- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਲੇਰਕੋਟਲਾ ਦੀਆਂ ਮੰਡੀਆਂ ’ਚ 13,573 ਮੀਟ੍ਰਿਕ ਟਨ ਝੋਨੇ ਦੀ ਆਮਦ, 12,391 ਟਨ ਦੀ ਖ਼ਰੀਦ

ਸੱਤਪਾਲ ਸਿੰਘ ਕਾਲਾਬੂਲਾ/ਜਸਪਾਲ ਲਾਡੇਵਾਲ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਜ਼ਿਲ੍ਹਾ ਮਾਲੇਰਕੋਟਲਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਜਾਰੀ ਹੈ। 14 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 13,573 ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ ਖ਼ਰੀਦ ਏਜੰਸੀਆਂ ਵੱਲੋਂ 12,391 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਤੈਅ ਸਮੇਂ ਅੰਦਰ ਯਕੀਨੀ ਬਣਾਈ ਜਾ ਰਹੀ ਹੈ ਅਤੇ ਹੁਣ ਤੱਕ 26.22 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਅਤੇ ਅਦਾਇਗੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 5,314 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 4,900 ਮੀਟ੍ਰਿਕ ਟਨ, ਪਨਸਪ ਵੱਲੋਂ 565 ਮੀਟ੍ਰਿਕ ਟਨ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 1,426 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਵੀ ਲੱਗਭੱਗ 186 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ 17 ਫ਼ੀਸਦੀ ਤੱਕ ਨਮੀ ਵਾਲੇ ਝੋਨੇ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਨਮੀ ਦੀ ਮਾਤਰਾ ਵੱਧ ਹੋਣ ਕਾਰਨ ਖ਼ਰੀਦ ਵਿੱਚ ਦੇਰੀ ਹੋ ਸਕਦੀ ਹੈ, ਜਿਸ ਨਾਲ ਕਿਸਾਨਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲੱਗਭੱਗ 4.62 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਪ੍ਰਬੰਧਾਂ ਦੀ ਨਿਯਮਤ ਸਮੀਖਿਆ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਕਾਮਿਆਂ ਨੂੰ ਕੋਈ ਮੁਸ਼ਕਲ ਨਾ ਆਵੇ।
ਉਨ੍ਹਾਂ ਕਿਹਾ ਕਿ ਰਾਤ ਸਮੇਂ ਤਰੇਲ ਪੈਣ ਕਾਰਨ ਝੋਨੇ ਵਿੱਚ ਨਮੀ ਵਧ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਕੰਬਾਈਨਾਂ ਨਾਲ ਕਟਾਈ ਕਰਨ ’ਤੇ ਫ਼ਸਲ ਦੀ ਨਮੀ ਨਿਰਧਾਰਤ ਮਾਪਦੰਡਾਂ ਤੋਂ ਵੱਧ ਹੋ ਸਕਦੀ ਹੈ, ਜਿਸ ਕਾਰਨ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਲਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਪਾਬੰਦੀ ਲਾਈ ਗਈ ਹੈ।