- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਿਤ ਸ਼ਾਹ ਦੇ ਦੌਰੇ ਨਾਲ ਪੰਜਾਬ ਦੀ ਸਿਆਸਤ ’ਚ ਨਵੀ ਊਰਜਾ ਆਵੇਗੀ:ਸ਼ਰਮਾ

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ
ਸੰਗਰੂਰ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਪਾਰਟੀ ਵਰਕਰਾਂ ਨਾਲ 14 ਮਾਰਚ ਨੂੰ ਮੋਗਾ ਦੇ ਕਿਲੀ ਚਹਿਲਾਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਸਬੰਧੀ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਅਮਿਤ ਸ਼ਾਹ ਦੇ ਦੌਰੇ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਨਵੀਂ ਉਰਜਾ ਆਵੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਮੁੱਦਿਆਂ ਨਾਲ ਜੂਝ ਰਿਹਾ ਹੈ, ਪਰ ਮੌਜੂਦਾ ਰਾਜ ਸਰਕਾਰ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਲਗਾਤਾਰ ਵਧ ਰਹੀ ਹੈ ਅਤੇ ਭ੍ਰਿਸ਼ਟਾਚਾਰ ’ਤੇ ਵੀ ਲਗਾਮ ਨਹੀਂ ਲੱਗ ਰਹੀ। ਕਿਸਾਨ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਪਰ ਰਾਜ ਸਰਕਾਰ ਇਨ੍ਹਾਂ ਮਸਲਿਆਂ ’ਤੇ ਠੋਸ ਕਦਮ ਚੁੱਕਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਬਾਹਰ ਕੱਢਣ ਲਈ ਭਾਜਪਾ ਦੀ ਸਰਕਾਰ, ਮਤਲਬ ਡਬਲ ਇੰਜਣ ਦੀ ਸਰਕਾਰ ਦੀ ਲੋੜ ਹੈ।
ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਭਾਜਪਾ ਸੂਬੇ ਦੀਆਂ 117 ਸੀਟਾਂ ’ਤੇ ਜ਼ੋਰ ਸ਼ੋਰ ਨਾਲ ਤਿਆਰੀ ਕਰ ਰਹੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਲੋਕਾਂ ਦੇ ਸਹਿਯੋਗ ਨਾਲ ਸਰਕਾਰ ਬਣਾਏਗੀ। ਕਿਸੇ ਹੋਰ ਪਾਰਟੀ ਨਾਲ ਗਠਜੋੜ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਭਾਜਪਾ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਹਰ ਪੱਧਰ ’ਤੇ ਮਜ਼ਬੂਤ ਹੈ ਅਤੇ ਇਕੱਲੇ ਹੀ ਮੈਦਾਨ ਫਤਿਹ ਕਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਜਨਤਾ ਹੁਣ ਬਦਲਾਅ ਚਾਹੁੰਦੀ ਹੈ ਅਤੇ ਕੇਂਦਰ ਸਰਕਾਰ ਤੋਂ ਉਮੀਦਾਂ ਜੋੜ ਕੇ ਬੈਠੀ ਹੈ। ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੀ ਜਨਤਾ ਨੂੰ ਸੰਬੋਧਨ ਕਰਨਗੇ ਅਤੇ ਸੂਬੇ ਦੇ ਵਿਕਾਸ, ਕਿਸਾਨਾਂ ਦੇ ਹਿੱਤਾਂ, ਨਸ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦਿਆਂ ’ਤੇ ਵੱਡੇ ਐਲਾਨ ਕਰ ਸਕਦੇ ਹਨ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਰੈਲੀ ਨੂੰ ਕਾਮਯਾਬ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਲੋਕ ਮੋਗਾ ਪਹੁੰਚਣ। ਅਸ਼ਵਨੀ ਸ਼ਰਮਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਹਾਲੇ ਤਕ ਕੋਈ ਵੀ ਮੁੱਖ ਵਾਅਦਾ ਜ਼ਮੀਨੀ ਪੱਧਰ ’ਤੇ ਪੂਰਾ ਨਹੀਂ ਹੋਇਆ। ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਸਰਕਾਰ ਵੱਲੋਂ ਮਹਿਲਾਵਾਂ ਲਈ ਸਤਕਾਰ ਯੋਜਨਾ ਤਹਿਤ ਰਕਮ ਦੇਣ ਦਾ ਕੇਵਲ ਐਲਾਨ ਕੀਤਾ ਗਿਆ ਹੈ, ਜਦਕਿ ਸਰਕਾਰ ਨੂੰ ਚਾਹੀਦਾ ਸੀ ਕਿ 48-48 ਹਜ਼ਾਰ ਰੁਪਏ ਔਰਤਾਂ ਦੇ ਖਾਤਿਆਂ ਵਿੱਚ ਪਾਏ ਜਾਂਦੇ। ਸੁਖਪਾਲ ਖਹਿਰਾ ਨੂੰ ਰਾਜ ਮਹਿਲਾ ਕਮਿਸ਼ਨ ਵੱਲੋਂ ਤਲਬ ਕਰਨ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਵੀ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਦਿਨ ਕਾਲਜ ਦੇ ਨੌਜਵਾਨ ਵਿਦਿਆਰਥੀਆਂ ਸਾਹਮਣੇ ਆਪਣੇ ਕਾਲਜ ਦੇ ਕਿੱਸੇ ਸੁਣਾ ਕੇ ਮਹਿਲਾ ਵਰਗ ਬਾਰੇ ਟਿੱਪਣੀ ਕੀਤੀ ਸੀ। ਕਮਿਸ਼ਨ ਨੂੰ ਉਨ੍ਹਾਂ ਨੂੰ ਵੀ ਤਲਬ ਕਰਕੇ ਮਾਫ਼ੀ ਮੰਗਵਾਉਣੀ ਚਾਹੀਦੀ ਹੈ। ਇਸ ਮੌਕੇ ਭਾਜਪਾ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸਰਜੀਵਨ ਜਿੰਦਲ, ਜਤਿੰਦਰ ਕਾਲੜਾ, ਅਮਨਦੀਪ ਸਿੰਘ ਪੁਨੀਆ, ਜਨਰਲ ਸਕੱਤਰ ਪ੍ਰਦੀਪ ਗਰਗ, ਜੋਗੀ ਰਾਮ ਸਾਹਨੀ, ਰਣਦੀਪ ਸਿੰਘ ਦਿਓਲ, ਵਕੀਲ ਅਤੁਲ ਜਿੰਦਲ ਆਦਿ ਵੀ ਮੌਜੂਦ ਸਨ।