ਬੂਟਾ ਸਿੰਘ ਚੌਹਾਨ, ਸੰਗਰੂਰ : ਕੋਵਿਡ-19 ਦੀ ਮਹਾਂਮਾਰੀ ਦੌਰਾਨ ਟੀਕੇ ਦੇ ਰੂਪ ਵਿੱਚ ਆਈ ਵੱਡੀ ਰਾਹਤ ਤਹਿਤ ਅੱਜ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਨੇ ਸਿਵਲ ਹਸਪਤਾਲ ਸੰਗਰੂਰ ਤੋਂ ਡਾਕਟਰਾਂ ਅਤੇ ਫਰੰਟ ਲਾਈਨ ਸਿਹਤ ਕਰਮੀਆਂ ਲਈ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਕਰਵਾਈ। ਇਸ ਟੀਕਾਕਰਨ ਮੁਹਿੰਮ ਵਿੱਚ ਸਭ ਤੋਂ ਪਹਿਲਾਂ ਟੀਕਾ ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਬਲਜੀਤ ਸਿੰਘ ਨੇ ਲਵਾਇਆ। ਅੱਜ ਪਹਿਲੇ 10 ਡਾਕਟਰਾਂ ਤੇ ਸਿਹਤ ਕਰਮੀਆਂ ਨੂੰ ਟੀਕਾ ਲਵਾਉਣ ਤੋਂ ਲੈ ਕੇ ਉਨ੍ਹਾਂ ਦਾ ਅੱਧੇ ਘੰਟੇ ਦਾ ਨਿਰੀਖਣ ਸਮਾਂ ਪੂਰਾ ਹੋਣ ਤੱਕ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਉਨ੍ਹਾਂ ਦੇ ਨਾਲ ਰਹੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ।

ਇਸ ਮੌਕੇ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਹਨ ਅਤੇ ਹੁਣ ਵੈਕਸੀਨ ਆਉਣ ਨਾਲ ਸਭ ਤੋਂ ਪਹਿਲਾਂ ਲੋਕਾਂ ਦੀ ਸੰਭਾਲ 'ਚ ਲੱਗੇ ਡਾਕਟਰਾਂ ਤੇ ਸਿਹਤ ਕਰਮੀਆਂ ਨੂੰ ਇਸਦੀ ਪਹਿਲੀ ਡੋਜ਼ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ 'ਚ 7,660 ਡੋਜ਼ਾਂ ਪ੍ਰਰਾਪਤ ਹੋਈਆਂ ਹਨ ਅਤੇ ਅੱਜ ਤੋਂ ਸਥਾਨਕ ਸਿਵਲ ਹਸਪਤਾਲ ਤੋਂ ਇਲਾਵਾ ਸਿਵਲ ਹਸਪਤਾਲ ਧੂਰੀ ਅਤੇ ਮਲੇਰਕੋਟਲਾ ਵਿੱਚ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਪੂਰੇ ਜ਼ਿਲ੍ਹੇ 'ਚ 300 ਲੋਕਾਂ ਨੂੰ ਵੈਕਸੀਨ ਲਾਈ ਜਾਣੀ ਹੈ ਅਤੇ ਵੈਕਸੀਨ ਲਈ ਹੁਣ ਤੱਕ 7693 ਫਰੰਟ ਲਾਇਨ ਹੈਲਥ ਵਰਕਰਾਂ ਨੇ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਨ ਡਿਪੂਆਂ ਦੀ ਵੀ ਅਲਾਟਮੈਂਟ ਕੀਤੀ ਅਤੇ ਇਸ ਦੇ ਨਾਲ ਹੀ 56 ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਮਾਸਟਰ ਅਜੈਬ ਸਿੰਘ ਰਟੌਲਾਂ, ਚੇਅਰਮੈਨ ਡੀ.ਪੀ.ਸੀ. ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਗਾਬਾ, ਵਾਇਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਸਹਾਇਕ ਕਮਿਸ਼ਨਰ ਡਾ. ਕਰਮਜੀਤ ਸਿੰਘ, ਸਿਵਲ ਸਰਜਨ ਡਾ. ਅੰਜਨਾ ਗੁਪਤਾ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।