- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਨੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਦੀ ਕੋਠੀ ਅੱਗੇ ਕੀਤਾ ਰੋਸ ਪ੍ਰਦਰਸ਼ਨ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਵਿਰੁੱਧ ਕੀਤਾ ਜਾ ਰਿਹਾ ਕੂੜ ਪ੍ਰਚਾਰ ਤੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀਆਂ ਕੀਤੀਆਂ ਜਾ ਰਹੀ ਰਹੀਆਂ ਕੋਝੀਆਂ ਚਾਲਾਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਸਮੂਹ ਵਰਕਰਾਂ ਤੇ ਵਿਧਾਇਕਾਂ ਵੱਲੋਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਅੱਗੇ ਧਰਨਾ ਦਿੰਦਿਆਂ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਕਿਹਾ ਕਿ ਭਾਜਪਾ ਦੇ ਆਗੂ ਪੂਰੀ ਤਰ੍ਹਾਂ ਨਾਲ ਬੁਖਲਾਹਟ ’ਚ ਆ ਚੁੱਕੇ ਹਨ। ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਤੰਗ ਪਰੇਸ਼ਾਨ ਹੋ ਚੁੱਕੇ ਹਨ ਤੇ ਆਮ ਦੀ ਪਾਰਟੀ ਨੂੰ ਸੂਬੇ ’ਚੋਂ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਿਸਦੇ ਚਲਦਿਆਂ ਭਾਜਪਾ ਦੇ ਆਗੂਆਂ ਤੇ ਵਰਕਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਗਲਤ ਵੀਡੀਓ ਆਪਣੇ ਸੋਸ਼ਲ ਮੀਡੀਆ ਪੇਜਾਂ ’ਤੇ ਪਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿਰੋਧੀ ਪਾਰਟੀਆਂ ਵੱਲੋਂ ਮੁੱਖ ਮੰਤਰੀ ਦੀ ਛਵੀ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ’ਚ ਆਉਣ ਸਮੇਂ ਸਿਆਸੀ ਸਮੀਕਰ ਪੂਰੀ ਤਰ੍ਹਾਂ ਨਾਲ ਬਦਲ ਦਿੱਤੇ ਹਨ, ਜੋ ਵਾਅਦੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ। ਜਿਸ ਨੂੰ ਵਿਰੋਧੀ ਪਾਰਟੀਆਂ ਨੂੰ ਸੋਚਣ ਲਈ ਮਜਬੂਰ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਲੀਡਰਾਂ ਵੱਲੋਂ ਜੋ ਆਪਣੇ ਸੋਸ਼ਲ ਮੀਡੀਆ ਪੇਜਾਂ ਤੇ ਅਪਮਾਨਜਨਕ ਵੀਡੀਓ ਪਾਈਆਂ ਜਾ ਰਹੀਆਂ ਹਨ। ਉਨ੍ਹਾਂ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਸੱਚਾਈ ਨਹੀਂ ਹੈ ਸਗੋਂ ਉਨ੍ਹਾਂ ਦੀ ਛਵੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਤੇ ਚਲਦਿਆਂ ਸਮੁੱਚੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ ਸਮੁੱਚੇ ਵਰਕਰਾਂ ਤੇ ਆਗੂਆਂ ਵੱਲੋਂ ਭਾਜਪਾ ਦੇ ਉੱਚ ਲੀਡਰਾਂ ਦੇ ਦਫਤਰਾਂ ਅੱਗੇ ਘਰਾਓ ਕੀਤਾ ਗਿਆ ਹੈ ਤੇ ਭਾਜਪਾ ਦੇ ਇਸ ਮਾੜੇ ਰਵੱਏ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਭਾਜਪਾ ਧਰਮ ਦੀ ਰਾਜਨੀਤੀ ’ਤੇ ਉਤਰ ਆਈ ਹੈ, ਜਿਸ ਨੂੰ ਸਮੁੱਚੇ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਫਿਰ ਤੋਂ ਆਮ ਆਦਮੀ ਪਾਰਟੀ ਨੂੰ ਜਿੱਤ ਦਾ ਫਤਵਾ ਦੇ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ’ਚ ਲਿਆਉਣਗੇ, ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਸੋਚਣ ਲਈ ਮਜਬੂਰ ਹੋ ਚੁੱਕੀਆਂ ਹਨ, ਜਿਸ ਕਰਕੇ ਉਨ੍ਹਾਂ ਵੱਲੋਂ ਇਸ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।