- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਡਜ਼ ਕੰਟਰੋਲ ਮੁਲਾਜ਼ਮਾਂ ਵੱਲੋਂ ਸੰਘਰਸ਼ ਦਾ ਐਲਾਨ

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ,
ਸੰਗਰੂਰ : ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 27 ਅਕਤੂਬਰ ਨੂੰ ਪੈਰਾ-ਮੈਡੀਕਲ ਕਮੇਟੀ ਦੀ ਸਿਹਤ ਮੰਤਰੀ ਪੰਜਾਬ ਨਾਲ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦਾ ਠੋਸ ਹੱਲ ਨਾ ਨਿਕਲਿਆ ਤਾਂ 1 ਨਵੰਬਰ ਤੋਂ ਰਿਪੋਰਟਾਂ ਭੇਜਣੀਆਂ ਬੰਦ ਕਰ ਦਿੱਤੀਆਂ ਜਾਣਗੀਆਂ ਅਤੇ 3 ਨਵੰਬਰ ਨੂੰ ਸੂਬੇ ਭਰ ਵਿੱਚ ਕੰਮਕਾਜ ਠੱਪ ਕਰਕੇ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ।
ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ, ਜਨਰਲ ਸਕੱਤਰ ਗੁਰਜੰਟ ਸਿੰਘ ਅਤੇ ਮੁੱਖ ਸਲਾਹਕਾਰ ਮਹਿੰਦਰ ਪਾਲ ਸਿੰਘ ਨੇ ਕਿਹਾ ਕਿ ਵਿਭਾਗ ਦੇ ਕਥਿਤ ਮੁਲਾਜ਼ਮ ਵਿਰੋਧੀ ਰਵੱਈਏ ਅਤੇ ਮੰਗਾਂ ਸਬੰਧੀ ਲਗਾਤਾਰ ਕੀਤੀ ਜਾ ਰਹੀ ਟਾਲਮਟੋਲ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਹੈ।
ਆਗੂਆਂ ਅਨੁਸਾਰ 1 ਨਵੰਬਰ ਤੋਂ ਪੰਜਾਬ ਭਰ ਦੇ ਏਡਜ਼ ਕੰਟਰੋਲ ਮੁਲਾਜ਼ਮ ਮਹੀਨਾਵਾਰ ਰਿਪੋਰਟਾਂ ਭੇਜਣੀਆਂ ਬੰਦ ਕਰਨ ਦੇ ਨਾਲ ਵਿਭਾਗੀ ਮੀਟਿੰਗਾਂ ਅਤੇ ਸਿਖਲਾਈ ਪ੍ਰੋਗਰਾਮਾਂ ਦਾ ਬਾਈਕਾਟ ਕਰਨਗੇ। ਇਸ ਤੋਂ ਬਾਅਦ 3 ਨਵੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਿਹਤ ਸੇਵਾਵਾਂ ਅਤੇ ਐੱਚਆਈਵੀ ਟੈਸਟਿੰਗ ਦੇ ਕੰਮ ਦਾ ਬਾਈਕਾਟ ਕੀਤਾ ਜਾਵੇਗਾ। ਇਸੇ ਦਿਨ ਸੂਬੇ ਭਰ ਦੇ ਮੁਲਾਜ਼ਮ ਚੰਡੀਗੜ੍ਹ ਦੇ ਸੈਕਟਰ-38 ਬੀ ਸਥਿਤ ਪ੍ਰਯਾਸ ਬਿਲਡਿੰਗ ਵਿੱਚ ਇਕੱਠੇ ਹੋ ਕੇ ਸੂਬਾ ਪੱਧਰੀ ਰੈਲੀ ਅਤੇ ਮਹਾ-ਧਰਨਾ ਦੇਣਗੇ।
ਐਸੋਸੀਏਸ਼ਨ ਦੀਆਂ ਮੁੱਖ ਮੰਗਾਂ ਵਿੱਚ ਲੰਮੇ ਸਮੇਂ ਤੋਂ ਲਟਕ ਰਹੇ 20 ਫ਼ੀਸਦੀ ਤਨਖ਼ਾਹ ਵਾਧੇ ਨੂੰ ਲਾਗੂ ਕਰਨਾ, ਤਨਖ਼ਾਹਾਂ ਦੀਆਂ ਵਿਸੰਗਤੀਆਂ ਦੂਰ ਕਰਨਾ, ਸਿਹਤ ਬੀਮਾ ਸਹੂਲਤ ਦੇਣਾ ਅਤੇ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ, ਆਗੂਆਂ ਨੇ ਜੁਆਇੰਟ ਡਾਇਰੈਕਟਰ ਡਾ. ਸੁਖਵਿੰਦਰ ਕੌਰ ਨੂੰ ਪੀਐੱਸਏਸੀਐੱਸ ਤੋਂ ਹਟਾ ਕੇ ਉਨ੍ਹਾਂ ਦੇ ਮੂਲ ਵਿਭਾਗ ਵਿੱਚ ਵਾਪਸ ਭੇਜਣ ਦੀ ਮੰਗ ਵੀ ਕੀਤੀ ਹੈ।
ਆਗੂਆਂ ਨੇ ਕਿਹਾ ਕਿ ਏਡਜ਼ ਕੰਟਰੋਲ ਕਰਮਚਾਰੀ ਨਸ਼ਿਆਂ ਅਤੇ ਐੱਚਆਈਵੀ ਵਿਰੁੱਧ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ, ਪਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ 27 ਅਕਤੂਬਰ ਦੀ ਮੀਟਿੰਗ ਬੇਸਿੱਟਾ ਰਹੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਏਡਜ਼ ਕੰਟਰੋਲ ਪ੍ਰੋਗਰਾਮ, ਓਐੱਸਟੀ ਕੇਂਦਰਾਂ ਅਤੇ ਟੈਸਟਿੰਗ ਸੇਵਾਵਾਂ ਵਿੱਚ ਪੈਣ ਵਾਲੇ ਵਿਘਨ ਦੀ ਜ਼ਿੰਮੇਵਾਰੀ ਸਰਕਾਰ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਦੀ ਹੋਵੇਗੀ।