ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀ ‘ਆਪ’ ਸਰਕਾਰ : ਲੌਂਗੋਵਾਲ
ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀ " ਆਪ" ਸਰਕਾਰ - ਲੌਂਗੋਵਾਲ
Publish Date: Wed, 11 Mar 2026 04:43 PM (IST)
Updated Date: Wed, 11 Mar 2026 04:45 PM (IST)

- 14 ਨੂੰ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਆਗੂ ਜਸਵੀਰ ਸਿੰਘ ਮੈਦੇਵਾਸ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਆਲੇ ਕੀ ਢਾਬ ਲੌਂਗੋਵਾਲ ਵਿਖੇ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਪੰਜਾਬ ਸਰਕਾਰ ਕੇਂਦਰ ਸਰਕਾਰ ਤੋਂ ਵੀ ਦੋ ਕਦਮ ਅੱਗੇ ਹੋਕੇ ਲਾਗੂ ਕਰ ਰਹੀ ਹੈ ਜਿਸ ਤਹਿਤ ਚੜ੍ਹਦੇ ਸੂਰਜ ਪੰਜਾਬ ਅੰਦਰ ਹਰ ਰੋਜ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ, ਵਿਦਿਆਰਥੀਆਂ ਉੱਤੇ ਲਾਠੀਚਾਰਜ ਹੋ ਰਿਹਾ ਹੈ, ਜੇਲ੍ਹਾਂ ਅੰਦਰ ਬੰਦ ਕੀਤਾ ਜਾ ਰਿਹਾ ਹੈ। ਦਿੱਲੀ ਅੰਦੋਲਨ 1 ਅਤੇ ਦਿੱਲੀ ਅੰਦੋਲਨ 2 ਦੌਰਾਨ ਸੈਂਕੜੇ ਕਿਸਾਨ ਆਪਣੀਆਂ ਜਾਨਾਂ ਗੁਆ ਕੇ ਸ਼ਹੀਦੀਆਂ ਪ੍ਰਾਪਤ ਕਰ ਚੁੱਕੇ ਹਨ ਅਤੇ ਹਜ਼ਾਰਾਂ ਕਿਸਾਨ ਪੁਲਿਸ ਦੇ ਜਬਰ ਕਾਰਨ ਜ਼ਖ਼ਮੀ ਹੋਏ ਹਨ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਮੁਆਵਜ਼ੇ ਤੋਂ ਵਾਂਝੇ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ, ਨੌਕਰੀਆਂ ਸਮੇਤ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਨੇ ਬਿਜਲੀ ਐਕਟ 2025 ਲਿਆਕੇ ਪੰਜਾਬ ਦੇ ਲੋਕਾਂ ਨਾਲ ਗ਼ਦਾਰੀ ਕੀਤੀ ਹੈ। ਜਿਸ ਤਹਿਤ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਨਾਲ ਉਸਰੇ ਸਮੁੱਚੇ ਢਾਂਚੇ ਨੂੰ ਨਿੱਜੀਕਰਨ ਦੀ ਨੀਤੀ ਤਹਿਤ ਬਹੁਕੌਮੀ ਕੰਪਨੀਆਂ ਦੇ ਮੁਨਾਫ਼ੇ ਦਾ ਸਾਧਨ ਬਣਾਇਆ ਜਾ ਰਿਹਾ ਹੈ। ਬਿਜਲੀ ਨੂੰ ਸਹੂਲਤ ਦੀ ਥਾਂ ਬਾਜ਼ਾਰੂ ਵਸਤੂ ਬਣਾਇਆ ਜਾ ਰਿਹਾ ਹੈ। ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਤੇ ਵਰਦਿਆਂ ਕਿਹਾ ਕਿ ਸੂਬੇ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਨਿੱਤ ਦਿਨ ਫਰਜ਼ੀ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ। ਜ਼ਿਲ੍ਹਾ ਕਾਰਜਕਾਰੀ ਕਨਵੀਨਰ ਕੁਲਵਿੰਦਰ ਸੋਨੀ ਲੌਂਗੋਵਾਲ ਨੇ ਕਿਹਾ ਕਿ ਸੀਡ ਐਕਟ ਤਹਿਤ ਖੇਤੀਬਾੜੀ ਸੈਕਟਰ ਵਿੱਚ ਕੰਪਨੀਆਂ ਦਾ ਏਕਾਅਧਿਕਾਰ ਸਥਾਪਤ ਕਰਨ ਲਈ ਇੱਕ ਜਾਲ ਵਿਛਾਇਆ ਜਾ ਰਿਹਾ ਹੈ। ਇਸ ਤਰ੍ਹਾਂ ਕਰਨ ਨਾਲ ਕਿਸਾਨ ਘਰੇਲੂ ਬੀਜ ਨਹੀਂ ਰੱਖ ਸਕਣਗੇ ਕੰਪਨੀਆਂ ਤੋ ਮਹਿੰਗੇ ਭਾਅ ਬੀਜ ਖਰੀਦਣ ਲਈ ਮਜਬੂਰ ਹੋਣਗੇ। ਉਨ੍ਹਾਂ ਦੱਸਿਆ ਕਿ 14 ਮਾਰਚ ਨੂੰ ਅਮਿਤ ਸ਼ਾਹ ਦੀ ਪੰਜਾਬ ਫੇਰੀ ਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਖੇਤੀ ਟਰੇਡ ਡੀਲ ਦੇ ਵਿਰੋਧ ਵਜੋਂ ਬਲਾਕ ਪੱਧਰੀ ਪੁਤਲੇ ਫੂਕੇ ਜਾਣਗੇ। ਇਸ ਮੌਕੇ ਹਰਦੇਵ ਸਿੰਘ ਕੁਲਾਰਾਂ, ਸੰਤਰਾਮ ਛਾਜਲੀ, ਹੈਪੀ ਨਮੋਲ, ਸੁਖਦੇਵ ਸ਼ਰਮਾ, ਰਾਜਪਾਲ ਮੰਗਵਾਲ, ਅਮਰ ਲੌਂਗੋਵਾਲ ਆਦਿ ਹਾਜ਼ਰ ਸਨ।