-ਭੈਣਾਂ ਨੂੰ 1000 ਰੁਪਏ ਦੇਣ ਦੇ ਦਾਅਵੇ ਤਾਂ ਕਰਦੀ ਹੈ, ਪਰ ਮੁਲਾਜ਼ਮਾਂ ਦਾ ਬਣਦਾ ਡੀ.ਏ. ਅਤੇ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਰੋਕ ਕੇ ਬੈਠੀ ਹੈ। ਪਿਛਲੇ ਤਿੰਨ ਮਹੀਨਿਆਂ ਤੋਂ ਪੈਨਸ਼ਨਾਂ ਨਾ ਮਿਲਣ ਕਾਰਨ ਗੁਜ਼ਾਰਾ ਕਰਨਾ ਔਖਾ ਹੋ ਗਿਆ ਹੈ।" ਧਰਨੇ 'ਤੇ ਬੈਠੀ ਇੱਕ ਸਫ਼ਾਈ ਸੇਵਕ ਮਹਿਲਾ ਨੇ ਆਪਣਾ ਦਰਦ ਬਿਆਨ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਉਹ ਲਗਾਤਾਰ ਸੰਘਰਸ਼ ਕਰ ਰਹੇ ਹਨ। ਸੀ.ਐਮ. ਸਾਹਿਬ ਕੋਲ ਮੁਲਾਜ਼ਮਾਂ ਦੀ ਗੱਲ ਸੁਣਨ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਕੋਈ ਹੱਲ ਨਾ ਨਿਕਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਨੂੰ ਇਸ ਤੋਂ ਵੀ ਵੱਡੇ ਰੋਸ ਦਾ ਸਾਹਮਣਾ ਕਰਨਾ ਪਵੇਗਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਰਵੀ ਰਾਏ, ਬੰਟੀ, ਗਾਗੂ, ਮੁਕੇਸ਼ ਕੁਮਾਰ, ਸ਼ਾਤੀ, ਅਲਕਾ, ਦੀਪਮਾਲਾ ਨੇ ਵੀ ਹੱਕੀ ਮੰਗਾਂ ਲਈ ਹੜਤਾਲ ਨੂੰ ਸੰਬੋਧਨ ਕੀਤਾ।
ਪੰਜਾਬ ਭਾਜਪਾ ਨੇ ਕੀਤਾ ਹੜਤਾਲ ਦਾ ਸਮਰਥਨ
ਸਫਾਈ ਸੇਵਕ ਯੂਨੀਅਨ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਕੀਤੀ ਜਾ ਰਹੀ ਹੜਤਾਲ ਨੂੰ ਅੱਜ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਵੱਲੋ ਸਮਰਥਨ ਦਿੱਤਾ ਗਿਆ। ਉਹਨਾ ਦੇ ਨਾਲ ਨੰਗਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਿੰਕੀ ਸ਼ਰਮਾ , ਕਰਨ ਮਹੈਣ, ਅਲਕਾ ਐਰੀ ਵਲੋਂ ਅੱਜ ਚੋਥੇ ਦਿਨ ਹੜਤਾਲ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਤੇ ਬੋਲਦਿਆਂ ਪ੍ਰਧਾਨ ਸੁਭਾਸ਼ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਗਰੀਬਾਂ ਦੇ ਹੱਕਾਂ ਤੇ ਡਾਕਾ ਹੈ ਅਤੇ ਜੋ ਸਰਕਾਰ ਇਹ ਕਹਿੰਦੀ ਸੀ ਕਿ ਉਹ ਆਮ ਲੋਕਾਂ ਦੀ ਸਰਕਾਰ ਹੈ ਉਸ ਵਿੱਚ ਆਪਣੇ ਹੱਕ ਲੈਣ ਦੇ ਲਈ ਆਮ ਲੋਕਾਂ ਨੂੰ ਹੀ ਹੜਤਾਲ ਕਰਨੀ ਪੈ ਰਹੀ ਹੈ ਉਹਨਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੜਤਾਲ ਦਾ ਭਰਪੂਰ ਸਮਰਥਨ ਕਰਦੀ ਹੈ।