- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਜਿਸਟ੍ਰੇਸ਼ਨ ਰੋਕਣ ਵਿਰੁੱਧ ਹਾਈ ਕੋਰਟ ਪੁੱਜਿਆ ਅਕਾਲੀ ਦਲ ਵਾਰਿਸ ਪੰਜਾਬ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਅਕਾਲੀ ਦਲ ਵਾਰਿਸ ਪੰਜਾਬ ਦੀ ਚੋਣ ਕਮਿਸ਼ਨ ਕੋਲ ਪੈਂਡਿੰਗ ਪਈ ਰਜਿਸਟਰੇਸ਼ਨ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪਾਰਟੀ ਵੱਲੋਂ ਰਜਿਸਟ੍ਰੇਸ਼ਨ ਲਈ ਚੋਣ ਕਮਿਸ਼ਨ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ, ਪਰ ਇਸ ਦੇ ਬਾਵਜੂਦ ਲੰਬੇ ਸਮੇਂ ਤੋਂ ਰਜਿਸਟਰੇਸ਼ਨ ਦੀ ਪ੍ਰਕਿਰਿਆ ਨੂੰ ਅੱਗੇ ਨਹੀਂ ਵਧਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਮਾਮਲਾ ਹੁਣ ਹਾਈ ਕੋਰਟ ਵਿੱਚ ਲਿਜਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੋਂ ਇਨਸਾਫ਼ ਦੀ ਪੂਰੀ ਉਮੀਦ ਹੈ।
ਇਯਾਲੀ ਨੇ ਕਿਹਾ ਕਿ ਰਜਿਸਟਰੇਸ਼ਨ ਦੀ ਪ੍ਰਕਿਰਿਆ ਅੰਤਿਮ ਪੜਾਅ ’ਤੇ ਪਹੁੰਚ ਚੁੱਕੀ ਸੀ ਅਤੇ ਅਗਲੇ ਪੜਾਅ ਵਿੱਚ ਪਾਰਟੀ ਦੀ ਪ੍ਰਕਾਸ਼ਨਾ ਤੇ ਚੋਣ ਨਿਸ਼ਾਨ ਅਲਾਟ ਹੋਣਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਜਾਣਬੁੱਝ ਕੇ ਰਜਿਸਟਰੇਸ਼ਨ ਵਿੱਚ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪਹਿਲਾਂ ਹੀ ਦੋ ਸੰਸਦ ਮੈਂਬਰ ਹਨ ਅਤੇ ਉਹ ਖੁਦ ਵਿਧਾਇਕ ਵਜੋਂ ਜਥੇਬੰਦੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਮੁਤਾਬਕ ਪਾਰਟੀ ਦੇ ਲੋਕਾਂ ਨਾਲ ਜੁੜਨ ਦਾ ਦਾਇਰਾ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਵਿਰੋਧੀ ਸਿਆਸੀ ਧਿਰਾਂ ਨੂੰ ਇਹ ਗੱਲ ਰਾਸ ਨਹੀਂ ਆ ਰਹੀ।
ਉਨ੍ਹਾਂ ਕਿਹਾ ਕਿ ਜਥੇਬੰਦੀ ਬਣਨ ਤੋਂ ਲੈ ਕੇ ਹੁਣ ਤੱਕ ਉਸ ਵੱਲੋਂ ਅਜਿਹੀ ਕੋਈ ਗਤੀਵਿਧੀ ਜਾਂ ਬਿਆਨ ਨਹੀਂ ਦਿੱਤਾ ਗਿਆ, ਜੋ ਸੰਵਿਧਾਨ ਦੇ ਦਾਇਰੇ ਤੋਂ ਬਾਹਰ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਚੋਣ ਕਮਿਸ਼ਨ ਵੱਲੋਂ ਰਜਿਸਟਰੇਸ਼ਨ ਨਾ ਕੀਤੀ ਗਈ ਤਾਂ ਵੀ ਪਾਰਟੀ ਚੋਣ ਮੈਦਾਨ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ, “ਚੋਣ ਤਾਂ ਅਸੀਂ ਲੜਨੀ ਹੀ ਲੜਨੀ ਹੈ। ਪਹਿਲਾਂ ਵੀ ਸਾਡੇ ਉਮੀਦਵਾਰ ਆਜ਼ਾਦ ਤੌਰ ’ਤੇ ਚੋਣਾਂ ਜਿੱਤ ਚੁੱਕੇ ਹਨ ਅਤੇ ਲੋੜ ਪਈ ਤਾਂ ਇਸ ਵਾਰ ਵੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਂਗੇ।”
ਕੇਂਦਰ ਸਰਕਾਰ ’ਤੇ ਵਰ੍ਹਦਿਆਂ ਇਯਾਲੀ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕਿਆਂ ਅਤੇ ਪਾਣੀਆਂ ਸਮੇਤ ਕਈ ਮੁੱਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਹਨ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਐੱਨਐੱਸਏ ਤਹਿਤ ਅਸਾਮ ਦੀ ਜੇਲ੍ਹ ਵਿੱਚ ਰੱਖੇ ਜਾਣ ਦਾ ਮੁੱਦਾ ਵੀ ਉਠਾਇਆ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦਾ ਉਦੇਸ਼ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖਾਂ ਤੋਂ ਇਲਾਵਾ ਹਿੰਦੂ, ਮੁਸਲਿਮ ਅਤੇ ਇਸਾਈ ਭਾਈਚਾਰੇ ਦੇ ਲੋਕ ਵੀ ਜਥੇਬੰਦੀ ਨਾਲ ਜੁੜ ਰਹੇ ਹਨ।
ਇਯਾਲੀ ਨੇ ਕਿਹਾ ਕਿ ਪਾਰਟੀ ਵੱਲੋਂ ਰਜਿਸਟਰੇਸ਼ਨ ਵਿੱਚ ਦੇਰੀ ਖ਼ਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਅੱਜ ਮਾਮਲੇ ਦੀ ਸੁਣਵਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਪਾਰਟੀ ਆਪਣੇ ਹੱਕ ਲਈ ਸੁਪਰੀਮ ਕੋਰਟ ਤੱਕ ਵੀ ਜਾਵੇਗੀ।