ਬੂਟਾ ਸਿੰਘ ਚੌਹਾਨ, ਸੰਗਰੂਰ : ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕਰਿਫ਼ਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸ ਮੰਗਣ ਵਾਲੇ 22 ਸਕੂਲਾਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਮੀਡੀਆ ਰਾਹੀਂ ਮਾਪਿਆਂ ਨੂੰ ਅਪੀਲ ਕੀਤੀ ਸੀ ਕਿ ਜੇ ਕੋਈ ਸਕੂਲ ਕਰਿਫ਼ਊ ਦੌਰਾਨ ਦਾਖ਼ਲਾ ਫੀਸ ਮੰਗਦਾ ਹੈ ਤਾਂ ਉਸਦੀ ਸ਼ਿਕਾਇਤ ਉਨ੍ਹਾਂ ਦੀ ਨਿੱਜੀ ਈ-ਮੇਲ 'ਤੇ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਈ-ਮੇਲ 'ਤੇ ਪ੍ਰਰਾਪਤ ਸ਼ਿਕਾਇਤਾਂ ਦੇ ਆਧਾਰ 'ਤੇ ਹੀ 16 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਜਦਕਿ 6 ਸਕੂਲਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੋਰੋਨਾਵਾਇਰਸ ਕਾਬੂ 'ਚ ਹੋਣ ਤੋਂ ਬਾਅਦ ਮਾਪਿਆਂ ਨੂੰ ਫੀਸ ਭਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਦਿੱਤਾ ਜਾਵੇ ਅਤੇ ਇਸ ਦੌਰਾਨ ਕਿਸੇ ਤੋਂ ਵੀ ਲੇਟ ਫੀਸ ਜਾਂ ਜੁਰਮਾਨਾ ਨਾ ਵਸੂਲਿਆ ਜਾਵੇ।

ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਾ ਸਕੂਲ ਜੇਕਰ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਹੋਵੇਗਾ ਤਾਂ ਉਸਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ ਅਤੇ ਜੇਕਰ ਸੀ.ਬੀ.ਐਸ.ਈ. ਜਾਂ ਕਿਸੇ ਹੋਰ ਬੋਰਡ ਨਾਲ ਸਬੰਧਿਤ ਹੋਵੇਗਾ ਤਾਂ ਉਸਦਾ ਇਤਰਾਜ਼ਹੀਣਤਾ ਸਰਟੀਫਿਕੇਟ ਰੱਦ ਕਰ ਦਿੱਤਾ ਜਾਵੇਗਾ।