ਸ਼੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸਬੰਧੀ ਸ਼ੁਕਰਾਨਾ ਸਮਾਗਮ ਕਰਵਾਇਆ
ਸ਼੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸਬੰਧੀ ਸ਼ੁਕਰਾਨਾ ਸਮਾਗਮ ਕਰਵਾਇਆ
Publish Date: Sun, 10 May 2026 04:30 PM (IST)
Updated Date: Mon, 11 May 2026 04:01 AM (IST)

ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਪਿਛਲੇ ਦਿਨੀ 29,30 ਅਪ੍ਰੈਲ ਅਤੇ 1 ਮਈ ਨੂੰ ਸ੍ਰੀ ਕੀਰਤਪੁਰ ਸਾਹਿਬ ਦਾ ਸਥਾਪਨਾ ਦਿਵਸ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਜਥੇਬੰਦੀਆਂ, ਕਾਰ ਸੇਵਾ ਕਿਲ੍ਹਾਂ ਅਨੰਦਗੜ੍ਹ, ਕਾਰ ਸੇਵਾ ਭੂਰੀ ਵਾਲੇ ਅਤੇ ਵੱਖ ਵੱਖ ਸੰਪਰਦਾਵਾਂ ਦੇ ਮੁਖੀਆਂ ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਮਨਾਇਆ ਗਿਆ ਸੀ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਵਸਾਈ ਹੋਈ ਪਾਵਨ ਧਰਤੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਨੂੰ ਮਨਾਉਂਦਿਆਂ ਹੋਈ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਲਈ ਸਤਿਗੁਰੂ ਜੀ ਦਾ ਸ਼ੁਕਰਾਨਾ ਸਮਾਗਮ ਅੱਜ ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ । ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ ਅਤੇ ਗੁਰੂ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ । ਇਸ ਦੌਰਾਨ ਕੀਰਤਨੀ ਜਥੇ ਅਤੇ ਕਥਾ ਵਾਚਕਾਂ ਵੱਲੋਂ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਵਿਦਵਾਨਾਂ ਵੱਲੋਂ ਛੇ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪਵਿੱਤਰ ਧਰਤੀ ਸ਼੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ। ਇਤਿਹਾਸ ਅਨੁਸਾਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਕਹਿਲੂਰ ਦੇ ਰਾਜਾ ਤਾਰਾ ਚੰਦ ਤੋਂ ਇਹ ਜ਼ਮੀਨ ਪ੍ਰਾਪਤ ਕੀਤੀ ਸੀ। ਇਹ ਨਗਰ ਬਾਬਾ ਸ੍ਰੀ ਚੰਦ ਜੀ (ਗੁਰੂ ਨਾਨਕ ਦੇਵ ਜੀ ਦੇ ਸਪੁੱਤਰ) ਦੁਆਰਾ ਬਾਬਾ ਗੁਰਦਿੱਤਾ ਜੀ ਨੇ 1 ਮਈ 1626 ਨੂੰ ਵਸਾਈ। ਇਸ ਦੇ ਨਾਲ ਹੀ ਇਹ ਸਥਾਨ ਇੱਕ ਮੁਸਲਿਮ ਸੰਤ ਪੀਰ ਬੁੱਢਣ ਸ਼ਾਹ ਦੀ ਯਾਦ ਨਾਲ ਵੀ ਜੁੜਿਆ ਹੋਇਆ ਹੈ, ਜੋ ਗੁਰੂ ਨਾਨਕ ਦੇਵ ਜੀ ਨੂੰ ਮਿਲੇ ਸਨ ਅਤੇ ਇੱਥੇ ਬਾਬਾ ਗੁਰਦਿੱਤਾ ਜੀ ਦਾ ਸਵਾਗਤ ਕੀਤਾ ਸੀ। 1635 ਈ : ਵਿੱਚ ਕਰਤਾਰਪੁਰ ਦੀ ਲੜਾਈ ਤੋਂ ਬਾਅਦ, ਗੁਰੂ ਹਰਗੋਬਿੰਦ ਸਾਹਿਬ ਜੀ ਇੱਥੇ ਆ ਕੇ ਵਸ ਗਏ ਸਨ। ਇਸ ਤੋਂ ਇਲਾਵਾ, ਸੱਤਵੇਂ ਗੁਰੂ ਹਰਿ ਰਾਇ ਜੀ ਅਤੇ ਅੱਠਵੇਂ ਗੁਰੂ ਹਰਿਕ੍ਰਿਸ਼ਨ ਜੀ ਦਾ ਜਨਮ ਅਤੇ ਪਾਲਣ-ਪੋਸ਼ਣ ਇੱਥੇ ਹੀ ਹੋਇਆ ਸੀ। 1675 ਈ : ’ਚ, ਭਾਈ ਜੈਤਾ ਜੀ ਦੁਆਰਾ ਦਿੱਲੀ ਤੋਂ ਗੁਰੂ ਤੇਗ ਬਹਾਦਰ ਜੀ ਦਾ ਸੀਸ ਲਿਆ ਕੇ ਇੱਥੇ ਹੀ ਰੱਖਿਆ ਗਿਆ ਸੀ, ਜਿਸ ਨੂੰ ਬਾਅਦ ਵਿੱਚ ਅੰਤਿਮ ਸਸਕਾਰ ਲਈ ਅਨੰਦਪੁਰ ਸਾਹਿਬ ਲਿਜਾਇਆ ਗਿਆ। ਇਸ ਸਥਾਨ ਤੇ ਗੁਰਦੁਆਰਾ ਬੀਬਾਨਗੜ੍ਹ ਸਾਹਿਬ ਸਥਿਤ ਹੈ। ਸ੍ਰੀ ਕੀਰਤਪੁਰ ਸਾਹਿਬ ਸਿੱਖਾਂ ਲਈ ਇੱਕ ਪਵਿੱਤਰ ਸਥਾਨ ਹੈ, ਜਿੱਥੇ ਗੁਰੂ ਸਾਹਿਬਾਨ ਦੇ ਸਮੇਂ ਤੋਂ ਹੀ ਮ੍ਰਿਤਕਾਂ ਦੀਆਂ ਅਸਥੀਆਂ ਦਾ ਜਲ ਪ੍ਰਵਾਹ (ਸਤਲੁਜ ਨਦੀ ਵਿੱਚ) ਕਰਨ ਦੀ ਪਰੰਪਰਾ ਚੱਲੀ ਆ ਰਹੀ ਹੈ। ਸ੍ਰੀ ਕੀਰਤਪੁਰ ਸਾਹਿਬ ਦੀ ਧਰਤੀ ਸਿੱਖ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਸਥਾਨ ਹੈ, ਜੋ ਸਿੱਖ ਧਰਮ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਰਿਹਾ ਹੈ। ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਸ਼ੁਕਰਾਨਾ ਸਮਾਗਮ ਦੌਰਾਨ ਐਸਜੀਪੀਸੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਮੀਤ ਮੈਨੇਜਰ ਹਰਦੇਵ ਸਿੰਘ ਹੈਪੀ,ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਮੈਨੇਜਰ ਸੁਖਬੀਰ ਸਿੰਘ, ਗ੍ਰੰਥੀ ਜਰਨੈਲ ਸਿੰਘ, ਵਿਜੇ ਬਜਾਜ, ਸੁਖਦੇਵ ਸਿੰਘ ਰਾਣਾ, ਮਨਜੀਤ ਸਿੰਘ ਨੀਟੂ, ਡਾਕਟਰ ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।