ਹਫ਼ਤੇ ’ਚ 13 ਮੁਲਜ਼ਮਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
ਹਫ਼ਤੇ ‘ਚ 13 ਮੁਲਜ਼ਮਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
Publish Date: Wed, 25 Feb 2026 05:45 PM (IST)
Updated Date: Wed, 25 Feb 2026 05:49 PM (IST)

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ ਭਵਾਨੀਗੜ੍ਹ : ਐੱਸਐੱਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸਬ ਡਵੀਜਨ ਭਵਾਨੀਗੜ੍ਹ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’, ‘ਪਿੰਡਾਂ ਦੇ ਪਹਿਰੇਦਾਰ’ ਅਤੇ ‘ਆਪ੍ਰੇਸ਼ਨ ਪ੍ਰਹਾਰ 2.0’ ਤਹਿਤ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ 18 ਤੋਂ 25 ਫਰਵਰੀ ਤਕ ਕੁੱਲ 13 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੇ ਮੁਲਜ਼ਮ ਵੱਖ-ਵੱਖ ਮੁਕੱਦਮਿਆਂ ਵਿੱਚ ਲੁੜੀਂਦੇ ਸਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਪ੍ਰੇਸ਼ਨ ਪ੍ਰਹਾਰ 2.0 ਤਹਿਤ ਹੁਣ ਤਕ ਕੁੱਲ 38 ਮੁਲਜ਼ਮ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਅਰਸੇ ਦੌਰਾਨ ਇੱਕ ਮੁਕੱਦਮਾ ਐੱਨਡੀਪੀਐੱਸ ਐਕਟ ਤਹਿਤ ਦਰਜ ਕੀਤਾ ਗਿਆ ਅਤੇ ਇਸ ਵਿੱਚ 1 ਮਹਿਲਾ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋਂ 25 ਗ੍ਰਾਮ ਚਿੱਟਾ ਬ੍ਰਾਮਦ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਇੱਕ ਮੁਕੱਦਮਾ ਆਬਕਾਰੀ ਐਕਟ ਤਹਿਤ ਦਰਜ ਕੀਤਾ ਗਿਆ, ਜਿਸ ਵਿੱਚ ਵੀ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 24 ਬੋਤਲਾਂ ਸ਼ਰਾਬ ਮਾਰਕਾ ਹਰਿਆਣਾ ਬਰਾਮਦ ਕੀਤੀ। ਇਸ ਤੋਂ ਇਲਾਵਾ ਥਾਣਾ ਭਵਾਨੀਗੜ੍ਹ ਅਧੀਨ ਇਲਾਕੇ ਵਿੱਚ ਨਸ਼ਾ ਕਰਨ ਦੇ ਆਦੀ 04 ਵਿਅਕਤੀਆਂ, ਜੋ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਸਨ, ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਲਿਜਾਇਆ ਗਿਆ ਅਤੇ ਉਨ੍ਹਾਂ ਦੀ ਕਾਊਂਸਲਿੰਗ ਕਰਵਾ ਕੇ ਇਲਾਜ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਭਵਾਨੀਗੜ੍ਹ ਇਲਾਕੇ ਵਿੱਚ ਅਪਰਾਧਕ ਸਰਗਰਮੀਆਂ ਰੋਕਣ ਲਈ ਲਗਭਗ 99 ਸ਼ੱਕੀ ਵਿਅਕਤੀਆਂ ਦੀ ਧਾਰਾ 172 ਬੀਐੱਨਐੱਸਐੱਸ ਤਹਿਤ ਜਾਂਚ ਕਰ ਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸੇ ਤਰ੍ਹਾਂ ਦਿਨ ਅਤੇ ਰਾਤ ਸਮੇਂ ਗਸ਼ਤਾਂ ਦੌਰਾਨ ਇਲਾਕੇ ਵਿੱਚ ਟ੍ਰੈਫਿਕ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 65 ਵ੍ਹੀਕਲਾਂ ਦੇ ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣਨ ਉਪਰੰਤ 15 ਦਰਖਾਸਤਾਂ ਦਾ ਨਿਪਟਾਰਾ ਵੀ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਸਬੰਧੀ ਅਪੀਲ ਕੀਤੀ। ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਅਧਿਕਾਰੀਆਂ ਵੱਲੋਂ ਇਲਾਕੇ ਵਿੱਚ ਵੱਖ-ਵੱਖ ਥਾਵਾਂ ’ਤੇ ਪਬਲਿਕ ਮਿਲਣੀਆਂ ਕੀਤੀਆਂ ਗਈਆਂ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਮੋਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।