- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਨ ਅਰੋੜਾ ਨੇ ਚੀਮਾ ’ਚ ਨਹਿਰੀ ਜਲ ਸਪਲਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ,
ਚੀਮਾ ਮੰਡੀ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੀਮਾ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਅਧੀਨ 15.95 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਨਹਿਰੀ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਵਾਟਰ ਵਰਕਸ ਕੰਪਲੈਕਸ ਵਿਖੇ ਰਿਬਨ ਕੱਟ ਕੇ ਅਤੇ ਕੰਟਰੋਲ ਪੈਨਲ ਦਾ ਸਵਿੱਚ ਦਬਾ ਕੇ ਇਹ ਪ੍ਰੋਜੈਕਟ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚੀਮਾ ਦਾ ਇਹ ਪ੍ਰੋਜੈਕਟ ਲੋਕਾਂ ਦੀ ਬੁਨਿਆਦੀ ਲੋੜ ਪੂਰੀ ਕਰਨ ਦੇ ਨਾਲ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਵੱਲ ਵੀ ਅਹਿਮ ਕਦਮ ਹੈ।
ਉਨ੍ਹਾਂ ਦੱਸਿਆ ਕਿ ਹਲਕੇ ਦੇ ਤਿੰਨ ਸ਼ਹਿਰਾਂ ਸੁਨਾਮ, ਚੀਮਾ ਅਤੇ ਲੌਂਗੋਵਾਲ ਵਿੱਚ ਲੋਕਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਨਾਲ ਜੋੜਨ ਲਈ ਪ੍ਰੋਜੈਕਟ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਚੀਮਾ ਵਿਖੇ ਪ੍ਰੋਜੈਕਟ ਦਾ ਉਦਘਾਟਨ ਹੋਣ ਨਾਲ ਇਸ ਦਿਸ਼ਾ ਵਿੱਚ ਇੱਕ ਅਹਿਮ ਪੜਾਅ ਪੂਰਾ ਹੋਇਆ ਹੈ। ਨਹਿਰੀ ਪਾਣੀ ਨੂੰ ਸੋਧ ਕੇ ਜਲ ਸਪਲਾਈ ਪ੍ਰਣਾਲੀ ਰਾਹੀਂ ਲੋਕਾਂ ਤੱਕ ਪਹੁੰਚਾਉਣਾ ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਹੈ।
ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ’ਤੇ ਚਿੰਤਾ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕੇ ਵਿੱਚ ਜਲ ਸਰੋਤਾਂ ’ਤੇ ਵਧਦਾ ਦਬਾਅ ਗੰਭੀਰ ਚੁਣੌਤੀ ਹੈ। ਵਧਦੀ ਆਬਾਦੀ ਅਤੇ ਪਾਣੀ ਦੀਆਂ ਵਧਦੀਆਂ ਲੋੜਾਂ ਦੇ ਮੱਦੇਨਜ਼ਰ ਕੇਵਲ ਧਰਤੀ ਹੇਠਲੇ ਪਾਣੀ ’ਤੇ ਨਿਰਭਰ ਰਹਿਣ ਦੀ ਬਜਾਏ ਨਹਿਰੀ ਪਾਣੀ ਵਰਗੇ ਬਦਲਵੇਂ ਸਰੋਤਾਂ ਦੀ ਸੁਚੱਜੀ ਵਰਤੋਂ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੀਣ ਵਾਲੇ ਪਾਣੀ ਦੀਆਂ ਲੋੜਾਂ ਪੂਰੀਆਂ ਕਰਨ ਦੇ ਨਾਲ ਜਲ ਸਰੋਤਾਂ ਦੀ ਸੰਭਾਲ ਨੂੰ ਵੀ ਤਰਜੀਹ ਦੇ ਰਹੀ ਹੈ।
ਨਹਿਰੀ ਜਲ ਸਪਲਾਈ ਪ੍ਰੋਜੈਕਟ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਦੀ ਸੰਭਾਲ ਵਿੱਚ ਵੀ ਯੋਗਦਾਨ ਪਾਉਣਗੇ। ਉਨ੍ਹਾਂ ਲੋਕਾਂ ਨੂੰ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਅਤੇ ਇਸ ਦੀ ਬੇਲੋੜੀ ਬਰਬਾਦੀ ਰੋਕਣ ਦੀ ਅਪੀਲ ਕਰਦਿਆਂ ਕਿਹਾ ਕਿ ਜਲ ਸੰਭਾਲ ’ਚ ਹਰੇਕ ਨਾਗਰਿਕ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਸ ਮੌਕੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ, ਸਥਾਨਕ ਨਗਰ ਕੌਂਸਲ ਦੇ ਪ੍ਰਤੀਨਿਧ, ਆਮ ਆਦਮੀ ਪਾਰਟੀ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।