- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
25 ਲੜਕੀਆਂ ਨੇ ਬਿਊਟੀ ਕੇਅਰ ਟ੍ਰੇਨਿੰਗ ਕੋਰਸ ਕੀਤਾ ਮੁਕੰਮਲ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ਼ੇਰਪੁਰ : ਕੁਦਰਤ ਮਾਨਵ ਲੋਕ ਲਹਿਰ ਗੁਰੂਕੁਲ ਕਾਤਰੋਂ ਸੰਸਥਾ ਦੀ ਪ੍ਰਧਾਨ ਸੰਦੀਪ ਰਾਣੀ ਸੁਮਨ ਕਾਤਰੋਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸੋਸਵਾ ਮਦਦ ਐਨਜੀਓ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸਕਿਨ ਐਂਡ ਹੇਅਰ ਬਿਊਟੀ ਕੇਅਰ ਟ੍ਰੇਨਿੰਗ ਸੈਂਟਰ ਵਿਖੇ 25 ਲੜਕੀਆਂ ਦਾ ਛੇ ਮਹੀਨੇ ਦਾ ਸਿਖਲਾਈ ਕੋਰਸ ਮੁਕੰਮਲ ਹੋਣ ’ਤੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਅਤੇ ਪਾਰਲਰ ਕਿੱਟਾਂ ਵੰਡੀਆਂ ਗਈਆਂ।
ਇਸ ਮੌਕੇ ਸੰਸਥਾ ਦੇ ਕੈਸ਼ੀਅਰ ਹਰਦੇਵ ਸਿੰਘ ਪਟਿਆਲਾ ਨੇ ਕਿਹਾ ਕਿ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਲੜਕੀਆਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਅਤੇ ਆਤਮ-ਨਿਰਭਰ ਬਣਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਲੜਕੀਆਂ ਵੀ ਆਪਣੇ ਪਰਿਵਾਰਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਮੋਢੇ ਨਾਲ ਮੋਢਾ ਜੋੜ ਕੇ ਯੋਗਦਾਨ ਪਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਧੀਆਂ ਨੂੰ ਹੱਥੀਂ ਕੰਮ ਸਿਖਾ ਕੇ ਰੁਜ਼ਗਾਰ ਦੇ ਕਾਬਲ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਸੰਸਥਾ ਵੱਲੋਂ ਲੰਮੇ ਸਮੇਂ ਤੋਂ ਲੜਕੀਆਂ ਨੂੰ ਬਿਊਟੀ ਕੇਅਰ ਸਮੇਤ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਰਾਹੀਂ ਹਜ਼ਾਰਾਂ ਲੜਕੀਆਂ ਹੁਨਰ ਹਾਸਲ ਕਰਕੇ ਆਪਣਾ ਰੁਜ਼ਗਾਰ ਸ਼ੁਰੂ ਕਰ ਚੁੱਕੀਆਂ ਹਨ।
ਉਨ੍ਹਾਂ ਆਸ ਪ੍ਰਗਟਾਈ ਕਿ ਸਿਖਲਾਈ ਹਾਸਲ ਕਰਨ ਵਾਲੀਆਂ ਲੜਕੀਆਂ ਇਸ ਹੁਨਰ ਦੀ ਵਰਤੋਂ ਕਰਕੇ ਆਪਣੇ ਪਰਿਵਾਰਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਹੋਰਨਾਂ ਲੋੜਵੰਦ ਲੜਕੀਆਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰਨਗੀਆਂ। ਇਸ ਮੌਕੇ ਬਿਲਾਸ ਸ਼ਰਮਾ, ਕ੍ਰਿਸ਼ਨ ਕੁਮਾਰ, ਵਰਸ਼ਾ ਰਾਣੀ, ਅਮਨਦੀਪ ਕੌਰ, ਜਸਵਿੰਦਰ ਕੌਰ ਹਾਜ਼ਰ ਸਨ।