500 ਡਰੋਨ ਕਰਨਗੇ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫੇ ਦੀ ਪੇਸ਼ਕਾਰੀ 500 ਡਰੋਨ ਕਰਨਗੇ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫੇ ਦੀ ਪੇਸ਼ਕਾਰੀ
Publish Date: Fri, 18 Sep 2026 04:36 PM (IST)
Updated Date: Sat, 19 Sep 2026 04:03 AM (IST)
ਪੰਜਾਬੀ ਜਾਗਰਣ ਟੀਮ, ਪੰਜਾਬੀ ਜਾਗਰਣ, ਮਾਲੇਰਕੋਟਲਾ/ਅਮਰਗੜ੍ਹ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਅਮਰਗੜ੍ਹ ਵਿਖੇ 24 ਸਤੰਬਰ ਨੂੰ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਹ ਸਮਾਗਮ ਪੀਐੱਮ ਸ੍ਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਵਿਖੇ ਹੋਵੇਗਾ। ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਡਰੋਨ ਸ਼ੋਅ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੰਗਤ ਦੀ ਸਹੂਲਤ ਲਈ ਬੈਠਣ, ਆਰਜ਼ੀ ਪਖਾਨਿਆਂ, ਸੁਰੱਖਿਆ, ਆਵਾਜਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਪੁਖਤਾ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਸ਼ਾਮ ਸਮੇਂ ਹੋਣ ਵਾਲਾ ਇਹ ਡਰੋਨ ਸ਼ੋਅ ਵਿਲੱਖਣ ਪੇਸ਼ਕਾਰੀ ਹੋਵੇਗਾ। ਇਸ ਦੌਰਾਨ ਇੱਕੋ ਸਮੇਂ 500 ਡਰੋਨ ਅਸਮਾਨ ਵਿੱਚ ਉੱਡਦੇ ਹੋਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ਾਂ ਨੂੰ ਡਿਜੀਟਲ ਤਕਨੀਕ ਰਾਹੀਂ ਪੇਸ਼ ਕਰਨਗੇ। ਸਮਾਗਮ ਦੀ ਸ਼ੁਰੂਆਤ ਢਾਡੀ ਜੱਥੇ ਵੱਲੋਂ ਕੀਤੀ ਜਾਵੇਗੀ ਅਤੇ ਇਸ ਉਪਰੰਤ ਰਾਤ ਸਮੇਂ ਡਰੋਨ ਸ਼ੋਅ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕ ਰਾਹੀਂ ਕੀਤੀ ਜਾਣ ਵਾਲੀ ਇਹ ਪੇਸ਼ਕਾਰੀ ਨਵੀਂ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ, ਸਮਾਨਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੇ ਮਾਰਗ ਨਾਲ ਜੋੜਨ ਦਾ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਿਹੇ 92 ਡਰੋਨ ਸ਼ੋਅ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਹਨ। ਉਨ੍ਹਾਂ ਇਲਾਕਾ ਵਾਸੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਵਿਲੱਖਣ ਪੇਸ਼ਕਾਰੀ ਦਾ ਆਨੰਦ ਮਾਣਨ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐੱਸਡੀਐੱਮ ਮਾਲੇਰਕੋਟਲਾ ਕਨੂ ਗਰਗ, ਐੱਸਡੀਐੱਮ ਅਹਿਮਦਗੜ੍ਹ/ਅਮਰਗੜ੍ਹ ਰਾਕੇਸ਼ ਕੁਮਾਰ ਸ਼ਰਮਾ, ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਂ ਹਾਜ਼ਰ ਸਨ।