ਬੇਰੁਜ਼ਗਾਰਾਂ ਵੱਲੋਂ ਮੰਤਰੀ ਦੇ ਪਿੰਡ ਗੰਭੀਰਪੁਰ ’ਚ ਰੋਸ ਪ੍ਰਦਰਸ਼ਨ
ਬੇਰੁਜ਼ਗਾਰਾਂ ਵੱਲੋਂ ਮੰਤਰੀ ਦੇ ਪਿੰਡ ਗੰਭੀਰਪੁਰ ਵਿੱਚ ਰੋਸ ਪ੍ਰਦਰਸ਼ਨ
Publish Date: Sun, 24 May 2026 06:08 PM (IST)
Updated Date: Mon, 25 May 2026 04:08 AM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਨਵੀਆਂ ਈਟੀਟੀ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਸੁਨੀਲ ਫਾਜ਼ਿਲਕਾ ਨੇ ਕਿਹਾ ਕਿ ਪਿਛਲੇ ਲਗਭਗ ਚਾਰ ਸਾਲਾਂ ਤੋਂ ਯੂਨੀਅਨ ਵੱਲੋਂ ਨਵੀਆਂ ਭਰਤੀਆਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਹਰ ਵਾਰ ਭਰੋਸੇ ਦੇ ਕੇ ਸਮਾਂ ਕੱਢ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵੀ ਵਧੀ ਹੈ, ਪਰ ਨਵੇਂ ਅਧਿਆਪਕਾਂ ਦੀ ਭਰਤੀ ਨਹੀਂ ਕੀਤੀ ਗਈ। ਕਈ ਅਧਿਆਪਕ ਸੇਵਾ ਮੁਕਤ ਹੋ ਚੁੱਕੇ ਹਨ ਅਤੇ ਵੱਡੇ ਪੱਧਰ ‘ਤੇ ਪਦ ਉੱਨਤੀਆਂ ਵੀ ਹੋਈਆਂ ਹਨ, ਜਿਸ ਕਾਰਨ ਪ੍ਰਾਇਮਰੀ ਸਕੂਲਾਂ ਵਿੱਚ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਖਾਲੀ ਅਸਾਮੀਆਂ ਦੇ ਬਾਵਜੂਦ ਸਰਕਾਰ ਵੱਲੋਂ ਨਵਾਂ ਇਸ਼ਤਿਹਾਰ ਜਾਰੀ ਨਾ ਕਰਨਾ ਬੇਰੁਜ਼ਗਾਰਾਂ ਨਾਲ ਨਿਆਂ ਨਹੀਂ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਟੈੱਟ ਪਾਸ ਉਮੀਦਵਾਰਾਂ ਦੀ ਗਿਣਤੀ 50 ਹਜ਼ਾਰ ਤੋਂ ਵੱਧ ਹੋ ਚੁੱਕੀ ਹੈ, ਪਰ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਇਕ ਵੀ ਨਵੀਂ ਭਰਤੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਬੇਰੁਜ਼ਗਾਰ ਉਮਰ ਹੱਦ ਪਾਰ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ। ਧਰਨੇ ਦੌਰਾਨ ਗੌਰਮਿੰਟ ਟੀਚਰ ਯੂਨੀਅਨ ਦੇ ਆਗੂਆਂ ਨੇ ਵੀ ਸਮਰਥਨ ਦਿੱਤਾ ਅਤੇ ਸੰਘਰਸ਼ ਵਿੱਚ ਸਾਥ ਦੇਣ ਦਾ ਭਰੋਸਾ ਦਿੱਤਾ। ਯੂਨੀਅਨ ਵੱਲੋਂ ਮੌਕੇ ‘ਤੇ ਪਹੁੰਚੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਗਿਆ। ਪ੍ਰਸ਼ਾਸਨ ਵੱਲੋਂ ਯੂਨੀਅਨ ਦੀ 28 ਮਈ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਤਹਿ ਕਰਵਾਈ ਗਈ। ਯੂਨੀਅਨ ਨੇ ਮੰਗ ਕੀਤੀ ਕਿ ਜਲਦ ਤੋਂ ਜਲਦ 18 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਤੇ ਬੇਰੁਜ਼ਗਾਰਾਂ ਨੂੰ ਟੈਂਕੀਆਂ ਅਤੇ ਟਾਵਰਾਂ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਸੁਨੀਲ ਫਾਜ਼ਿਲਕਾ, ਸਲਵਿੰਦਰ ਸਿੰਘ, ਸੰਦੀਪ ਸਿੰਘ, ਰਣਜੀਤ ਸਿੰਘ, ਅੰਕੁਸ਼ ਕੰਬੋਜ਼ ਸਮੇਤ ਵੱਡੀ ਗਿਣਤੀ ’ਚ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ।