ਨੂਰਪੁਰਬੇਦੀ ਪੁਲਿਸ ਸਟੇਸ਼ਨ ਨੇੜੇ ਦੁਕਾਨ ਦੀ ਛੱਤ ਪਾੜ ਕੇ ਚੋਰੀ
ਨੂਰਪੁਰਬੇਦੀ ਪੁਲਿਸ ਸਟੇਸ਼ਨ ਦੇ ਨਜ਼ਦੀਕ ਦੁਕਾਨ ਦੀ ਛੱਤ ਪਾੜ ਕੇ ਚੋਰੀ
Publish Date: Wed, 14 Jan 2026 05:01 PM (IST)
Updated Date: Wed, 14 Jan 2026 05:03 PM (IST)

ਪੰਜਾਬੀ ਜਾਗਰਣ ਟੀਮ, ਨੂਰਪੁਰਬੇਦੀ : ਨੂਰਪੁਰ ਬੇਦੀ ਪੁਲਿਸ ਸਟੇਸ਼ਨ ਦੇ ਬਿਲਕੁਲ ਨਜ਼ਦੀਕ ਸਥਿਤ ਸੰਮਤੀ ਰੈਸਟ ਹਾਊਸ ਦੇ ਸਾਹਮਣੇ ਮੌਜੂਦ ਕ੍ਰਿਸ਼ਨ ਕੁਮਾਰ ਕਰਿਆਨਾ ਸਟੋਰ ਵਿੱਚ ਬੀਤੀ ਦਰਮਿਆਨੀ ਰਾਤ ਅਣਪਛਾਤੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰ ਦੁਕਾਨ ਦੇ ਪਿਛਲੇ ਪਾਸੇ ਤੋਂ ਛੱਤ ਉੱਤੇ ਚੜ੍ਹ ਕੇ ਪੱਤਰੇ ਪਾੜ ਕੇ ਅੰਦਰ ਦਾਖ਼ਲ ਹੋਏ ਅਤੇ ਗੱਲੇ ਵਿੱਚ ਪਈ ਲਗਭਗ 30 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ। ਪੀੜਤ ਦੁਕਾਨਦਾਰ ਕ੍ਰਿਸ਼ਨ ਕੁਮਾਰ ਦੇ ਪੁੱਤਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਇਸ ਮਾਰਕੀਟ ਵਿੱਚ ਕੁਝ ਦਿਨ ਪਹਿਲਾਂ ਵੀ ਚੋਰੀ ਦੀਆਂ ਕੋਸ਼ਿਸ਼ਾਂ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਚੋਰ ਪੂਰੀ ਤਿਆਰੀ ਨਾਲ ਦੁਕਾਨ ਵਿੱਚ ਦਾਖ਼ਲ ਹੋਏ ਅਤੇ ਨਗਦੀ ਲੈ ਗਏ, ਜਿਸ ਨਾਲ ਦੁਕਾਨਦਾਰਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਦੀ ਜਾਣਕਾਰੀ ਤੁਰੰਤ ਪੰਜਾਬ ਪੁਲਿਸ ਦੇ ਅਧੀਨ ਨੂਰਪੁਰਬੇਦੀ ਪੁਲਿਸ ਸਟੇਸ਼ਨ ਨੂੰ ਦੇ ਦਿੱਤੀ ਗਈ, ਜਿਸ ਉਪਰੰਤ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਇੱਕ ਹੋਰ ਦੁਕਾਨਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਦੁਕਾਨ ਅਤੇ ਨੇੜਲੇ ਹੋਰ ਸਟੋਰਾਂ ‘ਤੇ ਵੀ ਤਾਲੇ ਤੋੜਨ ਦੀ ਕੋਸ਼ਿਸ਼ ਹੋਈ ਸੀ, ਪਰ ਕਿਸੇ ਵੱਡੇ ਨੁਕਸਾਨ ਤੋਂ ਬਚਾਵ ਰਹਿਆ। ਉਨ੍ਹਾਂ ਆਸ ਜਤਾਈ ਕਿ ਪੁਲਿਸ ਵੱਲੋਂ ਇਨ੍ਹਾਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਰਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਵਾਰਦਾਤ ਤੋਂ ਬਾਅਦ ਇਲਾਕੇ ਦੇ ਵਪਾਰੀਆਂ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਗਈ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਗਸ਼ਤ ਵਿੱਚ ਵਾਧਾ ਹੋਣ ਨਾਲ ਅਜਿਹੀਆਂ ਘਟਨਾਵਾਂ ‘ਤੇ ਕਾਬੂ ਪਾਇਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਸਿੱਧ ਚਾਨਣ ਬਲੀ ਪਾਤਸ਼ਾਹ, ਪਿੰਡ ਰਾਮਪੁਰ ਵਿੱਚ ਵੀ ਚੋਰੀ ਦੀ ਘਟਨਾ ਸਾਹਮਣੇ ਆਈ ਸੀ, ਜਿਸ ਸਬੰਧੀ ਪੁਲਿਸ ਵੱਲੋਂ ਜਾਂਚ ਜਾਰੀ ਹੈ। ਇਸ ਮਾਮਲੇ ‘ਚ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਰਾਤ ਸਮੇਂ ਗਸ਼ਤ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਣਾ ਚਾਹੀਦਾ ਹੈ, ਤਾਂ ਜੋ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦਾ ਭਰੋਸਾ ਬਣਿਆ ਰਹੇ।