‘ਆਪ’ਸਰਕਾਰ ਦੀ ਕਾਰਗੁਜ਼ਾਰੀ ਲੋਕ ਨਿਰਾਸ਼ : ਰੰਧਾਵਾ 2027 ਦੀਆਂ ਚੋਣਾਂ ਵਿੱਚ ਅਕਾਲੀ ਦਲ ਬਣਾਏਗਾ ਸਰਕਾਰ: ਰੰਧਾਵਾ
Publish Date: Sat, 24 Oct 2026 04:03 PM (IST)
Updated Date: Sat, 24 Oct 2026 04:04 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮਾਲੇਰਕੋਟਲਾ/ਸ਼ੇਰਪੁਰ ਛ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧੂਰੀ ਤੋਂ ਇੰਚਾਰਜ ਰਣਜੀਤ ਸਿੰਘ ਰੰਧਾਵਾ ਨੇ ਪਿੰਡ ਈਸ਼ਾਪੁਰ ਲੰਡਾ ਵਿਖੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕਰਦਿਆਂ ਦਾਅਵਾ ਕੀਤਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਸੂਬੇ ਵਿੱਚ ਮੁੜ ਬਦਲਾਅ ਲਿਆਉਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਕਜੁੱਟ ਹੋ ਰਹੇ ਹਨ। ਰੰਧਾਵਾ ਨੇ ਦੋਸ਼ ਲਾਇਆ ਕਿ ਬਦਲਾਅ ਦੇ ਨਾਅਰੇ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੁੰਡਾਗਰਦੀ, ਕਤਲ, ਫਿਰੌਤੀਆਂ ਅਤੇ ਨਸ਼ਿਆਂ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਜਿਸ ਕਾਰਨ ਮਾਪਿਆਂ ਵਿੱਚ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਏ। ਅਕਾਲੀ ਆਗੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਵੱਖ-ਵੱਖ ਵਰਗਾਂ ਦੀ ਭਲਾਈ ਅਤੇ ਪੰਜਾਬ ਦੇ ਵਿਕਾਸ ਲਈ ਕਈ ਕਦਮ ਚੁੱਕੇ ਗਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਮੇਂ ਵਿੱਚ ਸੂਬੇ ਦੀ ਕਾਨੂੰਨ ਵਿਵਸਥਾ ਡਾਵਾਂਡੋਲ ਹੋਣ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਹੱਕਾਂ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਰਕਰਾਂ ਨੂੰ ਲਾਮਬੰਦ ਕਰਕੇ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਈਆਂ ਜਾਣਗੀਆਂ। ਰੰਧਾਵਾ ਨੇ ਭਰੋਸਾ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਦੇ ਸਹਿਯੋਗ ਨਾਲ ਅਕਾਲੀ ਦਲ ਮੁੜ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਵੇਗਾ। ਇਸ ਮੌਕੇ ਯੂਥ ਆਗੂ ਗੁਰਜੀਤ ਸਿੰਘ ਈਸ਼ਾਪੁਰ ਲੰਡਾ ਹਾਜ਼ਰ ਸਨ।