ਘਰ-ਘਰ ਪੁੱਜੀ ਨਸ਼ਿਆਂ ਖ਼ਿਲਾਫ਼ ਚੱਲ ਰਹੀ ਪੈਦਲ ਯਾਤਰਾ
ਸੰਗਰੂਰ 'ਚ ਘਰ-ਘਰ ਪੁੱਜੀ ਨਸ਼ਿਆਂ ਖ਼ਿਲਾਫ਼ ਚੱਲ ਰਹੀ ਪੈਦਲ ਯਾਤਰਾ
Publish Date: Wed, 21 Jan 2026 06:43 PM (IST)
Updated Date: Wed, 21 Jan 2026 06:45 PM (IST)

ਜਸਵੀਰ ਸਿੰਘ, ਪੰਜਾਬੀ ਜਾਗਰਣ ਸੰਗਰੂਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੱਢੀ ਜਾ ਰਹੀ ਨਸ਼ਾ ਵਿਰੋਧੀ ਪੈਦਲ ਯਾਤਰਾ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪੈਦਲ ਯਾਤਰਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਘਰ-ਘਰ ਤਕ ਪਹੁੰਚ ਕਰਦਿਆਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇਸ ਸਮਾਜਿਕ ਬੁਰਾਈ ਦੇ ਖਾਤਮੇ ਲਈ ਇਕਜੁੱਟ ਵੀ ਕਰ ਰਹੀ ਹੈ। ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਇਹ ਪੈਦਲ ਯਾਤਰਾ ਰੋਜ਼ਾਨਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਪੁੱਜ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਸ ਯਾਤਰਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜੋ ਇਹ ਸਾਬਤ ਕਰਦਾ ਹੈ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਇਹ ਲੜਾਈ ਹੁਣ ਇੱਕ ਵਿਸ਼ਾਲ ਲੋਕ ਲਹਿਰ ਦਾ ਰੂਪ ਧਾਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਪੈਦਲ ਯਾਤਰਾ ਪਿੰਡ ਨੂਰਪੁਰਾ, ਰਾਮਗੜ੍ਹ, ਸੰਗਤਪੁਰਾ, ਤੂਰੀ, ਮੁਨਸੀਵਾਲਾ, ਪੰਨਵਾਂ, ਰੇਤਗੜ੍ਹ, ਸਕਰੌਦੀ, ਨੀਲੋਵਾਲ, ਕਾਕੜਾ, ਰਸੂਲਪੁਰ ਛੰਨਾ, ਨਾਰਾਇਣਗੜ੍ਹ, ਕਣਕਵਾਲ, ਪਲਾਸੌਰ ਅਤੇ ਪੁੰਨਾਵਾਲ ਵਿਖੇ ਪੁੱਜੀ। ਇਸ ਤੋਂ ਇਲਾਵਾ ਸੁਨਾਮ ਸ਼ਹਿਰ ਅਤੇ ਭਵਾਨੀਗੜ੍ਹ ਸ਼ਹਿਰ ਦੇ ਵਾਰਡ ਨੰਬਰ 4, 5, 14 ਅਤੇ 15 ਵਿੱਚ ਵੀ ਪੈਦਲ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੈਦਲ ਯਾਤਰਾ ਦੌਰਾਨ ਲੋਕਾਂ ਨੂੰ ਇਹ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਨਸ਼ੇ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹਨ, ਸਗੋਂ ਇਹ ਪਰਿਵਾਰ, ਸਮਾਜ ਅਤੇ ਭਵਿੱਖ ਨੂੰ ਤਬਾਹ ਕਰ ਦਿੰਦੇ ਹਨ। ਇਸ ਲਈ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਨਸ਼ੇ ਦੇ ਆਦੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ।