ਸੜਕ ਹਾਦਸੇ ’ਚ 30 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਵੱਲੋਂ ਥਾਣਾ ਅੱਗੇ ਇਨਸਾਫ਼ ਲਈ ਪ੍ਰਦਰਸ਼ਨ ਸੜਕ ਹਾਦਸੇ ’ਚ 30 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਵੱਲੋਂ ਥਾਣਾ ਅੱਗੇ ਇਨਸਾਫ਼ ਲਈ ਪ੍ਰਦਰਸ਼ਨ
Publish Date: Fri, 14 Aug 2026 03:50 PM (IST)
Updated Date: Fri, 14 Aug 2026 03:50 PM (IST)
ਚਾਰ ਭੈਣਾਂ ਦਾ ਇਕਲੌਤਾ ਭਰਾ ਮਾਪਿਆਂ, ਪਤਨੀ ਤੇ ਦੋ ਨਿੱਕੇ ਬੱਚਿਆਂ ਨੂੰ ਰੋਂਦੇ-ਕੁਰਲਾਉਂਦੇ ਛੱਡ ਗਿਆ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਪਿੰਡ ਕਲਾਲਮਾਜਰਾ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ 30 ਸਾਲਾ ਨੌਜਵਾਨ ਜਗਦੇਵ ਸਿੰਘ ਦੀ ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਬਠਿੰਡਾ ਦੇ ਇੱਕ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਥਾਣਾ ਮਹਿਲ ਕਲਾਂ ਅੱਗੇ ਪ੍ਰਦਰਸ਼ਨ ਕਰਦਿਆਂ ਹਾਦਸੇ ਦੀ ਨਿਰਪੱਖ ਜਾਂਚ ਕਰਕੇ ਇਨਸਾਫ਼ ਦੇਣ ਦੀ ਮੰਗ ਕੀਤੀ। ਮ੍ਰਿਤਕ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਇਕਲੌਤਾ ਪੁੱਤਰ ਜਗਦੇਵ ਸਿੰਘ 11 ਅਗਸਤ ਨੂੰ ਆਪਣੇ ਮੋਟਰਸਾਈਕਲ ’ਤੇ ਪਿੰਡ ਕਲਾਲਮਾਜਰਾ ਤੋਂ ਮਹਿਲ ਕਲਾਂ ਵੱਲ ਆ ਰਿਹਾ ਸੀ। ਪਿੰਡ ਨੇੜੇ ਹੀ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਸੀ.ਐੱਚ.ਸੀ. ਮਹਿਲ ਕਲਾਂ ਵਿਖੇ ਲਿਆਂਦਾ ਗਿਆ, ਜਿੱਥੋਂ ਗੰਭੀਰ ਹਾਲਤ ਕਾਰਨ ਬਰਨਾਲਾ ਰੈਫਰ ਕਰ ਦਿੱਤਾ ਗਿਆ। ਬਰਨਾਲਾ ਵਿਖੇ ਇਲਾਜ ਦੌਰਾਨ ਹਾਲਤ ’ਚ ਸੁਧਾਰ ਨਾ ਹੋਣ ’ਤੇ ਉਸ ਨੂੰ ਬਠਿੰਡਾ ਦੇ ਹਸਪਤਾਲ ਲਈ ਰੈਫਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਜਗਦੇਵ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਚਾਰ ਭੈਣਾਂ, ਪਤਨੀ ਅਰਸਦੀਪ ਕੌਰ, ਦੋ ਸਾਲਾ ਪੁੱਤਰ ਤੇ ਪੰਜ ਸਾਲਾ ਧੀ ਨੂੰ ਰੋਂਦੇ-ਕੁਰਲਾਉਂਦੇ ਛੱਡ ਗਿਆ। ਉਹ ਚਾਰ ਭੈਣਾਂ ਦਾ ਇਕਲੌਤਾ ਭਰਾ ਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਨ੍ਹਾਂ ਕਿਹਾ ਕਿ ਪੁੱਤਰ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਾਦਸੇ ਦੀ ਪੂਰੀ ਜਾਂਚ-ਪੜਤਾਲ ਕਰਕੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇ ਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਮੌਕੇ ਸ੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਹਰਜੀਤ ਸਿੰਘ ਖਿਆਲੀ ਤੇ ਪਿੰਡ ਕਲਾਲਮਾਜਰਾ ਦੇ ਸਰਪੰਚ ਜਗਜੀਵਨ ਸਿੰਘ ਨੇ ਪੀੜਤ ਪਰਿਵਾਰ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਜਗਦੇਵ ਸਿੰਘ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਹਾਦਸੇ ਦੀ ਡੂੰਘਾਈ ਨਾਲ ਜਾਂਚ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਥਾਣਾ ਮਹਿਲ ਕਲਾਂ ਦੇ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਜਗਦੇਵ ਸਿੰਘ ਦੇ ਪਿਤਾ ਪਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਥਾਣਾ ਮਹਿਲ ਕਲਾਂ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਕੇ ਵਾਰਸਾਂ ਹਵਾਲੇ ਸੌਂਪੀ ਜਾ ਚੁੱਕੀ ਹੈ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਤੋਂ ਬਾਅਦ ਮੌਤ ਦੇ ਕਾਰਨਾਂ ਸਬੰਧੀ ਹੋਰ ਤੱਥ ਸਾਹਮਣੇ ਆਉਣਗੇ। ਇਸ ਮੌਕੇ ਪੰਚ ਹਰਜਿੰਦਰ ਸਿੰਘ, ਭੂਰਾ ਸਿੰਘ, ਫਿਰੋਜ਼ ਖਾਨ, ਰਣਜੀਤ ਸਿੰਘ, ਬੋਬੀ ਸਿੰਘ, ਰਣਜੋਤ ਸਿੰਘ, ਗੁਰਚਰਨ ਸਿੰਘ, ਨਿਰਮਲ ਸਿੰਘ, ਬਲਦੇਵ ਸਿੰਘ, ਬੇਅੰਤ ਸਿੰਘ, ਜੱਗਾ ਸਿੰਘ, ਜੋਧਾ ਸਿੰਘ, ਰਾਜੂ ਸਿੰਘ ਤੇ ਦੀਪੀ ਸਿੰਘ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਤੇ ਪਰਿਵਾਰਕ ਮੈਂਬਰ ਹਾਜ਼ਰ ਸਨ।