ਐੱਸਐੱਸਪੀ ਤੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਬੂਥਾ ਦਾ ਦੌਰਾ
ਐਸਐਸਪੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਬੂਥਾ ਦਾ ਦੌਰਾ
Publish Date: Tue, 26 May 2026 05:03 PM (IST)
Updated Date: Tue, 26 May 2026 05:04 PM (IST)

ਨਰਿੰਦਰ ਸੈਣੀ, ਪੰਜਾਬੀ ਜਾਗਰਣ ਸ੍ਰੀ ਕੀਰਤਪੁਰ ਸਾਹਿਬ : ਅੱਜ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਵਿਖੇ ਚੋਣਾਂ ਹੋ ਰਹੀਆਂ ਹਨ। ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਅਤੇ ਜਿਲ੍ਹਾ ਪੁਲਿਸ ਮੁੱਖੀ ਮਨਿੰਦਰ ਸਿੰਘ ਨੇ ਚੋਣਾਂ ਦੇ ਦਿਨ ਸ੍ਰੀ ਕੀਰਤਪੁਰ ਸਾਹਿਬ ਵਿੱਚ ਪੋਲਿੰਗ ਬੂਥਾਂ ਦੇ ਪ੍ਰਬੰਧਾਂ ਅਤੇ ਸੁਰੱਖਿਆ ਇੰਤਜ਼ਾਮਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ ‘ਤੇ ਲਗਾਏ ਗਏ ਸੀ,ਸੀ,ਟੀ,ਵੀ ਨਿਗਰਾਨੀ ਪ੍ਰਣਾਲੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ, ਤਾਂ ਜੋ ਚੋਣਾਂ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾ ਸਕਣ। ਉੱਚ ਅਧਿਕਾਰੀਆਂ ਨੇ ਚੋਣ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਚੋਣ ਹਦਾਇਤਾਂ ਦੀ ਪੂਰੀ ਪਾਲਣਾ ਕਰਨ ਅਤੇ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਂਦੇ ਹੋਏ ਸੁਚਾਰੂ ਪੋਲਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਰਿਟਰਨਿੰਗ ਅਫਸਰ ਭਾਵਕ ਸ਼ਰਮਾ ਵੀ ਮੌਜੂਦ ਸਨ, ਜਿਨ੍ਹਾਂ ਨੇ ਇਲਾਕੇ ਵਿੱਚ ਕੀਤੀਆਂ ਗਈਆਂ ਪ੍ਰਸ਼ਾਸਕੀ ਤਿਆਰੀਆਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਦੱਸਿਆ ਕਿ ਦੋ ਬੂਥ ਸੰਵੇਦਨਸ਼ੀਲ ਹਨ ਜਿਨ੍ਹਾਂ ’ਤੇ ਵਾਧੂ ਸੁਰੱਖਿਆ ਫੋਰਸ ਤੈਨਾਤ ਕੀਤੀ ਗਈ ਹੈ, ਚੋਣ ਅਮਲਾ ਆਪਣੇ ਆਪਣੇ ਬੂਥਾਂ ’ਤੇ ਪਹੁੰਚ ਗਏ ਸਨ,ਅਧਿਕਾਰੀਆਂ ਨੇ ਤਿਆਰੀਆਂ ‘ਤੇ ਸੰਤੁਸ਼ਟੀ ਜਤਾਈ ਅਤੇ ਸਾਰੇ ਵਿਭਾਗਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪੂਰੀ ਤਰ੍ਹਾਂ ਚੌਕਸ ਅਤੇ ਜ਼ਿੰਮੇਵਾਰ ਰਹਿਣ ਦੇ ਨਿਰਦੇਸ਼ ਦਿੱਤੇ। ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਨਗਰ ਪੰਚਾਇਤ ਕੀਰਤਪੁਰ ਸਾਹਿਬ ਵਿੱਚ 11 ਵਾਰਡ ਹਨ, ਜਿਨਾਂ ਵਿੱਚ ਆਮ ਆਦਮੀ ਪਾਰਟੀ ਤੋਂ ਨੌ ਸ਼੍ਰੋਮਣੀ ਅਕਾਲੀ ਦਲ ਤੋਂ ਤਿੰਨ ਅਤੇ 20 ਆਜ਼ਾਦ ਉਮੀਦਵਾਰ ਚੋਣਾਂ ਵਿੱਚ ਹਿੱਸਾ ਲੈ ਰਹੇ ਹਨ। ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਚੋਣ ਅਮਲਾ, ਪੋਲਿੰਗ ਸਮੱਗਰੀ, ਆਵਾਜਾਈ ਅਤੇ ਨਿਗਰਾਨੀ ਪ੍ਰਣਾਲੀ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ, ਤਾਂ ਜੋ ਵੋਟਰਾਂ ਨੂੰ ਬਿਨ੍ਹਾਂ ਕਿਸੇ ਰੁਕਾਵਟ ਦੇ ਵੋਟ ਪਾਉਣ ਦੀ ਸਹੂਲਤ ਮਿਲ ਸਕੇ। ਪੋਲਿੰਗ ਬੂਥਾਂ ’ਤੇ ਪੀਣ ਵਾਲੇ ਪਾਣੀ, ਬਜ਼ੁਰਗ ਵੋਟਰਾਂ ਲਈ ਵੀਲ ਚੇਅਰ, ਅਤੇ ਸੰਵੇਦਨਸ਼ੀਲ ਬੂਥਾਂ ’ਤੇ ਕੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਕਿਹਾ ਕਿ ਚੋਣਾਂ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਵਿਸ਼ਾਲ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸੰਵੇਦਨਸ਼ੀਲ ਅਤੇ ਮਹੱਤਵਪੂਰਨ ਸਥਾਨਾਂ ‘ਤੇ ਪੁਲਿਸ ਬਲ ਅਤੇ ਸੁਰੱਖਿਆ ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ, ਜਦਕਿ ਪੋਲਿੰਗ ਦੌਰਾਨ ਸੀਸੀਟੀਵੀ ਨਿਗਰਾਨੀ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਨੇ ਪ੍ਰਸ਼ਾਸਨ ਦੀ ਨਿਰਪੱਖ, ਪਾਰਦਰਸ਼ੀ ਅਤੇ ਬਿਨਾਂ ਪੱਖਪਾਤ ਚੋਣਾਂ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਅਤੇ ਭਾਈਚਾਰੇ ਨੂੰ ਬਣਾਈ ਰੱਖਦੇ ਹੋਏ ਉਤਸ਼ਾਹ ਨਾਲ ਲੋਕਤੰਤਰਕ ਪ੍ਰਕਿਰਿਆ ਵਿੱਚ ਭਾਗ ਲੈਣ।