ਗੱਡੀਆਂ ਦੀਆਂ ਨੰਬਰ ਪਲੇਟਾਂ ਦੀਆਂ ਫੋਟੋਆਂ ਖਿੱਚ ਕੇ ਚਾਲਾਨ ਕੱਟਣ ਦੇ ਦੋਸ਼ ਗੱਡੀਆਂ ਦੀਆਂ ਨੰਬਰ ਪਲੇਟਾਂ ਦੀਆਂ ਫੋਟੋਆਂ ਖਿੱਚ ਕੇ ਚਲਾਨ ਕੱਟਣ ਦੇ ਦੋਸ਼
Publish Date: Sun, 12 Jul 2026 03:54 PM (IST)
Updated Date: Sun, 12 Jul 2026 03:54 PM (IST)
- ਪ੍ਰਸ਼ਾਸਨ ਤੋਂ ਕਾਰਵਾਈ ਦੀ ਕੀਤੀ ਮੰਗ ਹਰਜੀਤ ਸਿੰਘ, ਪੰਜਾਬੀ ਜਾਗਰਣ ਖਨੌਰੀ : ਖਨੌਰੀ-ਕੈਥਲ ਰੋਡ ’ਤੇ ਸੜਕ ਕਿਨਾਰੇ ਖੜ੍ਹੇ ਵਾਹਨਾਂ ਦੀਆਂ ਨੰਬਰ ਪਲੇਟਾਂ ਦੀਆਂ ਫੋਟੋਆਂ ਖਿੱਚ ਕੇ ਚਾਲਾਨ ਕੀਤੇ ਜਾਣ ਦੇ ਦੋਸ਼ਾਂ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਕਰਮਜੀਤ ਸਿੰਘ ਭੱਠਲ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਜਿਲਾ ਪਟਿਆਲਾ ਦੇ ਮੀਤ ਪ੍ਰਧਾਨ, ਬਲਵੰਤ ਸਿੰਘ ਸੰਧੂ ਜਨਰਲ ਸਕੱਤਰ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਸ਼ੇਰਗੜ੍ਹ ਅਤੇ ਨਰਿੰਦਰ ਸਿੰਘ ਮਤਾ ਖਜ਼ਾਨਚੀ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਸ਼ੇਰਗੜ੍ਹ ਨੇ ਦਾਅਵਾ ਕੀਤਾ ਕਿ ਖਨੌਰੀ-ਕੈਥਲ ਰੋਡ ’ਤੇ ਕਈ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਦੇ ਅੱਗੇ ਸੜਕ ਦੇ ਦੋਵੇਂ ਪਾਸਿਆਂ ਬਣੀ ਪਾਰਕਿੰਗ ਵਾਲੀ ਜਗ੍ਹਾ ਕਿਰਾਏ ’ਤੇ ਦੇ ਕੇ ਰੇਹੜੀਆਂ ਲਗਵਾ ਰੱਖੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਕੈਥਲ ਰੋਡ ਵਾਲੀ ਸਾਈਡ ਖਨੌਰੀ ਨਾਲ ਲੱਗਦੇ ਸਾਡੇ ਪਿੰਡਾਂ ਦੇ ਲੋਕਾਂ ਨੂੰ ਖ਼ਰੀਦਦਾਰੀ ਲਈ ਆਉਣ ਸਮੇਂ ਮਜਬੂਰੀ ਵੱਸ ਆਪਣੀਆਂ ਗੱਡੀਆਂ ਸੜਕ ਕਿਨਾਰੇ ਖੜ੍ਹੀਆਂ ਕਰਨੀਆਂ ਪੈਂਦੀਆਂ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਦੌਰਾਨ ਕੁਝ ਪੁਲਿਸ ਕਰਮਚਾਰੀ ਮੋਟਰਸਾਈਕਲਾਂ ’ਤੇ ਆ ਕੇ ਵਾਹਨਾਂ ਦੀਆਂ ਨੰਬਰ ਪਲੇਟਾਂ ਦੀਆਂ ਫੋਟੋਆਂ ਖਿੱਚ ਕੇ ਚਲੇ ਜਾਂਦੇ ਹਨ ਅਤੇ ਬਾਅਦ ਵਿੱਚ ਚਾਲਾਨ ਜਾਰੀ ਕਰ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਵਾਹਨ ਚਾਲਕ ਡਰਾਈਵਿੰਗ ਸੀਟ ’ਤੇ ਮੌਜੂਦ ਹੋਣ ਦੇ ਬਾਵਜੂਦ ਵੀ ਅਜਿਹੇ ਚਾਲਾਨ ਕੀਤੇ ਜਾਂਦੇ ਹਨ, ਜਿਸ ਨਾਲ ਲੋਕ ਆਪਣੇ ਆਪ ਨੂੰ ਪਰੇਸ਼ਾਨ ਮਹਿਸੂਸ ਕਰ ਰਹੇ ਹਨ ਅਤੇ ਲੋਕਾਂ ਦਾ ਵਿੱਤੀ ਨੁਕਸਾਨ ਵੀ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਪ੍ਰਸ਼ਾਸਨ ਇਸ ਮਾਮਲੇ ਦੀ ਨਿਰਪੱਖ ਜਾਂਚ ਕਰੇ। ਨਾਲ ਹੀ ਸੜਕ ਕਿਨਾਰੇ ਪਾਰਕਿੰਗ ਵਾਲੀ ਜਗ੍ਹਾ ’ਤੇ ਲੱਗੀਆਂ ਰੇਹੜੀਆਂ ਅਤੇ ਹੋਰ ਰੁਕਾਵਟਾਂ ਨੂੰ ਹਟਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ, ਤਾਂ ਜੋ ਆਮ ਲੋਕਾਂ ਨੂੰ ਪਾਰਕਿੰਗ ਦੀ ਸੁਵਿਧਾ ਮਿਲ ਸਕੇ ਅਤੇ ਲੋਕਾਂ ਨੂੰ ਬੇਲੋੜੀ ਪਰੇਸ਼ਾਨੀ ਵਿੱਤੀ ਨੁਕਸਾਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੀ ਸਾਡੇ ਜਥੇਬੰਦੀ ਦੇ ਪ੍ਰਧਾਨ ਨਾਲ ਗੱਲ ਹੋ ਚੁੱਕੀ ਹੈ ਅਤੇ ਉਨ੍ਹਾਂ ਕਿਹਾ ਹੈ ਕਿ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਇੰਦਰਜੀਤ ਸਿੰਘ ਅਤੇ ਹੋਰ ਜਥੇਬੰਦੀਆਂ ਵੱਲੋਂ ਵੀ ਸਖਤ ਚਿਤਾਵਨੀ ਦਿੱਤੀ ਗਈ ਕਿ ਜੇਕਰ ਅਜਿਹਾ ਹੋਣਾ ਬੰਦ ਨਾ ਹੋਇਆ ਤਾਂ ਸੰਘਰਸ਼ ਕੀਤਾ ਜਾਵੇਗਾ।