- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1300 ਕਿਲੋ ਭੁੱਕੀ, ਟਰੱਕ ਸਮੇਤ ਇੱਕ ਕਾਬੂ

ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਪੁਲਿਸ ਚੌਕੀ ਗੁਲਜ਼ਾਰਪੁਰਾ ਠਰੂਆ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ 1300 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਨੂੰ ਟਰੱਕ ਸਣੇ ਕਾਬੂ ਕੀਤਾ ਗਿਆ ਹੈ। ਮੁਲਜ਼ਮ ਵੱਲੋਂ ਭੁੱਕੀ ਚੂਰਾ ਪੋਸਤ ਨੂੰ ਆਲੂਆਂ ਦੀਆਂ ਬੋਰੀਆਂ ਹੇਠਾਂ ਲੁਕਾ ਕੇ ਲਿਜਾਇਆ ਜਾ ਰਿਹਾ ਸੀ।
ਪੁਲਿਸ ਚੌਕੀ ਗੁਲਜ਼ਾਰਪੁਰਾ ਠਰੂਆ ਦੇ ਇੰਚਾਰਜ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਪਟਿਆਲਾ ਹਰਮਨਦੀਪ ਸਿੰਘ ਹੰਸ (ਆਈਪੀਐਸ) ਅਤੇ ਡੀਐੱਸਪੀ ਪਾਤੜਾਂ ਗੁਰਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਪਾਰਟੀ ਵੱਲੋਂ ਪਿੰਡ ਢਾਬੀ ਗੁੱਜਰਾਂ ਨੇੜੇ ਨੈਸ਼ਨਲ ਹਾਈਵੇ ’ਤੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਲਈ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਨਰਵਾਣਾ ਵਾਲੀ ਸਾਈਡ ਤੋਂ ਆ ਰਹੇ ਟਰੱਕ ਰੋਕ ਕੇ ਤਲਾਸ਼ੀ ਲਈ ਗਈ।
ਤਲਾਸ਼ੀ ਦੌਰਾਨ ਟਰੱਕ ਦੇ ਡਰਾਈਵਰ ਨੇ ਆਪਣਾ ਨਾਮ ਸਰਬਜੀਤ ਸਿੰਘ ਵਾਸੀ ਗਿੱਲ, ਜ਼ਿਲ੍ਹਾ ਲੁਧਿਆਣਾ ਦੱਸਿਆ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਮੱਧ ਪ੍ਰਦੇਸ਼ ਤੋਂ ਆਲੂ ਲੈ ਕੇ ਲੁਧਿਆਣਾ ਜਾ ਰਿਹਾ ਸੀ। ਪੁਲਿਸ ਵੱਲੋਂ ਟਰੱਕ ਦੀ ਬਾਰੀਕੀ ਨਾਲ ਜਾਂਚ ਕਰਨ ’ਤੇ ਆਲੂਆਂ ਦੀਆਂ ਬੋਰੀਆਂ ਹੇਠਾਂ ਲੁਕਾ ਕੇ ਰੱਖੀ ਹੋਈ 1300 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਸਬੰਧੀ ਥਾਣਾ ਪਾਤੜਾਂ ਵਿਖੇ ਸਰਬਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਹੁਣ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਇੰਨੀ ਵੱਡੀ ਮਾਤਰਾ ਵਿੱਚ ਭੁੱਕੀ ਚੂਰਾ ਪੋਸਤ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ।
ਚੌਕੀ ਇੰਚਾਰਜ ਹਰਬੰਸ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਤਸ਼ਕਰੀ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਵਿਅਕਤੀ ਨੂੰ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।