- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਿੰਦਰ ਦੀਪਾ ਦੀ ਗ੍ਰਿਫ਼ਤਾਰੀ 'ਤੇ ਸੋਨੀਆ ਅਰੋੜਾ ਨੇ ਘੇਰੀ ਸਰਕਾਰ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਅਰੋੜਾ ਨੇ ਸੁਨਾਮ ਹਲਕੇ ਦੇ ਆਗੂ ਆਪਣੇ ਪਤੀ ਰਾਜਿੰਦਰ ਦੀਪਾ ਦੀ ਗ੍ਰਿਫ਼ਤਾਰੀ ’ਤੇ ਸੂਬੇ ਦੀ ਸਰਕਾਰ ਨੂੰ ਘੇਰਦਿਆਂ ਗੰਭੀਰ ਸਵਾਲ ਚੁੱਕੇ ਹਨ। ਸੁਨਾਮ ਵਿਖੇ ਆਪਣੀ ਰਿਹਾਇਸ਼ ਤੇਸੋਨੀਆ ਅਰੋੜਾ ਜੋ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਵੱਡੀ ਭੈਣ ਹਨ ਨੇ ਦੋਸ਼ ਲਾਇਆ ਕਿ ਸਰਕਾਰ ਸਿਆਸੀ ਬਦਲਾਖੋਰੀ ਦੀ ਭਾਵਨਾ ਤਹਿਤ ਰਾਜਿੰਦਰ ਦੀਪਾ ਵਰਗੇ ਬੁਲੰਦ ਆਵਾਜ਼ ਵਾਲੇ ਆਗੂਆਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਸੋਨੀਆ ਅਰੋੜਾ ਨੇ ਦੱਸਿਆ ਕਿ ਜਦੋਂ ਉਹ ਹਾਲ ਹੀ ਵਿੱਚ ਕਨੋਈ ਪਿੰਡ ਵਿਖੇ ਇੱਕ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਗਏ ਸਨ, ਤਾਂ ਉੱਥੇ ਆਮ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਸਾਫ਼ ਦਿਖਾਈ ਦੇ ਰਿਹਾ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਆਵਾਜ਼ ਦਬਾਉਣਾ ਸਰਕਾਰ ਦਾ ਕੰਮ ਕਰਨ ਦਾ ਤਰੀਕਾ ਬਣ ਗਿਆ ਹੈ, ਇਸ ਸਬੰਧ ਵਿੱਚ ਉਨ੍ਹਾਂ ਨੇ ਮੋਹਨਜੀਤ ਸਿੰਘ ਸ਼ੇਰੋਂ ਵੱਲੋਂ ਮੁੱਖ ਮੰਤਰੀ ਅਤੇ ਹਲਕੇ ਦੇ ਵਿਧਾਇਕ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਕਾਲੇ ਝੰਡੇ ਦਿਖਾਏ ਜਾਣ ਦੀ ਘਟਨਾ ਦਾ ਹਵਾਲਾ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਰਾਜਿੰਦਰ ਦੀਪਾ ਵਿਰੁੱਧ ਝੂਠੇ ਕੇਸ ਦਰਜ ਕਰਕੇ ਜਨਤਾ ਵਿੱਚ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰਾਜਿੰਦਰ ਦੀਪਾ ਦਿੱਲੀ ਜਾਣ ਦੀ ਤਿਆਰੀ ਕਰ ਰਹੇ ਸਨ, ਪਰ ਪੀੜਤ ਪਰਿਵਾਰ ਦਾ ਫੋਨ ਆਉਣ 'ਤੇ ਉਹ ਤੁਰੰਤ ਸੰਗਰੂਰ ਦੇ ਸਿਵਲ ਹਸਪਤਾਲ ਪਹੁੰਚ ਗਏ। ਪੁਲਿਸ ਵੱਲੋਂ ਜਬਰੀ ਹਿਰਾਸਤ ਵਿੱਚ ਲੈਣ ਉਪਰੰਤ ਧੂਰੀ ਸਦਰ ਥਾਣੇ ਵਿੱਚ ਲਿਜਾਇਆ ਗਿਆ। ਪੁਲਿਸ ਵੱਲੋਂ ਕਥਿਤ ਤੌਰ ਤੇ ਝੂਠਾ ਕੇਸ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਉਨ੍ਹਾਂ ਦੀ ਡਾਕਟਰੀ ਜਾਂਚ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਦੀ ਧੱਕੇਸ਼ਾਹੀ ਕਾਰਨ ਰਾਜਿੰਦਰ ਦੀਪਾ ਦੇ ਹੱਥ 'ਤੇ ਸੱਟ ਵੀ ਲੱਗੀ, ਜਿਸ ਕਾਰਨ ਐਕਸ-ਰੇ ਕਰਵਾਉਣਾ ਪਿਆ।
ਉਨ੍ਹਾਂ ਸਪੱਸ਼ਟ ਕੀਤਾ ਕਿ ਰਾਜਿੰਦਰ ਦੀਪਾ ਅਤੇ ਹੋਰ ਵਰਕਰ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਰਹੇ ਸਨ ਅਤੇ ਉਨ੍ਹਾਂ 'ਤੇ ਬੱਸ ਦੀ ਭੰਨ-ਤੋੜ ਦੇ ਲਾਏ ਗਏ ਦੋਸ਼ ਪੂਰੀ ਤਰ੍ਹਾਂ ਮਨਘੜਤ ਅਤੇ ਝੂਠੇ ਹਨ।
ਜ਼ਿਕਰਯੋਗ ਹੈ ਕਿ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਰਾਜਿੰਦਰ ਦੀਪਾ ਨੂੰ ਨਿਆਂਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸੇ ਦੌਰਾਨ ਕਾਂਗਰਸ ਦੇ ਸੀਨੀਅਰ ਆਗੂਆਂ ਸਚਿਨ ਪਾਇਲਟ, ਪ੍ਰਤਾਪ ਸਿੰਘ ਬਾਜਵਾ, ਰਣਦੀਪ ਸੁਰਜੇਵਾਲਾ ਅਤੇ ਵਿਜੇ ਇੰਦਰ ਸਿੰਗਲਾ ਨੇ ਵੀ ਸੋਸ਼ਲ ਮੀਡੀਆ 'ਤੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ।
ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਹਾਜ਼ਰ ਸਨ।