ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਦੇਸ਼ ਦੇ 72ਵੇਂ ਗਣਤੰਤਰ ਦਿਹਾੜੇ ਮੌਕੇ 26 ਜਨਵਰੀ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਕੌਮੀ ਝੰਡਾ ਲਹਿਰਾਉਣਗੇ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਣਤੰਤਰਤਾ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਦੇ ਆਦੇਸ਼ਾਂ ਤਹਿਤ ਬਰਨਾਲਾ ਪੁਲਿਸ ਵੱਲੋਂ ਚੈਕਿੰਗ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਇਸ ਸਮਾਗਮ ਸਬੰਧੀ ਸੁਰੱਖਿਆ ਤੇ ਹੋਰ ਲੋੜੀਂਦੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ ਤੇ ਗਣਤੰਤਰਤਾ ਦਿਵਸ ਸਮਾਗਮ ਕੋਵਿਡ-19 ਨੂੰ ਲੈ ਕੇ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਸਲਾਹਕਾਰੀਆਂ ਅਨੁਸਾਰ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਪੰਜਾਬ ਪੁਲਿਸ ਤੋਂ ਇਲਾਵਾ ਐਸਡੀ ਕਾਲਜ, ਲਾਲ ਬਹਾਦਰ ਸ਼ਾਸਤਰੀ ਕਾਲਜ, ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੀਆਂ ਐਨਸੀਸੀ ਯੂਨਿਟਾਂ ਦੀਆਂ ਟੁਕੜੀਆਂ ਵਲੋਂ ਸਲਾਮੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਬਰਨਾਲਾ ਪੁਲੀਸ ਦਾ ਬੈਂਡ ਹੋਵੇਗਾ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ, ਸਿਹਤ ਵਿਭਾਗ, ਪਸ਼ੂ ਪਾਲਣ ਵਿਭਾਗ, ਸਿੱਖਿਆ ਵਿਭਾਗ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ, ਟਰਾਈਡੈਂਟ ਗਰੁੱਪ ਤੇ ਸਟੈਂਡਰਡ ਕੰਬਾਈਨ ਵੱਲੋਂ ਝਾਕੀ ਪੇਸ਼ ਕੀਤੀ ਜਾਵੇਗੀ। ਇਸ ਮਗਰੋਂ ਬਾਬਾ ਗਾਂਧਾ ਸਿੰਘ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਜਾਵੇਗਾ। ਜਿਸ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅਦਾ ਕੀਤੀ। ਫੁੱਲ ਡਰੈੱਸ ਰਿਹਰਸਲ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਆਦਿਤਯ ਡੇਚਲਵਾਲ, ਐਸਪੀ (ਡੀ) ਸੁਖਦੇਵ ਸਿੰਘ ਵਿਰਕ, ਐਸਪੀ (ਐਚ) ਹਰਵੰਤ ਕੌਰ, ਸਹਾਇਕ ਕਮਿਸ਼ਨਰ (ਜ) ਅਸ਼ੋਕ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

-ਬਾਕਸ ਨਿਊਜ

-ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਵਲੋਂ ਕੀਤੀ ਗਈ ਚੈਕਿੰਗ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਐਂਟੀ ਸਾਬੋਟੇਜ਼ ਟੀਮ 'ਚ ਸ਼ਾਮਲ ਏਐਸਆਈ ਹਰਵਿੰਦਰ ਸਿੰਘ, ਏਐਸਆਈ ਜੋਗਿੰਦਰ ਸਿੰਘ, ਹੌਲਦਾਰ ਗੁਰਦੀਪ ਸਿੰਘ ਤੇ ਹਰਭਜਨ ਸਿੰਘ ਨੇ ਦੱਸਿਆ ਕਿ 26 ਜਨਵਰੀ ਨੂੰ ਮੁੱਖ ਰੱਖਦਿਆਂ ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਕਰਵਾਏ ਜਾ ਰਹੇ ਪ੍ਰਰੋਗਰਾਮ ਦੇ ਚਲਦਿਆਂ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾਂ ਪੁਲਿਸ ਮੁਖੀ ਸੰਦੀਪ ਗੋਇਲ ਦੇ ਦਿਸ਼ਾ-ਨਿਰਦੇਸਾਂ ਤਹਿਤ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਚੈਕਿੰਗ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ ਅਤੇ ਸ਼ਹਿਰ ਅੰਦਰ ਵੱਡੀ ਗਿਣਤੀ 'ਚ ਪੁਲਿਸ ਤੇ ਕਮਾਂਡੋ ਫ਼ੋਰਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ।